ਵਿਰੋਧੀ ਸਿਆਸੀ ਪਾਰਟੀਆਂ ਵੱਲੋਂ ਨਸ਼ਿਆਂ ਦੀ ਸਮੱਸਿਆ ਬਾਰੇ ਪੰਜਾਬ ਦੇ ਅਕਸ ਨੂੰ ਢਾਹ ਲਾਉਣ ਵਾਲੀ ਕੀਤੀ ਜਾ ਰਹੀ ਬਿਆਨਬਾਜ਼ੀ ਕਰਨ 'ਤੇ ਸਖ਼ਤ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਆਖਿਆ ਕਿ ਸੂਬਾ ਇਸ ਵੇਲੇ ਨਸ਼ਿਆਂ ਵਿਰੁੱਧ ਕੌਮੀ ਲੜਾਈ ਲੜ ਰਿਹਾ ਹੈ ਜਿਸ ਵਿੱਚ ਦੂਜੀਆਂ ਰਾਜਸੀ ਪਾਰਟੀਆਂ ਨੂੰ ਕੂੜ ਪ੍ਰਚਾਰ ਕਰਨ ਦੀ ਬਜਾਏ ਰਾਜ ਸਰਕਾਰ ਦਾ ਸਹਿਯੋਗ ਕਰਨਾ ਚਾਹੀਦਾ ਹੈ।ਅੱਜ ਧੂਰੀ ਵਿਧਾਨ ਸਭਾ ਹਲਕੇ ਦੇ ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ ਇੱਥੇ ਪੱਤਰਕਾਰਾਂ ਦੇ ਇਕ ਸਵਾਲ ਦਾ ਜਵਾਬ ਦਿੰਦਿਆਂ ਸ. ਬਾਦਲ ਨੇ ਕਿਹਾ ਕਿ ਨਸ਼ੇ ਦੀ ਸਮੱਸਿਆ ਸਾਰੇ ਮੁਲਕ ਦੀ ਸਮੱਸਿਆ ਹੈ ਪਰ ਇਸ ਖਿਲਾਫ਼ ਜੰਗ ਸਿਰਫ਼ ਪੰਜਾਬ ਲੜ ਰਿਹਾ ਹੈ ਅਤੇ ਕੁੱਝ ਸਿਆਸੀ ਪਾਰਟੀਆਂ ਇਸ ਹਕੀਕਤ ਤੋਂ ਮੁਨਕਰ ਹੋ ਕੇ ਬਹਾਦਰ ਤੇ ਮਿਹਨਤੀ ਪੰਜਾਬੀਆਂ ਨੂੰ ਬੇਵਜ੍ਹਾ ਬਦਨਾਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਿਸੇ ਵੀ ਕਿਸਮ ਨਸ਼ਾ ਪੈਦਾ ਨਹੀ ਹੁੰਦਾ ਪਰ ਇਸ ਸੂਬੇ ਵੱਲੋਂ ਨਸ਼ਿਆਂ ਦੇ ਤਸਕਰਾਂ ਖਿਲਾਫ਼ ਕੀਤੀ ਸਖ਼ਤ ਕਾਰਵਾਈ ਨੂੰ ਗਲਤ ਢੰਗ ਨਾਲ ਪ੍ਰਚਾਰਿਆ ਜਾ ਰਿਹਾ ਹੈ। ਉਨ੍ਹਾ ਕਿਹਾ ਕਿ ਪੰਜਾਬ, ਕੌਮਾਂਤਰੀ ਸਰਹੱਦ ਨਾਲ ਲਗਦਾ ਸੂਬਾ ਹੈ ਜਿਸ ਕਰਕੇ ਤਸਕਰਾਂ ਨੇ ਗੁਆਢੀ ਮੁਲਕਾਂ ਤੋਂ ਹੈਰੋਇਨ ਵਰਗੇ ਨਸ਼ਿਆਂ ਦੀ ਸਪਲਾਈ ਲਈ ਸੂਬੇ ਨੂੰ 'ਡਰੱਗ ਰੂਟ' ਵਜੋਂ ਵਰਤਣ ਦੀਆਂ ਕੋਸ਼ਿਸ਼ਾਂ ਕੀਤੀਆਂ ਪਰ ਪੰਜਾਬ ਸਰਕਾਰ ਨੇ ਆਪਣੇ ਪੱਧਰ 'ਤੇ ਸਖ਼ਤ ਕਦਮ ਚੁੱਕਦਿਆਂ ਤਸਕਰਾਂ ਦੀ ਇਸ ਸਪਲਾਈ ਲਾਈਨ ਨੂੰ ਤੋੜਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੰਥੈਟਿਕ ਨਸ਼ੇ ਵੀ ਪੰਜਾਬ ਵਿੱਚ ਤਿਆਰ ਨਹੀ ਹੁੰਦੇ ਪਰ ਜਦੋਂ ਸਾਡੀ ਸਰਕਾਰ ਨੇ ਸਿੰਥੈਟਿਕ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆ ਦੇ ਖਿਲਾਫ਼ ਕਾਰਵਾਈ ਕੀਤੀ ਤਾਂ ਸਾਡੇ ਇਹਨਾਂ ਯਤਨਾਂ ਨੰ ਸਿਆਸੀ ਪਾਰਟੀਆਂ ਨੇ ਗਲਤ ਢੰਗ ਨਾਲ ਪੇਸ਼ ਕਰਨਾ ਸ਼ੁਰੂ ਕਰ ਦਿੱਤਾ। ਪੰਜਾਬ ਵਿੱਚ ਨਸ਼ੇ ਛੱਡਣ ਵਾਲਿਆਂ ਦੇ ਮੁੜ ਵਸੇਬੇ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਹਰੇਕ ਜ਼ਿਲ੍ਹੇ ਵਿੱਚ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰ ਬਣਾਏ ਜਾ ਰਹੇ ਹਨ ਤਾਂ ਕਿ ਨਸ਼ਿਆਂ ਦੇ ਆਦੀ ਇਸ ਆਦਤ ਤੋਂ ਛੁਟਕਾਰਾ ਪਾਉਣ ਤੋਂ ਬਾਅਦ ਮੁੜ ਵਸੇਬਾ ਕੇਂਦਰਾਂ ਰਾਹੀ ਆਪਣਾ ਜੀਵਨ ਮਾਣ ਸਤਿਕਾਰ ਬਿਤਾ ਸਕਣ।
ਉਨ੍ਹਾਂ ਇਹ ਵੀ ਦੱਸਿਆ ਕਿ 26 ਜੂਨ ਨੂੰ ਹੁਸ਼ਿਆਰਪੁਰ ਵਿਖੇ ਮੁੜ ਵਸੇਬਾ ਕੇਂਦਰ ਦਾ ਉਦਘਾਟਨ ਕੀਤਾ ਜਾ ਰਿਹਾ ਹੈ।ਸੂਬੇ ਵਿੱਚ ਕਿਸਾਨ ਖੁਦਕੁਸ਼ੀਆ ਦੀਆਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਸ. ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਚਿੰਤਾਜਨਕ ਮਸਲਾ ਹੈ ਕਿਉਂਕਿ ਖੇਤੀ ਹੁਣ ਮੁਨਾਫ਼ੇ ਵਾਲਾ ਕਿੱਤਾ ਨਹੀ ਰਿਹਾ। ਉਨ੍ਹਾ ਕਿਹਾ ਕਿ ਖੇਤੀਬਾੜੀ ਮੁਲਕ ਦੀ ਆਰਥਿਕਤਾ ਦੀ ਰੀੜ ਦੀ ਹੱਡੀ ਹੈ ਜਿਸ ਕਰਕੇ ਇਸ ਕਿੱਤੇ ਨਾਲ ਜੁੜੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ 'ਤੇ ਨਜਿੱਠਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੇਤੀ ਲਾਗਤਾਂ ਅਤੇ ਫ਼ਸਲਾਂ ਦੇ ਭਾਅ ਮੁਕੱਰਰ ਕਰਨਾ ਕੇਂਦਰ ਸਰਕਾਰ ਦੇ ਹੱਥ-ਵੱਸ ਹੈ ਅਤੇ ਕੇਂਦਰ ਨੂੰ ਇਸ ਮਸਲੇ ਪ੍ਰਤੀ ਫੌਰੀ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਇਸ ਬਾਰੇ ਸੁਝਾਅ ਦਿੰਦਿਆਂ ਆਖਿਆ ਕਿ ਕੇਂਦਰ, ਸੂਬੇ ਅਤੇ ਕਿਸਾਨਾਂ ਦੀ ਇਕ ਸਾਂਝੀ ਕਮੇਟੀ ਬਣਾ ਕੇ ਖੇਤੀ ਮਸਲਿਆਂ ਅਤੇ ਕਿਸਾਨਾਂ ਦੀ ਖੁਸ਼ਹਾਲੀ ਲਈ ਸਿਰਤੋੜ ਯਤਨ ਕਰਨ ਦੀ ਲੋੜ ਹੈ ਕਿਉਂਕਿ ਮੁਲਕ ਦੇ ਅੰਨਦਾਤੇ ਵੱਲੋਂ ਖੁਦਕੁਸ਼ੀ ਜਿਹਾ ਕਦਮ ਚੁੱਕਣਾ ਬਹੁਤ ਹੀ ਫਿਕਰ ਵਾਲੀ ਗੱਲ ਹੈ।
ਸੰਗਰੂਰ ਵਿੱਚ ਵਿਕਾਸ ਪ੍ਰੋਜੈਕਟਾਂ ਬਾਰੇ ਪੁੱਛੇ ਸਵਾਲ ਦੇ ਜਵਾਬ 'ਚ ਮੁੱਖ ਮੰਤਰੀ ਨੇ ਕਿਹਾ ਕਿ ਸੰਗਰੂਰ ਵਾਸੀਆਂ ਦੀ ਸਭ ਤੋਂ ਵੱਡੀ ਅਤੇ ਪੁਰਾਣੀ ਮੰਗ ਨਵਾਂ ਬੱਸ ਅੱਡਾ ਬਣਾਉਣ ਦੀ ਸੀ ਅਤੇ ਇਸ ਮੰਗ ਨੂੰ ਨੀਂਹ ਪੱਥਰ ਰੱਖ ਕੇ ਪੂਰਾ ਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੀ.ਆਰ.ਟੀ.ਸੀ ਦੇ ਇਸ ਬੱਸ ਅੱਡੇ ਦਾ ਨਿਰਮਾਣ 10 ਦਿਨਾਂ ਦੇ ਵਿੱਚ ਸ਼ੁਰੂ ਹੋ ਜਾਣਾ ਹੈ।ਸੰਗਰੂਰ ਜ਼ਿਲ੍ਹੇ ਵਿੱਚ ਲਾਇਕ ਤੇ ਹੁਸ਼ਿਆਰ ਬੱਚਿਆਂ ਲਈ ਅਹਿਮ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੰਗਰੂਰ ਸ਼ਹਿਰ ਵਿੱਚ 'ਸਪੈਸ਼ਲ ਸਕੂਲ' ਖੋਲ੍ਹਿਆ ਜਾਵੇਗਾ ਜਿੱਥੇ ਸਰਕਾਰੀ ਸਕੂਲਾਂ ਵਿੱਚ ਦਸਵੀਂ ਜਮਾਤ ਵਿੱਚੋਂ 80 ਫ਼ੀਸਦੀ ਜਾਂ ਇਸ ਤੋਂ ਵੱਧ ਅੰਕ ਹਾਸਲ ਕਰਨ ਵਾਲੇ ਬੱਚਿਆ ਨੂੰ ਗਿਆਰਵੀਂ ਅਤੇ ਬਾਰਵੀਂ ਦੀ ਤਾਲੀਮ ਤੇ ਰਹਿਣ ਸਹਿਣ ਦੀ ਸਹੂਲਤ ਇਸ ਸਕੂਲ ਵਿੱਚ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਅਜਿਹੇ ਸਕੂਲ ਮੋਹਾਲੀ, ਅੰਮ੍ਰਿਤਸਰ, ਪਟਿਆਲਾ, ਬਠਿੰਡਾ, ਜਲੰਧਰ ਅਤੇ ਲੁਧਿਆਣਾ ਵਿਖੇ ਪਹਿਲਾ ਹੀ ਸਥਾਪਤ ਕੀਤੇ ਜਾ ਚੁੱਕੇ ਹਨ ਅਤੇ ਇਹਨਾਂ ਸਕੂਲਾਂ ਦੀ ਤਰਜ਼ 'ਤੇ ਹੀ ਇਸ ਸਕੂਲ ਨੂੰ ਵਿਕਸਿਤ ਕੀਤਾ ਜਾਵੇਗਾ।ਇਸ ਮੌਕੇ ਸ਼ੋਮ੍ਹਣੀ ਅਕਾਲੀ ਦਲ ਦੇ ਸਕੱਤਰ ਜਨਰਲ ਅਤੇ ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ, ਕੈਬਨਿਟ ਮੰਤਰ ਸ. ਸ਼ਰਨਜੀਤ ਸਿੰਘ ਢਿੱਲੋਂ, ਹਲਕਾ ਵਿਧਾਇਕ ਸ. ਗੋਬਿੰਦ ਸਿੰਘ ਲੌਂਗੋਵਾਲ ਅਤੇ ਮੁੱਖ ਮੰਤਰੀ ਦੇ ਵਿਸ਼ੇਸ ਪ੍ਰਮੱਖ ਸਕੱਤਰ ਸ੍ਰੀ ਕੇ.ਜੀ.ਐਸ. ਚੀਮਾ, ਸ਼੍ਰੋਮਣੀ ਕਮੇਟੀ ਮੈਂਬਰ ਸ. ਭੁਪਿੰਦਰ ਸਿੰਘ ਭਲਵਾਨ, ਡਿਪਟੀ ਕਮਿਸ਼ਨਰ ਸ੍ਰੀ ਅਰਸ਼ਦੀਪ ਸਿੰਘ ਥਿੰਦ ਅਤੇ ਜ਼ਿਲ੍ਹਾ ਪੁਲੀਸ ਮੁਖੀ ਸ੍ਰੀ ਮਨਦੀਪ ਸਿੰਘ ਸਿੱਧੂ ਹਾਜ਼ਰ ਸਨ।