ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਏ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਵੱਲੋਂ ਜ਼ਿਲ੍ਹਾ ਫ਼ਰੀਦਕੋਟ ਦੇ ਨੀਟ ਅਤੇ ਜੇ.ਈ.ਈ. ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਦੇ ਨਾਲ-ਨਾਲ ਆਰਟੀਫ਼ੀਸ਼ਲ ਇੰਟੈਲੀਜੈਂਸ ਵਿਸ਼ੇ ਵਿੱਚ ਵਿਸ਼ੇਸ਼ ਸਿਖਲਾਈ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਨੀਟ ਪ੍ਰੀਖਿਆ ਵਿੱਚ ਸਫ਼ਲਤਾ ਹਾਸਲ ਕਰਨ ਵਾਲੇ ਵਿਦਿਆਰਥੀਆਂ ਸਨੇਹਾ, ਦੀਆ ਸ਼ਰਮਾ, ਦਿਕਸ਼ਾ ਰਾਣੀ, ਹਰਨੂਰ ਕੌਰ, ਹਰਮਨ ਸ਼ਰਮਾ, ਕੀਮਲਪਾਲ ਸਿੰਘ, ਹਰਲੀਨ ਕੌਰ ਅਤੇ ਕਾਜਲ ਨੂੰ ਪ੍ਰਸ਼ੰਸ਼ਾ ਪੱਤਰ ਦੇ ਕੇ ਸਨਮਾਨਿਤ ਕੀਤਾ।
ਇਸ ਤੋਂ ਇਲਾਵਾ ਜੇ.ਈ.ਈ. ਪ੍ਰੀਖਿਆ ਵਿੱਚ ਸਫ਼ਲਤਾ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਤੀਰਥ ਕੁਮਾਰ ਦਾ ਵੀ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਕਿਹਾ ਕਿ ਵਿਦਿਆਰਥੀਆਂ ਦੀਆਂ ਇਹ ਪ੍ਰਾਪਤੀਆਂ ਪੂਰੇ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹਨ ਅਤੇ ਹੋਰ ਨੌਜਵਾਨਾਂ ਲਈ ਵੀ ਪ੍ਰੇਰਣਾਦਾਇਕ ਹਨ।
ਉਨ੍ਹਾਂ ਕਿਹਾ ਕਿ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਲਗਨ ਨਾਲ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਵਿਦਿਆਰਥੀਆਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵੀ ਵਧਾਈ ਦਿੱਤੀ, ਜਿਨ੍ਹਾਂ ਦੀ ਰਹਿਨੁਮਾਈ ਅਤੇ ਸਹਿਯੋਗ ਨਾਲ ਇਹ ਸਫ਼ਲਤਾਵਾਂ ਸੰਭਵ ਹੋਈਆਂ। ਇਸ ਦੌਰਾਨ ਕਰਨਾਟਕ ਅਤੇ ਦਿੱਲੀ ਤੋਂ ਆਰਟੀਫ਼ੀਸ਼ਲ ਇੰਟੈਲੀਜੈਂਸ ਵਿਸ਼ੇ ਦੀ ਵਿਸ਼ੇਸ਼ ਸਿਖਲਾਈ ਪ੍ਰਾਪਤ ਕਰਕੇ ਪਰਤੇ ਜ਼ਿਲ੍ਹੇ ਦੇ ਪੰਜ ਅਧਿਆਪਕਾਂ ਸ. ਕੁਲਦੀਪ ਸਿੰਘ, ਸ. ਸ਼ਰਨਜੀਤ ਸਿੰਘ, ਸ੍ਰੀਮਤੀ ਦੀਪਤੀ ਗਰਗ, ਗੁਰਪ੍ਰੀਤ ਕੌਰ ਅਤੇ ਅਮਿਤਾ ਚਾਵਲਾ ਨੂੰ ਵੀ ਡਿਪਟੀ ਕਮਿਸ਼ਨਰ ਵੱਲੋਂ ਸਨਮਾਨਿਤ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਆਧੁਨਿਕ ਤਕਨਾਲੋਜੀ ਅਤੇ ਆਰਟੀਫ਼ੀਸ਼ਲ ਇੰਟੈਲੀਜੈਂਸ ਦੀ ਜਾਣਕਾਰੀ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ ਅਤੇ ਸਿਖਲਾਈ ਪ੍ਰਾਪਤ ਅਧਿਆਪਕ ਇਸ ਦਿਸ਼ਾ ਵਿੱਚ ਮਹੱਤਵਪੂਰਨ ਯੋਗਦਾਨ ਪਾਉਣਗੇ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਅੰਜਨਾ ਕੌਂਸਲ, ਪ੍ਰਿੰਸੀਪਲ ਰਾਜੇਸ਼ ਕੁਮਾਰ, ਪ੍ਰਿੰਸੀਪਲ ਪ੍ਰਭਜੋਤ ਸਿੰਘ, ਪ੍ਰਿੰਸੀਪਲ ਦੀਪਕ ਸਿੰਘ, ਪ੍ਰਿੰਸੀਪਲ ਦਰਸ਼ਨ ਸਿੰਘ, ਲੈਕਚਰਾਰ ਸ਼ੈਲੀ ਜੈਨ, ਜ਼ਿਲ੍ਹਾ ਗਾਈਡੈਂਸ ਕੌਂਸਲਰ ਜਸਬੀਰ ਸਿੰਘ ਜੱਸੀ, ਸਲਵਿੰਦਰ ਸਿੰਘ, ਪ੍ਰਾਪਤੀਆਂ ਵਾਲੇ ਵਿਦਿਆਰਥੀਆਂ ਦੇ ਸਕੂਲਾਂ ਦੇ ਅਧਿਆਪਕ, ਲੈਕਚਰਾਰ, ਮਾਪੇ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।