ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪੰਜਾਬ ਦੇ ਸਰਹੱਦੀ ਖੇਤਰ ਦੇ ਕਿਸਾਨਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਂਵਾਂ ਤੋਂ ਕਰਵਾਇਆ ਜਾਣੂੰ ਕਰਵਾਇਆ। ਇਸ ਮੌਕੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਅਤੇ ਪੰਜਾਬ ਦੇ ਪੁਲਿਸ ਮੁਖੀ ਸ੍ਰੀ ਸੁਰੇਸ਼ ਅਰੋੜਾ ਵੀ ਉਨ੍ਹਾਂ ਦੇ ਨਾਲ ਸਨ। ਇਸ ਸਬੰਧੀ ਜ਼ਿਆਦਾ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਸ੍ਰੀ ਰਾਜਨਾਥ ਸਿੰਘ ਨੂੰ ਜਾਣਕਾਰੀ ਦਿੱਤੀ ਕਿ ਪੰਜਾਬ ਦੇ ਸਰਹੱਦੀ ਖੇਤਰ ਦੇ ਜਿਨ੍ਹਾਂ ਕਿਸਾਨਾਂ ਦੀਆਂ ਜ਼ਮੀਨਾਂ ਕੰਡਿਆਲੀ ਤਾਰ ਦੇ ਪਾਰ ਹਨ ਉਨ੍ਹਾਂ ਨੂੰ ਉਸ ਸਮੇਂ ਭਾਰੀ ਦਿੱਕਤਾਂ ਅਤੇ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਜਦੋਂ ਵੀ ਭਾਰਤ ਅਤੇ ਪਾਕਿਸਤਾਨ ਦੇ ਰਿਸ਼ਤਿਆਂ ਵਿਚ ਕੋਈ ਖੱਟਾਸ ਆਉਂਦੀ ਹੈ।
ਉਨ੍ਹਾਂ ਦੱਸਿਆ ਕਿ ਦੋਵਾਂ ਮੁਲਕਾਂ ਦੇ ਸਬੰਧਾਂ ਵਿਚ ਤਬਦੀਲੀ ਆਉਣ ਦਾ ਖਾਮਿਆਜ਼ਾ ਪੰਜਾਬੀ ਕਿਸਾਨਾਂ ਨੂੰ ਭੁਗਤਣਾ ਪੈਂਦਾ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਵਿਚ ਭਾਰੀ ਵਾਧਾ ਹੋ ਜਾਂਦਾ ਹੈ ਕਿਉਂ ਕਿ ਉਨ੍ਹਾਂ ਨੂੰ ਆਪਣੀ ਜ਼ਮੀਨ ਤੱਕ ਪੁੱਜਣ ਲਈ ਕਈ ਔਕੜਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸ. ਬਾਦਲ ਨੇ ਦੱਸਿਆ ਕਿ ਇਨ੍ਹਾਂ ਕਿਸਾਨਾਂ ਦੇ ਪਰਿਵਾਰਾਂ ਦਾ ਗੁਜ਼ਾਰਾ ਸਿਰਫ ਖੇਤੀ ਉਪਜ ਨਾਲ ਹੀ ਚੱਲਦਾ ਹੈ ਅਤੇ ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਜਦੋਂ ਵੀ ਦੋਵਾਂ ਮੁਲਕਾਂ ਵਿਚਕਾਰ ਅਜਿਹੇ ਹਾਲਾਤ ਪੈਦਾ ਹੁੰਦੇ ਹਨ ਅਤੇ ਕਿਸਾਨਾਂ ਨੂੰ ਖੇਤੀ ਕਰਨ ਵਿਚ ਮੁਸ਼ਕਿਲ ਆਉਂਦੀ ਹੈ ਤਾਂ ਕੇਂਦਰ ਸਰਕਾਰ ਇਨ੍ਹਾਂ ਸਰਹੱਦੀ ਖੇਤਰ ਦੇ ਕਿਸਾਨਾਂ ਦੀ ਵਿੱਤੀ ਸਹਾਇਤਾ ਕਰੇ। ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੇ ਸ. ਬਾਦਲ ਅਤੇ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਦੀ ਗੱਲ ਨੂੰ ਬਹੁਤ ਧਿਆਨ ਨਾਲ ਸੁਣਿਆਂ ਅਤੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਦੀ ਇਸ ਮੰਗ ਨੂੰ ਕੇਂਦਰੀ ਗ੍ਰਹਿ ਮੰਤਰਾਲਾ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਕੋਲ ਚੁੱਕੇਗਾ ਅਤੇ ਇਸ ਦਾ ਸਾਰਥਕ ਹੱਲ ਕੱਢਿਆ ਜਾਵੇਗਾ।