ਨੰਬਰਦਾਰ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਤਰਲੋਚਨ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਅੱਜ ਪਿੰਡ ਬਲੌਂਗੀ ਵਿੱਚ ਹੋਈ ਮੀਟਿੰਗ ਵਿੱਚ ਨੰਬਰਦਾਰਾਂ ਨੂੰ ਦਰਪੇਸ਼ ਮੁਸ਼ਕਲਾਂ 'ਤੇ ਖੁੱਲ੍ਹ ਕੇ ਚਰਚਾ ਕੀਤੀ ਗਈ। ਮੀਟਿੰਗ ਵਿੱਚ ਨੰਬਰਦਾਰਾਂ ਦੀ ਜੱਦੀ ਪੁਸ਼ਤੀ ਦੀ ਮੰਗ ਪੂਰੀ ਨਾ ਹੋਣ ਕਾਰਨ ਨੰਬਰਦਾਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਨੰਬਰਦਾਰਾਂ ਵੱਲੋਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰੀ ਰਿਹਾਇਸ਼ ਦਾ ਘਿਰਾਓ ਕਰਨ ਦਾ ਫੈਸਲਾ ਕੀਤਾ ਗਿਆ।
ਸ੍ਰੀ ਮਾਨ ਨੇ ਕਿਹਾ ਕਿ ਨੰਬਰਦਾਰਾਂ ਦੀ ਜੱਦੀ ਪੁਸ਼ਤੀ ਦੀ ਮੰਗ ਪਿਛਲੇ ਲੰਮੇ ਸਮੇਂ ਲਮਕ ਵਿੱਚ ਪਈ ਹੈ ਅਤੇ ਇਸ ਸਬੰਧੀ ਮੁੱਖ ਮੰਤਰੀ ਅਤੇ ਮਾਲ ਮੰਤਰੀ ਸਮੇਤ ਹੋਰ ਕਈ ਕੈਬਨਿਟ ਮੰਤਰੀਆਂ ਅਤੇ ਸੀਨੀਅਰ ਆਗੂਆਂ ਨੂੰ ਕਈ ਵਾਰ ਮੰਗ ਪੱਤਰ ਸੌਂਪੇ ਜਾ ਚੁੱਕੇ ਹਨ ਅਤੇ ਸਰਕਾਰੀ ਤੇ ਗ਼ੇਰ ਸਰਕਾਰੀ ਸਮਾਗਮਾਂ ਦੌਰਾਨ ਨਿੱਜੀ ਤੌਰ 'ਤੇ ਮਿਲ ਕੇ ਗੁਹਾਰ ਲਗਾਈ ਜਾ ਚੁੱਕੀ ਹੈ ਲੇਕਿਨ ਹੁਣ ਤੱਕ ਝੂਠੇ ਲਾਰਿਆਂ ਤੋਂ ਬਿਨਾਂ ਨੰਬਰਦਾਰਾਂ ਦੇ ਪੱਲੇ ਕੁੱਝ ਨਹੀਂ ਪਿਆ।
ਉਨ੍ਹਾਂ ਮੰਗ ਕੀਤੀ ਕਿ ਨੰਬਰਦਾਰਾਂ ਨੂੰ ਆਪਣੀ ਗਤੀਵਿਧੀਆਂ ਚਲਾਉਣ ਲਈ ਪੰਜਾਬ ਭਰ ਵਿੱਚ ਤਹਿਸੀਲ ਕੰਪਲੈਕਸਾਂ ਵਿੱਚ ਦਫ਼ਤਰ ਲਈ ਹਵਾਦਾਰ ਕਮਰਾ ਅਤੇ ਮੁਫ਼ਤ ਬੱਸ ਸੁਵਿਧਾ ਮੁਹੱਈਆ ਕਰਵਾਈ ਜਾਵੇਗੀ। ਨੰਬਰਦਾਰਾਂ ਨੇ ਆਪਣੀਆਂ ਉਕਤ ਮੰਗ ਮਨਵਾਉਣ ਲਈ ਰਾਜ ਸਰਕਾਰ ਨੂੰ 31 ਜੁਲਾਈ ਤੱਕ ਦਾ ਅਲਟੀਮੇਟਮ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਅਗਸਤ ਦੇ ਪਹਿਲੇ ਹਫ਼ਤੇ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਸੱਦੀ ਜਾਵੇਗੀ ਅਤੇ ਅਗਲੇ ਪ੍ਰੋਗਰਾਮ ਦੀ ਰੂਪ-ਰੇਖਾ ਉਲੀਕੀ ਜਾਵੇਗੀ।ਇਸ ਮੀਟਿੰਗ ਵਿੱਚ ਨੰਬਰਦਾਰ ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਹਰਬੰਸ ਸਿੰਘ ਈਸਰਹੇਲ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਪ੍ਰਧਾਨ ਕੁਲਵੰਤ ਸਿੰਘ ਝਾਮਪੁਰ, ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜੰਗ ਸਿੰਘ ਦੁਘਾਟ, ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਜੋਗਿੰਦਰ ਸਿੰਘ ਦਬੁਰਜੀ, ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਬਲਵੰਤ ਸਿੰਘ ਸਮੇਤ ਹੋਰ ਮੈਂਬਰਾਨ ਹਾਜ਼ਰ ਸਨ।