ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੂੰ ਭਰੋਸਾ ਦਿਵਾਇਆ ਹੈ ਕਿ ਭਾਰਤ ਸਰਕਾਰ ਸੂਬੇ ਦੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਹੋਰ ਹੁਲਾਰਾ ਦੇਣ ਤੋਂ ਇਲਾਵਾ ਸੂਬੇ ਦੇ ਹਰੇਕ ਮਸਲੇ ਨੂੰ ਹੱਲ ਕਰਨ ਲਈ ਹਰ ਸੰਭਵ ਕਦਮ ਚੁੱਕੇਗੀ। ਅੱਜ ਇੱਥੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਦੇ ਸ਼ਹੀਦੀ ਦਿਵਸ ਮੌਕੇ ਇਕ ਕੌਮੀ ਪੱਧਰੀ ਸਮਾਰੋਹ ਦੌਰਾਨ ਇਕ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਪੰਜਾਬ ਨਾਲ ਆਪਣੇ ਖੂਨ ਦੇ ਰਿਸ਼ਤੇ ਦਾ ਜ਼ਿਕਰ ਕਰਦਿਆਂ ਆਖਿਆ ਕਿ ਸੂਬੇ ਦੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣ ਵਾਸਤੇ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਲਈ ਹਰ ਕੋਸ਼ਿਸ਼ ਕੀਤੀ ਜਾਵੇਗੀ। ਸ੍ਰੀ ਮੋਦੀ ਨੇ ਕਿਹਾ ਕਿ ਉਹ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨਾਲ ਵਿਚਾਰ-ਵਟਾਂਦਰੇ ਰਾਹੀਂ ਉਨ੍ਹਾਂ ਵੱਲੋਂ ਉਠਾਏ ਗਏ ਮੁੱਦਿਆਂ ਦੇ ਹੱਲ ਲਈ ਰਣਨੀਤੀ ਤਿਆਰ ਕਰਨਗੇ। ਉਨ੍ਹਾਂ ਕਿਹਾ ਕਿ ਉਹ ਸੂਬੇ ਵਿੱਚ ਆਪਣੇ ਦੋ ਦਹਾਕੇ ਦੇ ਠਹਿਰਾਅ ਦੌਰਾਨ ਹਾਸਲ ਹੋਏ ਸਿਆਸੀ ਤੇ ਸਮਾਜਿਕ ਤਜਰਬੇ ਲਈ ਪੰਜਾਬ ਵਾਸੀਆਂ ਦੇ ਰਿਣੀ ਹਨ। ਸ. ਬਾਦਲ ਨੂੰ ਦੇਸ਼ ਦਾ ਸਭ ਤੋਂ ਪ੍ਰੋੜ ਸਿਆਸਤਦਾਨ ਦੱਸਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਸੂਬੇ ਵਿੱਚ ਠਹਿਰਣ ਮੌਕੇ ਦੇਸ਼ ਦੇ ਸਭ ਤੋਂ ਦੂਰ-ਅੰਦੇਸ਼ੀ ਵਾਲੇ ਸਿਆਸਤਦਾਨ ਸ. ਪਰਕਾਸ਼ ਸਿੰਘ ਬਾਦਲ ਦੀ ਉਂਗਲ ਫੜ ਕੇ ਹਾਸਲ ਕੀਤੀ ਸਿਆਸੀ ਮੁਹਾਰਤ ਲਈ ਮਾਣ ਮਹਿਸੂਸ ਕਰਦੇ ਹਨ।
ਸੂਬੇ ਵਿੱਚ ਵੱਖ-ਵੱਖ ਰਿਆਇਤਾਂ ਦਾ ਐਲਾਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਦੀ ਅਗਲੀ ਪੰਜ ਸਾਲਾਂ ਯੋਜਨਾ ਲਈ ਸੂਬੇ ਨੂੰ 54 ਹਜ਼ਾਰ ਕਰੋੜ ਰੁਪਏ ਮਿਲਣਗੇ ਜਦਕਿ ਪਿਛਲੀ ਪੰਜ ਸਾਲਾ ਯੋਜਨਾ ਦੌਰਾਨ ਸੂਬੇ ਨੂੰ 20,000 ਕਰੋੜ ਰੁਪਏ ਮਿਲੇ ਸਨ। ਇਸੇ ਤਰ੍ਹਾਂ ਹੀ ਉਨ੍ਹਾਂ ਨੇ ਸ਼ਹਿਰੀ ਸਥਾਨਕ ਸੰਸਥਾਵਾਂ ਤੇ ਪੰਚਾਇਤੀ ਸੰਸਥਾਵਾਂ ਦੇ ਵਿਕਾਸ ਵਾਸਤੇ 4000 ਕਰੋੜ ਰੁਪਏ ਤੋਂ ਵਧਾ ਕੇ 6000 ਕਰੋੜ ਕਰਨ ਦਾ ਐਲਾਨ ਵੀ ਕੀਤਾ। ਸ੍ਰੀ ਮੋਦੀ ਨੇ ਅੰਮ੍ਰਿਤਸਰ ਵਿਖੇ ਸਥਾਪਤ ਕੀਤੇ ਜਾ ਰਹੇ ਪੋਸਟ ਗ੍ਰੈਜੂਏਟ ਹੌਰਟੀਕਲਚਰ ਇੰਸਟੀਚਿਊਟ ਆਫ ਐਜੂਕੇਸ਼ਨ ਐਂਡ ਰਿਸਰਚ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਰੱਖਣ ਦਾ ਐਲਾਨ ਕੀਤਾ।ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਹੇਠਾਂ ਜਾਣ 'ਤੇ ਚਿੰਤਾ ਜ਼ਾਹਰ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਸਾਨਾਂ ਨੂੰ ਵਿਗਿਆਨਕ ਲੀਹਾਂ 'ਤੇ ਸਿੰਚਾਈ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਤੁਪਕਾ ਸਿੰਚਾਈ ਨੂੰ ਉਤਸ਼ਾਹਤ ਕਰਨ 'ਤੇ ਜ਼ੋਰ ਦਿੱਤਾ ਅਤੇ 'ਥੋੜ੍ਹਾ ਪਾਣੀ, ਵੱਧ ਫਸਲ' ਦਾ ਨਾਅਰਾ ਦਿੱਤਾ। ਇਸੇ ਤਰ੍ਹਾਂ ਹੀ ਉਨ੍ਹਾਂ ਨੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਣਾਈ ਰੱਖਣ ਲਈ ਕਿਸਾਨਾਂ ਨੂੰ ਖਾਦ ਦੀ ਘੱਟ ਵਰਤੋਂ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਦੀ ਭਲਾਈ ਲਈ 'ਭੌਂ ਸਿਹਤ ਕਾਰਡ ਸਕੀਮ' ਸ਼ੁਰੂ ਕੀਤੀ ਹੈ ਜਿਸ ਨਾਲ ਕਿਸਾਨਾਂ ਨੂੰ ਬਹੁਤ ਜ਼ਿਆਦਾ ਲਾਭ ਹੋਵੇਗਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਹਾਲ ਹੀ ਵਿੱਚ ਹੋਈ ਗੜ੍ਹੇਮਾਰੀ ਨਾਲ ਪ੍ਰਭਾਵਿਤ ਹੋਏ ਕਿਸਾਨਾਂ ਨੂੰ ਮੁਆਵਜ਼ਾ ਦੇਣ ਬਾਰੇ ਹਮਦਰਦੀਪੂਰਨ ਵਿਚਾਰ ਕਰ ਰਹੀ ਹੈ।
ਇਸ ਤੋਂ ਪਹਿਲਾਂ ਆਪਣੀ ਤਕਰੀਰ ਵਿੱਚ ਮੁੱਖ ਮੰਤਰੀ ਨੇ ਇਸ ਖਿੱਤੇ ਦੀ ਆਰਥਿਕ ਖੁਸ਼ਹਾਲੀ ਲਈ ਸੂਬੇ ਵਿੱਚ ਹੁਸੈਨੀਵਾਲਾ ਤੇ ਸਾਦਕੀ ਸਰਹੱਦਾਂ ਵਪਾਰਕ ਸਰਗਰਮੀਆਂ ਲਈ ਖੋਲ੍ਹਣ ਦੀ ਜ਼ੋਰਦਾਰ ਵਕਾਲਤ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਸਮੇਂ ਪੰਜਾਬ ਦੇ ਸਰਹੱਦੀ ਕਸਬੇ ਬਹੁਤ ਹੀ ਖੁਸ਼ਹਾਲ ਸਨ ਪਰ ਦੇਸ਼ ਦੇ ਬਟਵਾਰੇ ਨੇ ਇਨ੍ਹਾਂ ਕਸਬਿਆਂ ਨੂੰ ਵੱਡੀ ਸੱਟ ਮਾਰੀ ਹੈ। ਫਿਰੋਜ਼ਪੁਰ ਸ਼ਹਿਰ ਦੀ ਮਿਸਾਲ ਦਿੰਦਿਆਂ ਸ. ਬਾਦਲ ਨੇ ਕਿਹਾ ਕਿ ਕਿਸੇ ਵੇਲੇ ਇਸ ਸ਼ਹਿਰ ਵਿੱਚ ਬਹੁਤ ਜ਼ਿਆਦਾ ਸਰਗਰਮੀਆਂ ਹੁੰਦੀਆਂ ਸਨ ਪਰ ਹੁਣ ਇਹ ਲਗਪਗ ਬੇਰੌਣਕਾ ਜਿਹਾ ਜਾਪਣ ਲੱਗ ਪਿਆ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਲਾਂਘਾ ਖੁੱਲ੍ਹਣ ਨਾਲ ਇਸ ਸਰਹੱਦੀ ਖੇਤਰ ਵਿੱਚ ਆਰਥਿਕਤਾ ਨੂੰ ਹੁਲਾਰਾ ਮਿਲੇਗਾ ਜਿਸ ਨਾਲ ਲੋਕ ਖੁਸ਼ਹਾਲ ਹੋਣਗੇ। ਇਕ ਹੋਰ ਮੁੱਦਾ ਉਠਾਉਂਦੇ ਹੋਏ ਮੁੱਖ ਮੰਤਰੀ ਨੇ ਅਟਾਰੀ ਸਰਹੱਦ ਰਾਹੀਂ ਬਰਾਮਦ ਕੀਤੀਆਂ ਜਾਣ ਵਾਲੀਆਂ ਵਸਤਾਂ ਦੀ ਸੂਚੀ ਮੁੰਬਈ-ਕਰਾਚੀ ਸਮੁੰਦਰੀ ਰਸਤੇ ਰਾਹੀਂ ਬਰਾਮਦ ਹੁੰਦੀਆਂ ਵਸਤਾਂ ਦੀ ਗਿਣਤੀ ਦੇ ਬਰਾਬਰ ਕਰਨ ਲਈ ਸ੍ਰੀ ਮੋਦੀ ਨੂੰ ਅਪੀਲ ਕੀਤੀ ਹੈ। ਉਨ੍ਹਾਂ ਨੇ ਸੂਬੇ ਦੇ ਸਰਹੱਦੀ ਇਲਾਕਿਆਂ/ਸ਼ਹਿਰਾਂ ਦੇ ਵਿਕਾਸ ਲਈ ਵਿਸ਼ੇਸ਼ ਸਕੀਮ ਬਣਾਉਣ ਲਈ ਵੀ ਪ੍ਰਧਾਨ ਮੰਤਰੀ 'ਤੇ ਜ਼ੋਰ ਪਾਇਆ ਤਾਂ ਜੋ ਸਰਹੱਦੀ ਇਲਾਕੇ ਦੇ ਬਹਾਦਰ ਲੋਕਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਮਿਲ ਸਕੇ। ਸ. ਬਾਦਲ ਨੇ ਸਰਹੱਦ 'ਤੇ ਕੰਡਿਆਲੀ ਤਾਰ ਤੋਂ ਪਾਰਲੀ ਜ਼ਮੀਨ ਵਾਹੁਣ ਵਾਲੇ ਕਿਸਾਨਾਂ ਨੂੰ ਰਾਹਤ ਮੁਹੱਈਆ ਕਰਵਾਉਣ ਲਈ ਪ੍ਰਧਾਨ ਮੰਤਰੀ ਨੂੰ ਵਿਸ਼ੇਸ਼ ਸਕੀਮ ਮੁੜ ਸ਼ੁਰੂ ਕਰਨ ਦੀ ਅਪੀਲ ਕੀਤੀ। ਬਾਦਲ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਸਾਲ 2007 ਵਿੱਚ ਸੱਤਾ ਵਿੱਚ ਆਉਣ ਉਪਰੰਤ ਭੂਮੀ ਪ੍ਰਾਪਤੀ ਦੇ ਵਾਸਤੇ ਕਿਸਾਨ ਪੱਖੀ ਨੀਤੀ ਅਪਣਾਈ ਜਿਸ ਨੂੰ ਕੌਮੀ ਪੱਧਰ 'ਤੇ ਅਪਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਵਿਕਾਸ ਪ੍ਰਾਜੈਕਟਾਂ ਲਈ ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨ ਹਾਸਲ ਕੀਤੀ ਹੈ। ਸ. ਬਾਦਲ ਨੇ ਕਿਹਾ ਕਿ ਸੂਬਾਈ ਤੇ ਕੇਂਦਰੀ ਪ੍ਰਾਜੈਕਟਾਂ ਲਈ ਜ਼ਮੀਨ ਪ੍ਰਾਪਤੀ ਦਾ ਮਸਲਾ ਭਾਰਤ ਸਰਕਾਰ ਨੂੰ ਸੂਬਿਆਂ 'ਤੇ ਛੱਡ ਦੇਣਾ ਚਾਹੀਦਾ ਹੈ।
ਕਿਸਾਨਾਂ ਲਈ ਲਾਹੇਵੰਦ ਘੱਟੋ-ਘੱਟ ਸਮਰਥਨ ਮੁੱਲ ਦੀ ਵਕਾਲਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਖੇਤੀ ਸੰਕਟ ਨਾਲ ਨਿਪਟਣਾ ਸਮੇਂ ਦੀ ਫੌਰੀ ਲੋੜ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਵਾਸਤੇ ਕੇਂਦਰ ਸਰਕਾਰ ਨੂੰ ਬਦਲਵੀਆਂ ਫਸਲਾਂ ਲਈ ਵੀ ਘੱਟੋ-ਘੱਟ ਸਮਰਥਨ ਮੁੱਲ ਮੁਹੱਈਆ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਮਿਹਨਤਕਸ਼ ਕਿਸਾਨਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਲਾਜ਼ਮੀ ਤੌਰ 'ਤੇ ਦਿੱਤਾ ਚਾਹੀਦਾ ਹੈ ਕਿਉਂਕਿ ਪੰਜਾਬ ਦੇ ਕਿਸਾਨਾਂ ਨੇ ਦੇਸ਼ ਨੂੰ ਅਨਾਜ ਦੇ ਪੱਖ ਤੋਂ ਆਤਮ-ਨਿਰਭਰ ਪਾਉਣ ਲਈ ਵੱਡਾ ਯੋਗਦਾਨ ਦਿੱਤਾ ਹੈ।
ਇਸ ਤੋਂ ਪਹਿਲਾਂ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਤਿੰਨਾਂ ਬਹਾਦਰ ਸਪੂਤਾਂ ਨੇ ਦੇਸ਼ ਨੂੰ ਬਰਤਾਨਵੀ ਹਕੂਮਤ ਤੋਂ ਆਜ਼ਾਦ ਕਰਵਾਉਣ ਲਈ ਆਪਣੀ ਕੁਰਬਾਨੀ ਦਿੱਤੀ ਪਰ ਉਨ੍ਹਾਂ ਵੱਲੋਂ ਸੰਜੋਏ ਗਏ ਸੁਪਨੇ ਅਜੇ ਵੀ ਸਾਕਾਰ ਨਹੀਂ ਹੋਏ ਕਿਉਂਕਿ ਦੇਸ਼ ਅਜੇ ਵੀ ਬਹੁਤ ਸਾਰੀਆਂ ਸਮਾਜਿਕ ਸਮੱਸਿਆਵਾਂ ਵਿੱਚ ਉਲਝਿਆ ਹੋਇਆ ਹੈ। ਸ. ਬਾਦਲ ਨੇ ਕਿਹਾ ਕਿ ਇਹ ਬਹੁਤ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਹੁਣ ਕੇਂਦਰ ਵਿੱਚ ਬਣੀ ਐਨ.ਡੀ.ਏ. ਸਰਕਾਰ ਨੇ ਸ਼ਹੀਦਾਂ ਦੇ ਵਿਲੱਖਣ ਯੋਗਦਾਨ ਨੂੰ ਬਣਦੀ ਮਾਨਤਾ ਦਿੱਤੀ ਹੈ।ਥੋੜ੍ਹੇ ਜਿਹੇ ਸਮੇਂ ਵਿੱਚ ਐਨ.ਡੀ.ਏ. ਸਰਕਾਰ ਵੱਲੋਂ ਕੀਤੀਆਂ ਵੱਡੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਮੋਦੀ ਦੀ ਗਤੀਸ਼ੀਲ ਤੇ ਦੂਰਅੰਦੇਸ਼ੀ ਵਾਲੀ ਪਹੁੰਚ ਹੇਠ ਭਾਰਤ ਸਰਕਾਰ ਨੇ ਦੇਸ਼ ਦੀ ਪ੍ਰਗਤੀ ਤੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਲੀਹੋਂ ਹਟਵੀਆਂ ਪਹਿਲਕਦਮੀਆਂ ਕੀਤੀਆਂ ਹਨ। ਸੂਬਿਆਂ ਨੂੰ ਹੋਰ ਜ਼ਿਆਦਾ ਸ਼ਕਤੀਆਂ ਦੇਣ ਦੇ ਉਦੇਸ਼ ਨਾਲ ਦੇਸ਼ ਵਿੱਚ ਸਹਿਕਾਰੀ ਸੰਘਵਾਦ ਦਾ ਯੁੱਗ ਸ਼ੁਰੂ ਕਰਨ ਲਈ ਸ. ਬਾਦਲ ਨੇ ਸ੍ਰੀ ਮੋਦੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਮੋਦੀ ਦੀ ਇਸ ਦੂਰਗਾਮੀ ਪਹੁੰਚ ਨਾਲ ਹੁਣ ਸੂਬਿਆਂ ਦਾ ਕੇਂਦਰੀ ਕਰਾਂ ਵਿੱਚ ਹਿੱਸਾ ਵਧ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਵੱਲੋਂ ਬਣਾਏ ਗਏ ਨੀਤੀ ਅਯੋਗ ਦੇ ਨਾਲ ਹੁਣ ਨਵੀਆਂ ਉਮੀਦਾਂ ਪੈਦਾ ਹੋਈਆਂ ਹਨ ਕਿਉਂਕਿ ਹੁਣ ਸੂਬਿਆਂ ਦਾ ਸਮੁੱਚਾ ਵਿਕਾਸ ਹੋਣ ਲਈ ਰਾਹ ਪੱਧਰਾ ਹੋਇਆ ਹੈ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਦੀ ਭਲਾਈ ਲਈ ਨੀਤੀਆਂ ਬਣਾਉਣ ਵਿੱਚ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਵੱਧ ਭੂਮਿਕਾ ਹੋਵੇਗੀ।
ਮੁੱਖ ਮੰਤਰੀ ਨੇ ਹਰਿਦੇ ਸਕੀਮ ਹੇਠ ਅੰਮ੍ਰਿਤਸਰ ਨੂੰ ਵਿਰਾਸਤੀ ਸ਼ਹਿਰ ਬਣਾਉਣ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸਕੀਮ ਹੇਠ ਸ਼ਹਿਰ ਦੇ ਵਿਕਾਸ ਲਈ ਹੁਣ ਕਰੋੜਾਂ ਰੁਪਏ ਮਿਲਣਗੇ। ਸ. ਬਾਦਲ ਨੇ ਜਲ੍ਹਿਆਂ ਵਾਲੇ ਬਾਗ ਨੂੰ ਵਿਸ਼ਵ ਸੱਭਿਆਚਾਰਕ ਵਿਰਾਸਤੀ ਸਥਾਨ ਵਿੱਚ ਸ਼ਾਮਲ ਕਰਨ ਲਈ ਵੀ ਸ੍ਰੀ ਮੋਦੀ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼, ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ ਤੇ ਪੋਸਟ ਗ੍ਰੈਜੂਏਟ ਹੌਰਟੀਕਲਚਰ ਇੰਸਟੀਚਿਊਟ ਆਫ ਐਜੂਕੇਸ਼ਨ ਐਂਡ ਰਿਸਰਚ ਪੰਜਾਬ ਨੂੰ ਦੇਣ ਲਈ ਵੀ ਐਨ.ਡੀ.ਏ. ਸਰਕਾਰ ਦਾ ਧੰਨਵਾਦ ਕੀਤਾ। ਸ. ਬਾਦਲ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਪਹਿਲਾ ਮੌਕਾ ਹੈ ਜਦੋਂ ਕੇਂਦਰ ਸਰਕਾਰ ਨੇ ਪੰਜਾਬ ਦੇ ਦੇਸ਼ ਭਗਤ ਲੋਕਾਂ ਵੱਲ ਧਿਆਨ ਦਿੱਤਾ ਹੈ।ਪ੍ਰਧਾਨ ਮੰਤਰੀ ਦਾ ਸਵਾਗਤ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਕਮਲ ਸ਼ਰਮਾ ਨੇ ਦੇਸ਼ ਦੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣ ਵਾਸਤੇ ਉਨ੍ਹਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਮੋਦੀ ਵੱਲੋਂ ਦੇਸ਼ ਦੇ ਵਿਕਾਸ ਤੇ ਲੋਕਾਂ ਦੀ ਖੁਸ਼ਹਾਲੀ ਦੇ ਵਾਸਤੇ ਚੁੱਕੇ ਗਏ ਕਦਮਾਂ ਨਾਲ ਦੇਸ਼ ਵਾਸੀ ਮਾਣ ਮਹਿਸੂਸ ਕਰਦੇ ਹਨ। ਅਖੀਰ ਵਿੱਚ ਹਲਕੇ ਦੇ ਲੋਕ ਸਭਾ ਮੈਂਬਰ ਸ. ਸ਼ੇਰ ਸਿੰਘ ਘੁਬਾਇਆ ਨੇ ਪ੍ਰਧਾਨ ਮੰਤਰੀ ਦਾ ਇੱਥੇ ਪਹੁੰਚਣ 'ਤੇ ਲੋਕਾਂ ਵੱਲੋਂ ਧੰਨਵਾਦ ਕੀਤਾ।ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਨੇ ਸ਼ਹੀਦ ਭਗਤ ਸਿੰਘ, ਸੁਖਦੇਵ, ਰਾਜਗੁਰੂ, ਬੀ.ਕੇ. ਦੱਤ ਤੇ ਰਾਜ ਮਾਤਾ ਵਿਦਿਆਵਤੀ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਸ੍ਰੀ ਮੋਦੀ ਨੇ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਵੀ ਕੀਤਾ।ਇਸ ਮੌਕੇ ਉਨ੍ਹਾਂ ਤੋਂ ਇਲਾਵਾ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ, ਸਮਾਜਿਕ ਨਿਆਂ ਤੇ ਸ਼ਸ਼ਕਤੀਕਰਨ ਬਾਰੇ ਕੇਂਦਰੀ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ, ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ, ਸ੍ਰੀ ਚੁੰਨੀ ਲਾਲ ਭਗਤ ਤੇ ਸ. ਜਨਮੇਜਾ ਸਿੰਘ ਸੇਖੋਂ, ਡਿਪਟੀ ਕਮਿਸਸ਼ਨਰ ਇੰਜ ਡੀ.ਪੀ.ਐਸ. ਖਰਬੰਦਾ ਆਦਿ ਵੀ ਹਾਜ਼ਰ ਸਨ।