ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਸੜਕ ਆਵਾਜਾਈ ਨਿਯਮਾਂ ਦੀ ਪਾਲਣਾ ਸੰਬੰਧੀ ਜਾਰੀ ਕੀਤੀਆਂ ਗਈਆਂ ਸਖ਼ਤ ਹਦਾਇਤਾਂ 'ਤੇ ਕਾਰਵਾਈ ਕਰਦਿਆਂ ਜ਼ਿਲ੍ਹਾ ਟਰਾਂਸਪੋਰਟ ਵਿਭਾਗ ਅਤੇ ਟਰੈਫਿਕ ਪੁਲਿਸ ਵੱਲੋਂ ਸੜਕਾਂ 'ਤੇ ਹੁੰਦੇ ਹਾਦਸਿਆਂ ਅਤੇ ਮੌਤਾਂ 'ਤੇ ਵੱਡੀ ਪੱਧਰ 'ਤੇ ਕਾਬੂ ਪਾ ਲਿਆ ਗਿਆ ਹੈ, ਜਿਸ ਸਦਕਾ ਹੁਣ ਸਹਿਜੇ ਹੀ ਕਿਹਾ ਜਾ ਸਕਦਾ ਹੈ ਕਿ ਸ਼ਹਿਰ ਦੀਆਂ ਸੜਕਾਂ ਆਵਾਜਾਈ ਲਈ ਦਿਨੋਂ ਦਿਨ ਸੁਰੱਖਿਅਤ ਬਣਦੀਆਂ ਜਾ ਰਹੀਆਂ ਹਨ। ਇਹ ਸਭ ਤਾਂ ਹੀ ਸੰਭਵ ਹੋਇਆ ਹੈ ਕਿ ਆਮ ਲੋਕ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਸ਼ੁਰੂ ਕੀਤੀ ਗਈ ਜਾਗਰੂਕਤਾ ਮੁਹਿੰਮ ਨਾਲ ਹੁਣ ਸੜਕ ਆਵਾਜਾਈ ਨਿਯਮਾਂ ਨੂੰ ਅਪਨਾਉਣ ਲੱਗੇ ਹਨ। ਡਿਪਟੀ ਕਮਿਸ਼ਨਰ ਸ੍ਰੀ ਰਜਤ ਅਗਰਵਾਲ ਨੇ ਜ਼ਿਲ੍ਹਾ ਟਰਾਂਸਪੋਰਟ ਵਿਭਾਗ ਅਤੇ ਟਰੈਫਿਕ ਪੁਲਿਸ ਵੱਲੋਂ ਪ੍ਰਾਪਤ ਕੀਤੇ ਅੰਕੜਿਆਂ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਟਰੈਫਿਕ ਵਿਵਸਥਾ ਨੂੰ ਸੁਚਾਰੂ ਰੂਪ ਵਿੱਚ ਚਲਾਉਣ ਹਿੱਤ ਸ਼ੁਰੂ ਕੀਤੀ ਗਈ ਮੁਹਿੰਮ ਦੇ ਬਹੁਤ ਵਧੀਆ ਨਤੀਜੇ ਮਿਲਣੇ ਸ਼ੁਰੂ ਹੋ ਗਏ ਹਨ। ਜਿਸ ਤਹਿਤ ਪਤਾ ਲੱਗਾ ਹੈ ਕਿ ਸਾਲ 2013-14 ਦੇ ਮੁਕਾਬਲੇ ਸਾਲ 2014-15 ਦੌਰਾਨ 54 ਸੜਕ ਹਾਦਸਿਆਂ (ਐਕਸੀਡੈਂਟਸ) ਅਤੇ 32 ਮੌਤਾਂ ਦੀ ਕਮੀ ਦਰਜ ਕੀਤੀ ਗਈ ਹੈ। ਉਨ੍ਹਾਂ ਹੋਰ ਵੇਰਵਾ ਦਿੰਦਿਆਂ ਦੱਸਿਆ ਕਿ 1 ਅਕਤੂਬਰ, 2013 ਤੋਂ 31 ਮਾਰਚ, 2014 ਤੱਕ ਸ਼ਹਿਰ ਲੁਧਿਆਣਾ ਵਿੱਚ ਕੁੱਲ 269 ਸੜਕ ਹਾਦਸੇ ਹੋਏ ਸਨ, ਜਦਕਿ ਇਸੇ ਸਮੇਂ ਦੌਰਾਨ ਇਨ੍ਹਾਂ ਹਾਦਸਿਆਂ ਵਿੱਚ 171 ਵਿਅਕਤੀਆਂ ਦੀਆਂ ਜਾਨਾਂ ਗਈਆਂ ਸਨ। ਇਨ੍ਹਾਂ ਅੰਕੜਿਆਂ ਨੂੰ ਬੜੀ ਗੰਭੀਰਤਾ ਨਾਲ ਲੈਂਦਿਆਂ ਜ਼ਿਲ੍ਹਾ ਟਰਾਂਸਪੋਰਟ ਵਿਭਾਗ ਅਤੇ ਟਰੈਫਿਕ ਪੁਲਿਸ ਵੱਲੋਂ ਇੱਕ ਸਾਂਝੀ ਮੁਹਿੰਮ ਸ਼ੁਰੂ ਕੀਤੀ ਗਈ, ਜਿਸ ਤਹਿਤ ਇਹ ਅੰਕੜੇ ਘਟਾਉਣ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਗਈ।
ਇਸ ਮੁਹਿੰਮ ਵਿੱਚ ਜ਼ਿਲ੍ਹਾ ਪ੍ਰਸਾਸ਼ਨ ਦਾ ਸ਼ਹਿਰ ਦੀਆਂ ਕੁਝ ਗੈਰ ਸਰਕਾਰੀ ਜਥੇਬੰਦੀਆਂ ਨੇ ਵੀ ਪੂਰਾ ਸਾਥ ਦਿੱਤਾ ਅਤੇ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਅਤੇ ਹਾਦਸਿਆਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੁਹਿੰਮ ਤਹਿਤ ਸਾਰੇ ਸ਼ਹਿਰ ਵਿੱਚ ਜਿੱਥੇ ਟਰੈਫਿਕ ਸਿਗਨਲ ਅਤੇ ਜਾਗਰੂਕਤਾ ਬੋਰਡ ਵਗੈਰਾ ਸਥਾਪਤ ਕੀਤੇ ਗਏ, ਉਥੇ ਕਈ ਰਸਤਿਆਂ ਨੂੰ ਲੋਕਾਂ ਦੇ ਹਿੱਤ ਵਿੱਚ ਖੋਲਿਆ ਅਤੇ ਬੰਦ ਕੀਤਾ ਗਿਆ, ਜਿਸ ਨਾਲ ਟਰੈਫਿਕ ਵਿਵਸਥਾ ਵਿੱਚ ਵੱਡਾ ਸੁਧਾਰ ਆਇਆ। ਲੋਕ ਜਾਗਰੂਕਤਾ ਹਿੱਤ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਇੱਕ ਗੀਤ ਵੀ ਜਾਰੀ ਕੀਤਾ ਗਿਆ, ਇਸ ਤੋਂ ਇਲਾਵਾ ਕਈ ਜਥੇਬੰਦੀਆਂ ਵੱਲੋਂ ਆਪੋ-ਆਪਣੇ ਤਰੀਕੇ ਨਾਲ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਸ੍ਰੀ ਅਗਰਵਾਲ ਨੇ ਬੜੀ ਖੁਸ਼ੀ ਨਾਲ ਦੱਸਿਆ ਕਿ 1 ਅਕਤੂਬਰ, 2014 ਤੋਂ 31 ਮਾਰਚ, 2015 ਸਮੇਂ ਦੌਰਾਨ ਦੇ ਨਤੀਜੇ ਇਹ ਮਿਲੇ ਕਿ ਇਨ੍ਹਾਂ ਹਾਦਸਿਆਂ ਅਤੇ ਮੌਤਾਂ ਵਿੱਚ ਵੱਡੀ ਕਮੀ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਦੌਰਾਨ ਸੜਕ ਹਾਦਸੇ ਘਟ ਕੇ 215 ਰਹਿ ਗਏ ਅਤੇ ਮੌਤਾਂ ਦੀ ਗਿਣਤੀ 132 ਰਹਿ ਗਈ, ਜੋ ਕਿ ਇੱਕ ਚੰਗੀ ਸ਼ੁਰੂਆਤ ਹੈ। ਜ਼ਿਲ੍ਹਾ ਪ੍ਰਸਾਸ਼ਨ ਦੀ ਸੜਕ ਆਵਾਜਾਈ ਵਿਵਸਥਾ ਸੁਧਾਰ ਮੁਹਿੰਮ ਦੀ ਇਹ ਵੱਡੀ ਸਫ਼ਲਤਾ ਮੰਨਿਆ ਜਾ ਰਿਹਾ ਹੈ।
ਅਗਰਵਾਲ ਨੇ ਦੱਸਿਆ ਕਿ ਇਹੀ ਨਹੀਂ ਸੜਕ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਸਬਕ ਸਿਖਾਉਣ ਲਈ ਜ਼ਿਲ੍ਹਾ ਟਰਾਂਸਪੋਰਟ ਵਿਭਾਗ ਅਤੇ ਟਰੈਫਿਕ ਪੁਲਿਸ ਵੱਲੋਂ ਸਾਲ 2014 ਦੌਰਾਨ ਕੁੱਲ 2 ਲੱਖ 12 ਹਜ਼ਾਰ 210 ਚਾਲਾਨ ਕੀਤੇ ਗਏ ਹਨ। ਇਸ ਤੋਂ ਇਲਾਵਾ ਸ਼ਹਿਰ ਵਿੱਚ ਵਿਸ਼ੇਸ਼ ਸਾਂਝੇ ਪੁਲਿਸ ਨਾਕੇ ਲਗਾਏ ਜਾ ਰਹੇ ਹਨ। ਇਨ੍ਹਾਂ ਨਾਕਿਆਂ ਦੀ ਵਿਸ਼ੇਸ਼ਤਾ ਇਹ ਹੈ ਕਿ ਇਸ ਵਿੱਚ ਪੁਲਿਸ ਅਤੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਦੇ ਨਾਲ-ਨਾਲ ਮੀਡੀਆ, ਵਕੀਲ ਅਤੇ ਗੈਰ ਸਰਕਾਰੀ ਸੰਗਠਨਾਂ ਦੇ ਮੈਂਬਰ ਵੀ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨਾਕਿਆਂ ਦੌਰਾਨ ਹੀ 12 ਦੇ ਕਰੀਬ ਚਾਲਾਨ ਲਾਲ ਬੱਤੀ ਦੀ ਨਜਾਇਜ਼ ਵਰਤੋਂ ਨਾਲ ਸੰਬੰਧਤ ਕੱਟੇ ਜਾ ਚੁੱਕੇ ਹਨ। ਉਨ੍ਹਾਂ ਨੇ ਦੱਸਿਆ ਕਿ ਲੋਕਾਂ ਨੂੰ ਵਧੀਆ ਆਵਾਜਾਈ ਸਹੂਲਤ ਮੁਹੱਈਆ ਕਰਾਉਣ ਹਿੱਤ ਵੀ ਥਾਂ-ਥਾਂ 'ਤੇ ਦਿਸ਼ਾ ਸੂਚਕ ਬੋਰਡ, ਸੜਕਾਂ ਦੀ ਮਾਰਕਿੰਗ ਅਤੇ ਵੰਨ ਵੇਅ ਕਰਨੇ ਯਕੀਨੀ ਬਣਾਇਆ ਜਾ ਰਿਹਾ ਹੈ। ਸ੍ਰੀ ਅਗਰਵਾਲ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸੜਕ ਆਵਾਜਾਈ ਨੂੰ ਸੁਰੱਖਿਅਤ ਬਣਾਉਣ ਲਈ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਨੂੰ ਸਹਿਯੋਗ ਦੇਣ। ਉਨ੍ਹਾਂ ਵੱਖ-ਵੱਖ ਜਥੇਬੰਦੀਆਂ ਵੱਲੋਂ ਇਸ ਦਿਸ਼ਾ ਵਿੱਚ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਵੀ ਸਹਿਯੋਗ ਦੀ ਆਸ ਕੀਤੀ।