ਸਕੂਲਾਂ ਵਿੱਚ ਬੱਚਿਆਂ ਨੂੰ ਰੋਜ਼ਾਨਾ ਟਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਜਾਗਰੂਕ ਕੀਤਾ ਜਾਵੇ ਇਸ ਤੋਂ ਇਲਾਵਾ ਸਮਾਜਿਕ ਬੁਰਾਈਆਂ ਅਤੇ ਨਸ਼ਿਆਂ ਵਿਰੁੱਧ ਵੀ ਚੇਤਨਾ ਪੈਦਾ ਕੀਤੀ ਜਾਵੇ। ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਸੇਫ ਸਕੂਲ ਵਾਹਨ ਸਬੰਧੀ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਦਿੱਤੇ ਹੁਕਮਾਂ ਦੀ ਇੰਨਬਿੰਨ ਪਾਲਣਾ ਕਰਨ ਨੂੰ ਯਕੀਨੀ ਬਣਾਉਣ ਲਈ ਤਹਿਸੀਲ ਮੋਹਾਲੀ ਵਿੱਚ ਪੈਂਦੇ ਸੀ.ਬੀ.ਐਸ.ਈ ਅਤੇ ਆਈ.ਸੀ.ਐਸ ਸਕੂਲਾਂ ਦੇ ਮੁੱਖੀਆਂ ਦੀ ਸੈਂਟ ਸੋਲਜ਼ਰ ਇੰਟਰਨੈਸ਼ਨਲ ਕੰਨਵੈਂਨਟ ਫੇਜ਼-7 ਵਿਖੇ ਸੱਦੀ ਗਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਐਸ.ਡੀ.ਐਮ ਮੋਹਾਲੀ ਸ੍ਰੀ ਲਖਮੀਰ ਸਿੰਘ ਨੇ ਕੀਤਾ। ਐਸ.ਡੀ.ਐਮ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਜੇਕਰ ਅਸੀਂ ਬੱਚਿਆਂ ਨੂੰ ਮੁੰਢ ਤੋਂ ਹੀ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਾਂਗੇ ਤਾਂ ਉਹ ਜਿੰਦਗੀ ਭਰ ਇਨ੍ਹਾਂ ਨਿਯਮਾਂ ਨੂੰ ਅਪਣਾਕੇ ਸੜਕੀ ਦੁਰਘਟਨਾਵਾਂ ਤੋਂ ਆਪਣੇ ਆਪ ਨੂੰ ਸੁਰੱਖਿਅਤ ਰੱਖ ਸਕਣਗੇ। ਉਨ੍ਹਾਂ ਜੋਰ ਦੇ ਕੇ ਆਖਿਆ ਕਿ ਹਰੇਕ ਸਕੂਲ ਦੇ ਪ੍ਰਿੰਸੀਪਲ ਦੀ ਮੁੱਢਲੀ ਜਿੰਮੇਵਾਰੀ ਬਣਦੀ ਹੈ ਕਿ ਉਹ ਸਕੂਲ ਅਧਿਆਪਕਾਂ ਨੂੰ ਹਦਾਇਤਾਂ ਕਰਨ ਕਿ ਬੱਚਿਆਂ ਨੂੰ ਸਕੂਲ ਵਿੱਚ ਰੋਜ਼ਾਨਾ ਪਹਿਲੇ ਪੀਰੀਅਡ ਦੌਰਾਨ ਹੀ 10 ਮਿੰਟ ਟਰੈਫਿਕ ਨਿਯਮਾਂ ਦੀ ਜਾਣਕਾਰੀ ਅਤੇ ਸਮਾਜਿਕ ਬੁਰਾਈਆਂ ਤੇ ਨਸ਼ਿਆਂ ਪ੍ਰਤੀ ਚੇਤਨਾ ਪੈਦਾ ਕਰਨ ਤੇ ਲਗਾਉਣ।
ਉਨ੍ਹਾਂ ਸਕੂਲ ਮੁੱਖੀਆਂ ਨੂੰ ਸੇਫ ਸਕੂਲ ਵਾਹਨ ਸਕੀਮ ਨੂੰ ਅਪਣਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ। ਇਸ ਮੌਕੇ ਸਕੂਲ ਮੁਖੀਆਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ੍ਰ: ਮੇਵਾ ਸਿੰਘ ਸਿੱਧੂ ਨੇ ਬੱਚਿਆਂ ਨੂੰ ਸੁਰੱਖਿਅਤ ਬੱਸ ਸੇਵਾ ਪ੍ਰਦਾਨ ਕਰਨ ਦੀ ਜੋਰਦਾਰ ਵਕਾਲਤ ਕਰਦਿਆਂ ਕਿਹਾ ਕਿ ਜਿਹੜੇ ਸਕੂਲ ਪ੍ਰਬੰਧਕ ਸੇਫ ਸਕੂਲ ਵਾਹਨ ਸਕੀਮ ਨੂੰ ਆਪੋ ਆਪਣੇ ਸਕੂਲਾਂ ਵਿੱਚ ਮੁਕੰਮਲ ਤੌਰ ਤੇ ਲਾਗੂ ਨਹੀਂ ਕਰਨਗੇ। ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ਮੁਤਾਬਿਕ ਸੇਫ ਸਕੂਲ ਵਾਹਨ ਸਕੀਮ ਨੂੰ ਇੰਨ ਬਿੰਨ ਲਾਗੂ ਕੀਤਾ ਜਾਵੇ ਤਾਂ ਜੋ ਸਕੂਲੀ ਬੱਚਿਆਂ ਨਾਲ ਕੋਈ ਵੀ ਅਣਸੁਖਾਵੀ ਘਟਨਾ ਨਾ ਵਾਪਰੇ। ਸ੍ਰੀ ਸਿੱਧੂ ਨੇ ਦੱਸਿਆ ਕਿ ਜਲਦੀ ਹੀ ਡੇਰਾਬੱਸੀ ਅਤੇ ਖਰੜ ਵਿਖੇ ਸੀ.ਬੀ.ਐਸ.ਈ ਅਤੇ ਆਈ.ਸੀ.ਐਸ ਨਾਲ ਐਫਲੀਏਟਿਡ ਸਕੂਲਾਂ ਦੇ ਮੁੱਖੀਆਂ ਨੂੰ ਵੀ ਸੇਫ ਸਕੂਲ ਵਾਹਨ ਸਕੀਮ ਨੂੰ ਪੂਰਨ ਤੌਰ ਤੇ ਲਾਗੂ ਕਰਨ ਸਬੰਧੀ ਮੀਟਿੰਗ ਆਯੋਜਿਤ ਕੀਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਟਰੀ) ਡਾ. ਗੁਰਜੀਤ ਸਿੰਘ ਨੇ ਵੀ ਸਕੂਲ ਮੁੱਖੀਆਂ ਨੂੰ ਸੇਫ ਸਕੂਲ ਵਾਹਨ ਸਕੀਮ ਦੀ ਜਾਣਕਾਰੀ ਦਿੰਦਿਆ ਇਸ ਨੂੰ ਅਮਲੀ ਜਾਮਾ ਪਹਿਨਾਉਣ ਤੇ ਜੋਰ ਦਿੱਤਾ। ਮੀਟਿੰਗ ਵਿੱਚ 300 ਸਕੂਲਾਂ ਦੇ ਮੁੱਖੀਆਂ ਨੇ ਹਿੱਸਾ ਲਿਆ। ਇਸ ਤੋਂ ਉਪਰੰਤ ਐਸ.ਡੀ.ਐਮ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਸੈਂਟ ਸੋਲਜ਼ਰ ਇੰਟਰਨੈਸ਼ਨਲ ਕੰਨਵੈਂਨਟ ਸਕੂਲ ਫੇਜ਼-7 ਦੀਆਂ ਬੱਸਾਂ ਦੇ ਡਰਾਈਵਰਾਂ ਦੇ ਲਾਈਸੈਂਸ ਅਤੇ ਬੱਸਾਂ ਦੀ ਚੈਕਿੰਗ ਵੀ ਕੀਤੀ।