ਸੂਬੇ ਵਿੱਚ ਮੈਰੀਟੋਰੀਅਸ ਸਕੂਲਾਂ ਦੀ ਸਥਾਪਨਾ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੀ ਦੂਰ-ਅੰਦੇਸ਼ੀ ਪਹੁੰਚ ਦੀ ਸ਼ਲਾਘਾ ਕਰਦਿਆਂ ਕੇਂਦਰੀ ਮਨੁੱਖੀ ਵਸੀਲਿਆਂ ਬਾਰੇ ਮੰਤਰੀ ਸ੍ਰੀਮਤੀ ਸਮ੍ਰਿਤੀ ਜ਼ੁਬਿਨ ਇਰਾਨੀ ਨੇ ਅੱਜ ਐਲਾਨ ਕੀਤਾ ਕਿ ਭਾਰਤ ਸਰਕਾਰ ਵੱਲੋਂ ਦੇਸ਼ ਭਰ ਵਿੱਚ ਮਿਆਰੀ ਸਕੂਲ ਸਿੱਖਿਆ ਮੁਹੱਈਆ ਕਰਵਾਉਣ ਲਈ ਇਹ ਨਿਵੇਕਲਾ ਮਾਡਲ ਅਪਨਾਉਣ ਦੀ ਸੰਭਾਵਨਾ ਤਲਾਸ਼ੀ ਜਾਵੇਗੀ ਤਾਂ ਕਿ ਆਰਥਿਕ ਤੌਰ 'ਤੇ ਕਮਜ਼ੋਰ ਪਰ ਹੋਣਹਾਰ ਬੱਚਿਆਂ ਨੂੰ ਫਾਇਦਾ ਪਹੁੰਚ ਸਕੇ।ਅੱਜ ਇੱਥੇ ਮੈਰੀਟੋਰੀਅਸ ਸਕੂਲ ਦੇ ਦੌਰੇ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਇਸ ਮਾਡਲ ਨੇ ਭਾਰਤ ਸਰਕਾਰ ਨੂੰ ਗਰੀਬ ਪਰ ਹੋਣਹਾਰ ਵਿਦਿਆਰਥੀਆਂ ਦੀ ਸਹੀ ਮਾਅਨਿਆਂ ਵਿੱਚ ਮਦਦ ਕਰਨ ਦਾ ਰਾਹ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਕੂਲ ਖੋਲ੍ਹ ਕੇ ਸ. ਬਾਦਲ ਨੇ ਦੇਸ਼ ਵਿੱਚ ਇਤਿਹਾਸ ਸਿਰਜਿਆ ਹੈ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਮਾਹਿਰਾਂ ਦੀ ਇਕ ਟੀਮ ਭਾਰਤ ਸਰਕਾਰ ਕੋਲ ਭੇਜੀ ਜਾਵੇ ਤਾਂ ਕਿ ਨਵੀਂ ਸਿੱਖਿਆ ਨੀਤੀ ਵਿੱਚ ਉਨ੍ਹਾਂ ਦੀ ਕੀਮਤੀ ਸਲਾਹ ਨੂੰ ਸ਼ਾਮਲ ਕੀਤਾ ਜਾ ਸਕੇ। ਸ੍ਰੀਮਤੀ ਇਰਾਨੀ ਨੇ ਕਿਹਾ ਕਿ ਸਿੱਖਿਆ ਦਾ ਪਾਸਾਰ ਕਰਨ ਤੇ ਪੱਧਰ ਉੱਚਾ ਚੁੱਕਣ ਪ੍ਰਤੀ ਸ. ਬਾਦਲ ਦੀ ਵਚਨਬੱਧਤਾ ਤੇ ਦ੍ਰਿੜਤਾ ਦੀ ਮਿਸਾਲ ਦੇਸ਼ ਵਿੱਚ ਕਿਤੇ ਨਹੀਂ ਮਿਲਦੀ ਜਿਸ ਦਾ ਪੰਜਾਬ ਨੂੰ ਬਹੁਤ ਲਾਭ ਪਹੁੰਚੇਗਾ।ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਅਜਿਹੇ ਬਹੁਤ ਸਾਰੇ ਵਿਦਿਆਰਥੀ ਹਨ ਜੋ ਆਰਥਿਕ ਤੌਰ 'ਤੇ ਕਮਜ਼ੋਰ ਹੋਣ ਦੇ ਬਾਵਜੂਦ ਹੋਣਹਾਰ ਤੇ ਹੁਸ਼ਿਆਰ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਹ ਸਕੂਲ ਖੋਲ੍ਹਣ ਦਾ ਇਕ ਮਾਤਰ ਮਕਸਦ ਹੁਸ਼ਿਆਰ ਬੱਚਿਆਂ ਨੂੰ ਮਿਆਰੀ ਤਾਲੀਮ ਦੇਣਾ ਹੈ। ਉਨ੍ਹਾਂ ਕਿਹਾ ਕਿ ਇਹ ਮਾਡਲ ਸਮੇਂ ਦੀ ਲੋੜ ਹੈ ਤਾਂ ਕਿ ਆਰਥਿਕ ਤੌਰ 'ਤੇ ਕਮਜ਼ੋਰ ਬੱਚਿਆਂ ਨੂੰ ਲਾਭ ਮਿਲ ਸਕੇ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ 'ਮੈਰੀਟੋਰੀਅਸ ਸਕੂਲਾਂ' ਦੀ ਲਾਮਿਸਾਲ ਸਫਲਤਾ ਸਦਕਾ ਸੂਬਾ ਸਰਕਾਰ ਨੇ ਸੰਗਰੂਰ, ਫਿਰੋਜ਼ਪੁਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ ਤਿੰਨ ਹੋਰ ਸਕੂਲ ਖੋਲ੍ਹਣ ਦੀ ਪ੍ਰਵਾਨਗੀ ਦਿੱਤੀ ਹੈ ਅਤੇ ਹਰੇਕ ਸਕੂਲ 'ਤੇ 30 ਕਰੋੜ ਰੁਪਏ ਖਰਚ ਹੋਣਗੇ। ਇਨ੍ਹਾਂ ਸਕੂਲਾਂ ਵਿੱਚ ਸਰਕਾਰੀ ਸਕੂਲਾਂ ਵਿੱਚੋਂ ਦਸਵੀਂ ਜਮਾਤ 'ਚੋਂ 80 ਫੀਸਦੀ ਜਾਂ ਇਸ ਤੋਂ ਵੱਧ ਅੰਕ ਹਾਸਲ ਕਰਨ ਵਾਲੇ ਹੁਸ਼ਿਆਰ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਹੋਸਟਲ ਦੀ ਸਹੂਲਤ ਮੁਫਤ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸਕੂਲ ਮੁਹਾਲੀ, ਪਟਿਆਲਾ, ਬਠਿੰਡਾ, ਜਲੰਧਰ, ਅੰਮ੍ਰਿਤਸਰ, ਲੁਧਿਆਣਾ ਅਤੇ ਤਲਵਾੜਾ (ਹੁਸ਼ਿਆਰਪੁਰ) ਦੀ ਤਰਜ਼ 'ਤੇ ਸਥਾਪਤ ਕੀਤਾ ਜਾਣਗੇ। ਸ. ਬਾਦਲ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਵਿੱਚ ਨਾ ਸਿਰਫ ਅਕਾਦਮਿਕ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ ਸਗੋਂ ਵਿਦਿਆਰਥੀਆਂ ਨੂੰ ਮੁਕਾਬਲੇ ਦੀ ਪ੍ਰੀਖਿਆ ਦੀ ਕੋਚਿੰਗ ਵੀ ਦਿੱਤੀ ਜਾਇਆ ਕਰੇਗੀ ਤਾਂ ਕਿ ਇਹ ਬੱਚੇ ਪ੍ਰਾਈਵੇਟ ਤੇ ਕਾਨਵੈਂਟ ਸਕੂਲਾਂ ਵਿੱਚ ਪੜ੍ਹਦੇ ਹਾਣੀ ਬੱਚਿਆਂ ਨਾਲ ਮੁਕਾਬਲਾ ਕਰ ਸਕਣ।ਇਸ ਤੋਂ ਪਹਿਲਾਂ ਮੁੱਖ ਮੰਤਰੀ, ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਅਤੇ ਕੇਂਦਰੀ ਮਨੁੱਖੀ ਵਸੀਲਿਆਂ ਬਾਰੇ ਮੰਤਰੀ ਸ੍ਰੀਮਤੀ ਸਮ੍ਰਿਤੀ ਇਰਾਨੀ ਨੇ ਮੈਰੀਟੋਰੀਅਸ ਸਕੂਲ ਦੇ ਵਿਦਿਆਰਥੀਆਂ ਨਾਲ ਵਿਸਥਾਰ ਵਿੱਚ ਗੱਲਬਾਤ ਕੀਤੀ।ਇਸ ਮੌਕੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਮੁੱਖ ਸੰਸਦੀ ਸਕੱਤਰ ਸ੍ਰੀ ਸਰੂਪ ਚੰਦ ਸਿੰਗਲਾ, ਉਪ ਮੁੱਖ ਮੰਤਰੀ ਦੇ ਸਹਾਇਕ ਮੀਡੀਆ ਸਲਾਹਕਾਰ ਸ੍ਰੀ ਹਰਜਿੰਦਰ ਸਿੱਧੂ ਅਤੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਕੇ.ਜੇ.ਐਸ. ਚੀਮਾ ਹਾਜ਼ਰ ਸਨ।