ਅੱਜ ਰੇਲ ਅਤੇ ਸੜਕ ਆਵਾਜਾਈ ਰੋਕਣ ਵਾਲੀਆਂ ਕੁੱਝ ਕਿਸਾਨ ਜਥੇਬੰਦੀਆਂ 'ਤੇ ਪੰਜਾਬ ਦੇ ਉੱਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਨੇ ਦੋਸ਼ ਲਗਾਇਆ ਹੈ ਕਿ ਇਹ ਜਥੇਬੰਦੀਆਂ ਕਿਸਾਨ ਮੁੱਦਿਆਂ 'ਤੇ ਸੌੜੀ ਸਿਆਸਤ ਰਾਹੀਂ ਕਿਸਾਨਾਂ ਨੂੰ ਗੁੰਮਰਾਹ ਕਰ ਰਹੀਆਂ ਹਨ, ਜੋ ਕਿ ਕਿਸਾਨਾਂ ਦੇ ਹਿੱਤ ਵਿਚ ਨਹੀਂ ਹੈ। ਉਨ੍ਹਾਂ ਕਿਹਾ ਕਿ ਰਾਜ ਅੰਦਰ ਨਕਲੀ ਕੀਟਨਾਸ਼ਕਾਂ ਦੀ ਖਰੀਦ ਬਾਰੇ ਪੰਜਾਬ ਸਰਕਾਰ ਵੱਲੋਂ ਨਿਰਪੱਖ ਜਾਂਚ ਕਰਵਾਈ ਜਾ ਰਹੀ ਹੈ ਤੇ ਇਸ ਵਿੱਚ ਦੋਸ਼ੀਆਂ ਖ਼ਿਲਾਫ਼ ਕਾਨੂੰਨ ਮੁਤਾਬਿਕ ਸਖ਼ਤ ਕਾਰਵਾਈ ਕੀਤੀ ਜਾਵੇਗੀ।ਅੱਜ ਸਥਾਨਕ ਮਾਡਲ ਟਾਊਨ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਪੁੱਤਰ ਸਵ. ਤਜਿੰਦਰਪਾਲ ਸਿੰਘ (ਸੋਨੀ ਮੱਕੜ) ਦੀ ਦੂਜੀ ਬਰਸੀ ਸਮਾਗਮ ਵਿੱਚ ਸ਼ਿਰਕਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੈਰ ਰਸਮੀਂ ਗੱਲਬਾਤ ਕਰਦਿਆਂ ਸ੍ਰ. ਬਾਦਲ ਨੇ ਕਿਹਾ ਕਿ ਕੁਝ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਰੇਲ ਅਤੇ ਹੋਰ ਆਵਾਜਾਈ ਰਸਤਿਆਂ ਨੂੰ ਰੋਕਣ ਤੋਂ ਸਪੱਸ਼ਟ ਹੋ ਗਿਆ ਹੈ ਕਿ ਇਹ ਜਥੇਬੰਦੀਆਂ ਆਪਣੇ ਸੌੜੇ ਹਿੱਤਾਂ ਲਈ ਕਿਸਾਨ ਮੁੱਦਿਆਂ 'ਤੇ ਗੁੰਮਰਾਹਕੁੰਨ ਸਿਆਸਤ ਕਰ ਰਹੀਆਂ ਹਨ, ਜੋ ਕਿ ਬਹੁਤ ਮਾੜੀ ਗੱਲ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਪਰਕਾਸ਼ ਸਿੰਘ ਬਾਦਲ ਕਿਸਾਨੀ ਦੇ ਸਭ ਤੋਂ ਵੱਧ ਫਿਕਰਮੰਦ ਹਨ ਤੇ ਕਿਸਾਨਾਂ ਦੀ ਬੇਹਤਰੀ ਵਾਲੀ ਕੋਈ ਵੀ ਸਾਰਥਿਕ ਗੱਲਬਾਤ ਲਈ ਉਨ੍ਹਾਂ ਦੇ ਦਰਵਾਜੇ ਹਮੇਸ਼ਾਂ ਹਰੇਕ ਲਈ ਖੁੱਲ੍ਹੇ ਰਹਿੰਦੇ ਹਨ।
ਉਨ੍ਹਾਂ ਕਿਹਾ ਕਿ ਸ੍ਰ. ਬਾਦਲ ਦੇਸ਼ ਦੇ ਪਹਿਲੇ ਉਹ ਮੁੱਖ ਮੰਤਰੀ ਹਨ, ਜਿਨ੍ਹਾਂ ਨੇ ਆਪਣੇ ਸੂਬੇ ਦੇ ਕਿਸਾਨਾਂ ਨੂੰ ਸਭ ਤੋਂ ਵਧੇਰੇ ਸਹੂਲਤਾਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਨਰਮੇ 'ਤੇ ਚਿੱਟੀ ਮੱਖੀ ਦੇ ਹਮਲੇ ਨਾਲ ਸਭ ਤੋਂ ਵਧੇਰੇ ਨੁਕਸਾਨ ਹਰਿਆਣਾ ਅਤੇ ਰਾਜਸਥਾਨ ਵਿੱਚ ਹੋਇਆ ਹੈ, ਪੰਜਾਬ ਇਸ ਮਾਮਲੇ ਵਿੱਚ ਤੀਜੇ ਸਥਾਨ 'ਤੇ ਹੈ। ਜਦਕਿ ਕਿਸਾਨਾਂ ਨੂੰ ਮੁਆਵਜ਼ਾ ਦੇਣ ਅਤੇ ਨਕਲੀ ਕੀਟਨਾਸ਼ਕਾਂ ਦੀ ਖਰੀਦ ਦੀ ਜਾਂਚ ਵਿੱਚ ਸਭ ਤੋਂ ਮੋਹਰੀ ਅਤੇ ਹਾਂ ਪੱਖੀ ਕਦਮ ਪੰਜਾਬ ਸਰਕਾਰ ਨੇ ਉਠਾਏ ਹਨ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਨਰਮੇ ਦੇ ਹੋਏ ਨੁਕਸਾਨ ਲਈ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਮੁਆਵਜ਼ੇ ਨੂੰ 3000 ਰੁਪਏ ਪ੍ਰਤੀ ਏਕੜ ਤੋਂ ਵਧਾ ਕੇ 8000 ਰੁਪਏ ਕਰ ਦਿੱਤਾ ਹੈ, ਜਦਕਿ ਬਾਕੀ ਸੂਬਿਆਂ ਵੱਲੋਂ ਦਿੱਤੀ ਜਾ ਰਹੀ ਮੁਆਵਜ਼ਾ ਰਾਸ਼ੀ ਬਹੁਤ ਘੱਟ ਹੈ। ਇਕ ਹੋਰ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਨਕਲੀ ਕੀਟਨਾਸ਼ਕਾਂ ਦੀ ਖਰੀਦ ਬਾਰੇ ਏ. ਡੀ. ਜੀ. ਪੀ. ਦੀ ਅਗਵਾਈ ਵਿੱਚ ਬਣਾਈ ਉੱਚ ਪੱਧਰੀ ਟੀਮ ਵੱਲੋਂ ਜਾਂਚ ਕਰਵਾਈ ਜਾ ਰਹੀ ਹੈ ਅਤੇ ਦੋਸ਼ੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਉਨ੍ਹਾਂ ਸਵਰਗੀ ਤਜਿੰਦਰਪਾਲ ਸਿੰਘ ਦੇ ਬਰਸੀ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਦੀ ਸ਼੍ਰੋਮਣੀ ਅਕਾਲੀ ਦਲ ਅਤੇ ਸਿੱਖ ਪੰਥ ਨੂੰ ਬਹੁਤ ਵੱਡੀ ਦੇਣ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਸ਼੍ਰੋਮਣੀ ਅਕਾਲੀ ਦਲ ਪਰਿਵਾਰ ਦੇ ਮੋਹਰੀ ਮੈਂਬਰ ਹਨ। ਉਨ੍ਹਾਂ ਮੱਕੜ ਪਰਿਵਾਰ ਦੀ ਪੰਥ ਅਤੇ ਪੰਜਾਬ ਪ੍ਰਤੀ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਤੇ ਭਾਈ ਸਤਿੰਦਰਬੀਰ ਸਿੰਘ ਰਾਗੀ ਨੇ ਕੀਰਤਨ ਦੀ ਸੇਵਾ ਨਿਭਾਈ।ਸ਼ਰਧਾਂਜਲੀ ਸਮਾਗਮ ਮੌਕੇ ਹੋਰਨਾਂ ਤੋਂ ਇਲਾਵਾ ਸ੍ਰ. ਮਹੇਸ਼ਇੰਦਰ ਸਿੰਘ ਗਰੇਵਾਲ ਸਲਾਹਕਾਰ ਮੁੱਖ ਮੰੰਤਰੀ, ਸ੍ਰ. ਸ਼ਰਨਜੀਤ ਸਿੰਘ ਢਿੱਲੋਂ ਸਿੰਚਾਈ ਮੰਤਰੀ, ਸ੍ਰ.ਹੀਰਾ ਸਿੰਘ ਗਾਬੜੀਆ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਸ੍ਰ. ਮਨਪ੍ਰੀਤ ਸਿੰਘ ਇਆਲੀ, ਸ੍ਰ. ਰਣਜੀਤ ਸਿੰਘ ਢਿੱਲੋਂ, ਸ੍ਰ. ਦਰਸ਼ਨ ਸਿੰਘ ਸ਼ਿਵਾਲਿਕ, ਸ੍ਰੀ ਐਸ.ਆਰ.ਕਲੇਰ, ਸ੍ਰੀ ਰਾਕੇਸ਼ ਪਾਂਡੇ (ਸਾਰੇ ਵਿਧਾਇਕ), ਸ੍ਰ. ਅਮਰੀਕ ਸਿੰਘ ਆਲੀਵਾਲ ਚੈਅਰਮੈਨ ਪੰਜਾਬ ਐਗਰੋ, ਸ੍ਰ. ਮਨਜਿੰਦਰ ਸਿੰਘ ਸਿਰਸਾ ਜਨਰਲ ਸਕੱਤਰ ਦਿੱਲੀ ਸਿੱਖ ਗੁਰੁਦੁਆਰਾ ਪ੍ਰਬੰਧਕ ਕਮੇਟੀ, ਪ੍ਰੋ: ਕ੍ਰਿਪਾਲ ਸਿੰਘ ਬਡੂੰਗਰ ਸਾਬਕਾ ਪ੍ਰਧਾਨ ਐਸ.ਜੀ.ਪੀ.ਸੀ., ਸ੍ਰ. ਰਣਜੀਤ ਸਿੰਘ ਤਲਵੰਡੀ ਸਾਬਕਾ ਵਿਧਾਇਕ, ਸ੍ਰੀ ਮਲਕੀਤ ਸਿੰਘ ਦਾਖਾ ਸਾਬਕਾ ਵਿਧਾਇਕ, ਉੱਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਤਿਵਾੜੀ, ਡਿਪਟੀ ਕਮਿਸ਼ਨਰ ਸ੍ਰੀ ਰਜਤ ਅਗਰਵਾਲ, ਪੁਲਿਸ ਕਮਿਸ਼ਨਰ ਸ੍ਰ. ਪਰਮਰਾਜ ਸਿੰਘ ਉਮਰਾਨੰਗਲ, ਡੀ. ਆਈ. ਜੀ. ਸ੍ਰੀ ਏ. ਕੇ. ਮਿੱਤਲ, ਸ੍ਰ. ਹਰਭਜਨ ਸਿੰਘ ਡੰਗ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਲੁਧਿਆਣਾ-2, ਸ੍ਰੀ ਮਦਨ ਲਾਲ ਬੱਗਾ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਲੁਧਿਆਣਾ-1, ਸ੍ਰ. ਹਰਚਰਨ ਸਿੰਘ ਚੀਫ਼ ਸਕੱਤਰ, ਸ੍ਰ. ਕੇਵਲ ਸਿੰਘ ਬਾਦਲ ਸ਼੍ਰੋਮਣੀ ਕਮੇਟੀ ਦੇ ਮੀਤ ਪ੍ਰਧਾਨ, ਜਥੇਦਾਰ ਜਗਜੀਤ ਸਿੰਘ ਤਲਵੰਡੀ, ਭਾਈ ਗੁਰਚਰਨ ਸਿੰਘ ਗਰੇਵਾਲ, ਸ੍ਰ. ਰਘਬੀਰ ਸਿੰਘ ਸਹਾਰਨ ਮਾਜਰਾ, ਭਾਈ ਅਮਰਜੀਤ ਸਿੰਘ ਚਾਵਲਾ (ਸਾਰੇ ਮੈਂਬਰ ਸ਼੍ਰੋਮਣੀ ਕਮੇਟੀ), ਸ੍ਰ. ਪਰਮਜੀਤ ਸਿੰਘ ਖਾਲਸਾ, ਬਾਬਾ ਹਰਨਾਮ ਸਿੰਘ ਖਾਲਸਾ ਮੁੱਖੀ ਦਮਦਮੀ ਟਕਸਾਲ, ਬਾਬਾ ਬਲਵੀਰ ਸਿੰਘ ਮੁੱਖੀ ਬੁੱਢਾ ਦਲ, ਬਾਬਾ ਜਸਵੰਤ ਸਿੰਘ ਨਾਨਕਸਰ ਸਮਰਾਲਾ ਚੌਂਕ, ਸਿੰਘ ਸਾਹਿਬ ਗਿਆਨੀ ਮੋਹਨ ਸਿੰਘ, ਸ੍ਰ. ਤਰਸੇਮ ਸਿੰਘ ਭਿੰਡਰ ਪ੍ਰਧਾਨ ਯੂਥ ਅਕਾਲੀ ਦਲ ਮਾਲਵਾ ਜੋਨ, ਬੀਬੀ ਸੁਰਿੰਦਰ ਕੌਰ ਦਿਆਲ ਇਸਤਰੀ ਅਕਾਲੀ ਦਲ, ਬੀਬੀ ਨੀਲਮ ਕੋਹਲੀ ਇਸਤਰੀ ਅਕਾਲੀ ਦਲ, ਸ੍ਰ. ਮਨਜੀਤ ਸਿੰਘ ਰਾਏਕੋਟ, ਸ੍ਰੀ ਬਲਦੇਵ ਕ੍ਰਿਸ਼ਨ ਅਰੋੜਾ ਅਤੇ ਹੋਰ ਹਾਜ਼ਰ ਸਨ।