ਪੰਜਾਬ ਦੇ ਸਿੰਚਾਈ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਨੇ ਲੁਧਿਆਣਾ ਨੂੰ ਦੇਸ਼ ਵਿੱਚ ਸਮਾਰਟ ਸਿਟੀ ਵਜੋਂ ਵਿਕਸਿਤ ਕੀਤੇ ਜਾਣ ਵਾਲੇ 98 ਸ਼ਹਿਰਾਂ ਵਿੱਚ ਸ਼ਾਮਲ ਕਰਨ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਦੇਸ਼ ਦੇ ਮੋਹਰੀ ਉਦਯੋਗਿਕ ਸ਼ਹਿਰਾਂ ਵਿੱਚੋਂ ਇੱਕ ਹੈ ਅਤੇ ਵਿਕਾਸ ਹਿੱਤ ਹੋਰ ਫੰਡ ਆਉਣ ਨਾਲ ਇਹ ਬੁਨਿਆਦੀ ਢਾਂਚੇ ਪੱਖੋਂ ਦੇਸ਼ ਦੇ ਸਰਬੋਤਮ ਸ਼ਹਿਰਾਂ ਵਿੱਚੋਂ ਇੱਕ ਬਣ ਜਾਵੇਗਾ।ਸੂਬੇ ਦੇ ਹੋਰ ਸ਼ਹਿਰਾਂ ਵਿੱਚ ਅੰਮ੍ਰਿਤਸਰ, ਜਲੰਧਰ ਅਤੇ ਰਾਜਧਾਨੀ ਚੰਡੀਗੜ੍ਹ ਨੂੰ ਵੀ ਸਮਾਰਟ ਸਿਟੀ ਪ੍ਰਾਜੈਕਟ ਵਿੱਚ ਸ਼ਾਮਲ ਕੀਤਾ ਗਿਆ ਹੈ। ਸ. ਢਿੱਲੋਂ ਨੇ ਦੱਸਿਆ ਕਿ ਅਗਲੇ ਪੰਜ ਵਰ੍ਹਿਆਂ ਵਿੱਚ 3 ਲੱਖ ਕਰੋੜ ਰੁਪਏ ਸ਼ਹਿਰਾਂ ਨੂੰ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ, ਸਾਫ ਵਾਤਾਵਰਣ ਅਤੇ ਹੋਰ ਸੁਵਿਧਾਵਾਂ ਪ੍ਰਦਾਨ ਕਰਨ ਲਈ ਖ਼ਰਚੇ ਜਾਣਗੇ।
ਉਨ੍ਹਾਂ ਇਹ ਵੀ ਦੱਸਿਆ ਕਿ ਭਾਰਤ ਦੇ 100 ਸ਼ਹਿਰਾਂ ਅਤੇ ਕਸਬਿਆਂ ਦੇ ਵਿਕਾਸ ਪੱਖੋਂ ਸਰਕਾਰ ਦੇ ਸਮਾਰਟ ਸਿਟੀ ਮਿਸ਼ਨ ਨੂੰ ਬੇਹੱਦ ਅਹਿਮ ਦੱਸਿਆ ਜਾ ਰਿਹਾ ਹੈ।ਸ. ਢਿੱਲੋਂ ਨੇ ਅੱਗੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਨੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੀ ਗਤੀਸ਼ੀਲ ਅਗਵਾਈ ਹੇਠ ਲੁਧਿਆਣਾ ਵਿਖੇ ਕਈ ਵਿਕਾਸ ਪ੍ਰਾਜੈਕਟਾਂ 'ਤੇ ਪਹਿਲਾਂ ਹੀ ਕਰੋੜਾਂ ਰੁਪਏ ਖ਼ਰਚ ਕੀਤੇ ਹਨ। ਉਨ੍ਹਾਂ ਦੱਸਿਆ ਕਿ ਅਕਾਲੀ ਦਲ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਕਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ, ਜਿਵੇਂ ਕਿ ਸਿਧਵਾਂ ਕੈਨਾਲ ਐਕਸਪ੍ਰੈਸ ਵੇਅ, ਲੋਧੀ ਕਲੱਬ ਨੇੜੇ ਪੀ.ਯੂ.ਪੀ., ਲੱਕੜ ਬ੍ਰਿਜ ਫਲਾਈ ਓਵਰ ਅਤੇ ਸਿਟੀ ਬੱਸ ਸਰਵਿਸ। ਸ਼ਰਨਜੀਤ ਸਿੰਘ ਢਿੱਲੋਂ ਨੇ ਇਹ ਵੀ ਦੱਸਿਆ ਕਿ ਛੇਤੀ ਹੀ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਵਲੋਂ ਲੁਧਿਆਣਾ ਦੇ ਸ਼ਹਿਰੀ ਖੇਤਰ ਲਈ ਵੀ ਕਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ ਜਾਵੇਗਾ।