ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅੱਜ ਜ਼ਿਲ੍ਹਾ ਬਾਰ ਐਸੋਸੀਏਸ਼ਨ, ਫ਼ਰੀਦਕੋਟ ਵੱਲੋਂ “ਲੀਗਲ ਏਡ ਡਿਫੈਂਸ ਕਾਊਂਸਲ ਸਕੀਮ” ਦੇ ਵਿਰੋਧ ਵਿੱਚ ਸ਼ੁਰੂ ਕੀਤੀ ਗਈ ਦਸਤਖ਼ਤ ਮੁਹਿੰਮ ਵਿੱਚ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਨੇ ਆਪਣੇ ਦਸਤਖ਼ਤ ਕਰਕੇ ਵਕੀਲ ਭਾਈਚਾਰੇ ਦੀਆਂ ਮੰਗਾਂ ਦਾ ਸਮਰਥਨ ਕੀਤਾ ਅਤੇ ਉਨ੍ਹਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਵਕੀਲ ਸਾਹਿਬਾਨ ਨੂੰ ਸੰਬੋਧਨ ਕਰਦਿਆਂ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਵਕੀਲ ਭਾਈਚਾਰਾ ਇਨਸਾਫ਼ ਦੀ ਰਾਖੀ ਲਈ ਸਮਾਜ ਦਾ ਇੱਕ ਅਹਿਮ ਥੰਮ੍ਹ ਹੈ ਅਤੇ ਆਮ ਲੋਕਾਂ ਨੂੰ ਨਿਆਂ ਦਿਵਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਕੋਈ ਵੀ ਨੀਤੀ, ਜਿਸ ਨਾਲ ਵਕੀਲਾਂ ਦਾ ਵੱਡਾ ਵਰਗ ਪ੍ਰਭਾਵਿਤ ਹੁੰਦਾ ਹੋਵੇ, ਉਸ ਸਬੰਧੀ ਗੰਭੀਰਤਾ ਨਾਲ ਮੁੜ ਵਿਚਾਰ ਕੀਤਾ ਜਾਣਾ ਚਾਹੀਦਾ ਹੈ।
ਸਪੀਕਰ ਸ. ਸੰਧਵਾਂ ਨੇ ਵਕੀਲ ਭਾਈਚਾਰੇ ਦੀਆਂ ਵਾਜਬ ਮੰਗਾਂ ਅਤੇ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਦਿਆਂ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਵੱਲੋਂ ਦਿੱਤੇ ਜਾਣ ਵਾਲੇ ਮੰਗ-ਪੱਤਰ ਨੂੰ ਪੰਜਾਬ ਸਰਕਾਰ ਅਤੇ ਸਬੰਧਤ ਅਥਾਰਟੀ ਦੇ ਧਿਆਨ ਵਿੱਚ ਲਿਆਉਣਗੇ। ਉਨ੍ਹਾਂ ਕਿਹਾ ਕਿ ਵਕੀਲਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਉਹ ਹਰ ਸੰਭਵ ਯਤਨ ਕਰਨਗੇ ਅਤੇ ਲੋੜ ਪੈਣ ਤੇ ਮਾਣਯੋਗ ਚੀਫ਼ ਜਸਟਿਸ ਸਾਹਿਬ ਨਾਲ ਮੁਲਾਕਾਤ ਲਈ ਵੀ ਯਤਨ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਫ਼ੈਸਲਿਆਂ ਦਾ ਸਤਿਕਾਰ ਕਰਨਾ ਹਰ ਇੱਕ ਦਾ ਫ਼ਰਜ਼ ਹੈ, ਪਰ ਜੇਕਰ ਕਿਸੇ ਨੀਤੀ ਦੇ ਲਾਗੂ ਹੋਣ ਨਾਲ ਕਿਸੇ ਵਰਗ ਦੇ ਹਿੱਤ ਪ੍ਰਭਾਵਿਤ ਹੁੰਦੇ ਹਨ ਤਾਂ ਲੋਕਤੰਤਰੀ ਢੰਗ ਨਾਲ ਆਪਣਾ ਪੱਖ ਰੱਖਣਾ ਅਤੇ ਸੋਧਾਂ ਦੀ ਮੰਗ ਕਰਨਾ ਵੀ ਹਰ ਨਾਗਰਿਕ ਦਾ ਅਧਿਕਾਰ ਹੈ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਉਹ ਵਕੀਲ ਭਾਈਚਾਰੇ ਦੇ ਹੱਕਾਂ ਅਤੇ ਹਿੱਤਾਂ ਦੀ ਰਾਖੀ ਲਈ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੇ ਹਨ ਅਤੇ ਉਨ੍ਹਾਂ ਦੀ ਆਵਾਜ਼ ਨੂੰ ਹਰ ਢੁੱਕਵੇਂ ਮੰਚ ਤੱਕ ਪਹੁੰਚਾਉਣ ਲਈ ਵਚਨਬੱਧ ਹਨ।