ਪੰਜਾਬ ਸਰਕਾਰ ਵੱਲੋਂ ਖਾਲਸੇ ਦੀ ਜਨਮ ਭੂਮੀ ਸ਼੍ਰੀ ਆਨੰਦਪੁਰ ਸਾਹਿਬ ਦੇ 350ਵੇਂ ਸਥਾਪਨਾ ਦਿਵਸ ਮੌਕੇ 17 ਤੋਂ 19 ਜੂਨ ਤੱਕ ਕਰਵਾਏ ਜਾ ਰਹੇ ਤਿੰਨ ਰੋਜ਼ਾ ਕੌਮਾਂਤਰੀ ਧਾਰਮਿਕ ਸਮਾਗਮ ਦੀਆਂ ਵੱਡੇ ਪੱਧਰ 'ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਨੌਵੇਂ ਗੁਰੂ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਵਰੋਸਾਈ ਪਵਿੱਤਰ ਨਗਰੀ ਸ਼੍ਰੀ ਆਨੰਦਪੁਰ ਸਾਹਿਬ ਦੇ ਇਤਿਹਾਸ ਬਾਰੇ ਹਰ ਕੋਈ ਜਾਣੂ ਹੋ ਸਕੇ।'' ਇਹ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਉਪ ਕੁਲਪਤੀ ਡਾ. ਜਸਪਾਲ ਸਿੰਘ ਤੇ ਹੋਰ ਵਿਦਵਾਨਾਂ ਨਾਲ ਇਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਵਿਚਾਰ ਵਟਾਂਦਰਾ ਕਰਨ ਮਗਰੋਂ ਦਿੱਤੀ। ਡਾ. ਚੀਮਾ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਵੱਲੋਂ ਇਸ ਧਾਰਮਿਕ ਸਮਾਰੋਹ ਸਬੰਧੀ ਸੱਦਾ ਪੱਤਰ ਤਿਆਰ ਕਰਨ ਲਈ ਇੱਕ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਵਿੱਚ ਉਨ੍ਹਾਂ ਤੋਂ ਇਲਾਵਾ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਸਪਾਲ ਸਿੰਘ, ਉੱਘੇ ਇਤਿਹਾਸਕਾਰ ਪ੍ਰੋ. ਕਿਰਪਾਲ ਸਿੰਘ ਅਤੇ ਪ੍ਰੋ. ਪ੍ਰਿਥੀਪਾਲ ਸਿੰਘ ਕਪੂਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਉਹ ਸਮਾਗਮ ਸਬੰਧੀ ਸੱਦਾ ਪੱਤਰ ਨੂੰ ਅੰਤਿਮ ਰੂਪ ਦੇਣ ਲਈ ਅੱਜ ਇਥੇ ਮੀÎਟਿੰਗ ਵਿੱਚ ਸ਼ਾਮਲ ਹੋਏ ਹਨ। ਸਿੱਖਿਆ ਮੰਤਰੀ ਨੇ ਦੱਸਿਆ ਕਿ 17 ਤੋਂ 19 ਜੂਨ ਤੱਕ ਹੋਣ ਵਾਲੇ ਇਸ ਵਿਸ਼ਾਲ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਵੱਖ-ਵੱਖ ਧਰਮਾਂ ਦੀਆਂ ਪ੍ਰਸਿੱਧ ਸ਼ਖ਼ਸੀਅਤਾਂ ਨੂੰ ਵੀ ਬੁਲਾਇਆ ਜਾ ਰਿਹਾ ਹੈ ਤਾਂ ਜੋ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨੂੰ ਪੂਰੀ ਦੁਨੀਆਂ ਤੱਕ ਪਹੁੰਚਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਜਿਨ੍ਹਾਂ ਵੱਲੋਂ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਮੀਟਿੰਗ ਦੌਰਾਨ ਉਪ ਕੁਲਪਤੀ ਡਾ. ਜਸਪਾਲ ਸਿੰਘ, ਉੱਘੇ ਇਤਿਹਾਸਕਾਰ ਪ੍ਰੋ. ਕਿਰਪਾਲ ਸਿੰਘ ਅਤੇ ਪ੍ਰੋ. ਪ੍ਰਿਥੀਪਾਲ ਸਿੰਘ ਕਪੂਰ ਵੀ ਹਾਜ਼ਰ ਸਨ।