ਵਿਧਾਨ ਸਭਾ ਹਲਕਾ ਐਸ.ਏ.ਐਸ.ਨਗਰ ਵਿਖੇ ਸਰਵ ਸਿੱਖਿਆ ਅਭਿਆਨ ਅਤੇ ਰਾਸ਼ਟਰੀ ਮਾਧਮਿਕ ਸਿੱਖਿਆ ਅਭਿਆਨ ਤਹਿਤ ਵੱਖ-ਵੱਖ ਸਕੂਲਾਂ 'ਚ ਵਿਕਾਸ ਕਾਰਜਾਂ ਤੇ 59 ਲੱਖ 82 ਹਜ਼ਾਰ ਰੁਪਏ ਖਰਚ ਕੀਤੇ ਜਾਣਗੇ। ਇਸ ਗੱਲ ਦੀ ਜਾਣਕਾਰੀ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸ਼ਨ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਜ਼ਿਲ੍ਹਾ ਪ੍ਰਬੰਧਕ ਕੰਪਲੈਕਸ ਸਥਿਤ ਜ਼ਿਲ੍ਹਾ ਯੋਜਨਾ ਕਮੇਟੀ ਦੇ ਦਫ਼ਤਰ ਵਿਖੇ ਸਕੂਲਾਂ ਦੇ ਵਿਕਾਸ ਕਾਰਜਾਂ ਦੀ ਸਮੀਖਿੱਆ ਸਬੰਧੀ ਸੱਦੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਰਾਜ ਦੇ ਸਕੂਲਾਂ ਵਿੱਚ ਬਿਹਤਰ ਬੁਨਿਆਦੀ ਢਾਂਚਾ ਵਿਕਸਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀਂ ਹੈ ਅਤੇ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਬੱਚਿਆਂ ਨੂੰ ਸਮੇਂ ਦਾ ਹਾਣੀ ਬਣਾਇਆ ਜਾ ਸਕੇ ਅਤੇ ਉਨ੍ਹਾਂ ਦਾ ਸਪੂੰਰਨ ਵਿਕਾਸ ਕੀਤਾ ਜਾ ਸਕੇ। ਉਨ੍ਹਾਂ ਹੋਰ ਦੱਸਿਆ ਕਿ ਵਿਧਾਨ ਸਭਾ ਹਲਕਾ ਐਸ.ਏ.ਐਸ.ਨਗਰ ਦੇ ਵੱਖ-ਵੱਖ ਸਕੂਲਾਂ 'ਚ ਵਿਕਾਸ ਕਾਰਜਾਂ ਤੇ 65 ਲੱਖ ਰੁਪਏ ਦੇ ਕੰਮ ਪ੍ਰਗਤੀ ਅਧੀਨ ਹਨ। ਜਿਨ੍ਹਾਂ ਨੂੰ ਮਿੱਥੇ ਸਮੇਂ ਤੇ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਇਸ ਮੌਕੇ ਅਧਿਕਾਰੀਆਂ ਨੂੰ ਸਕੂਲਾਂ ਵਿੱਚ ਕੀਤੇ ਜਾ ਰਹੇ ਕੰਮਾਂ ਨੂੰ ਮਿਆਰੀ ਹੋਣ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ।
ਚੇਅਰਪਰਸ਼ਨ ਜ਼ਿਲ੍ਹਾ ਯੋਜਨਾ ਕਮੇਟੀ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਐਸ.ਏ.ਐਸ.ਨਗਰ ਵਿੱਚ ਪੈਂਦੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਸਿਵਲ ਵਰਕਸ ਪਲਾਨ ਤਹਿਤ ਕਲਾਸ ਰੂਮ, ਲਾਇਬਰੇਰੀਆਂ, ਆਰਟ ਐਂਡ ਕਰਾਫਟ ਰੂਮ, ਸਾਇੰਸ ਲੈਬ ਰੂਮ ਅਤੇ 10 ਸਕੂਲਾਂ ਦੀ ਮੁਰੰਮਤ ਲਈ ਗਰਾਂਟ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਸਰਕਾਰੀ ਪਾ੍ਰਇਮਰੀ ਸਕੂਲ ਫੇਜ-9 ਵਿਖੇ ਇੱਕ ਕਮਰੇ ਦੀ ਉਸਾਰੀ, ਪਿੰਡ ਕੁਰੜਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਦੋ ਕਮਰੇ ਅਤੇ ਪਿੰਡ ਕੁਰੜੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਤਿੰਨ ਕਮਰਿਆਂ ਦੀ ਉਸਾਰੀ ਲਈ ਗਰਾਂਟ ਦਿੱਤੀ ਜਾਵੇਗੀ। ਮੀਟਿੰਗ ਵਿੱਚ ਐਸ.ਡੀ.ਓ ਸਕੂਲ ਬਿਲਡਿੰਗਜ਼ ਸ੍ਰੀ ਸਵਿੰਦਰ ਸਿੰਘ ਲੱਖੋਵਾਲ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।