ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਆਮ ਆਦਮੀ ਪਾਰਟੀ (ਆਪ) 'ਤੇ ਹਮਲਾ ਬੋਲਦਿਆਂ ਕਿਹਾ ਕਿ ਇਸ ਪਾਰਟੀ ਦੀ ਲੀਡਰਸ਼ਿਪ ਨੇ ਸਾਰੇ ਲੋਕਤੰਤਰੀ ਨਿਯਮਾਂ ਨੂੰ ਛਿੱਕੇ ਟੰਗ ਦਿੱਤਾ ਹੈ, ਜਿਸਦਾ ਸਬੂਤ ਅੱਜ ਪਾਰਟੀ ਵੱਲੋਂ ਸਾਲ 2017 ਵਿਧਾਨ ਸਭਾ ਚੋਣਾਂ ਲਈ ਐਲਾਨੀਆਂ ਗਈਆਂ ਟਿਕਟਾਂ ਤੋਂ ਮਿਲਦਾ ਹੈ। ਆਪ 'ਤੇ ਤਿੱਖਾ ਵਾਰ ਕਰਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਪੈਸੇ ਲੈ ਕੇ ਟਿਕਟਾਂ ਵੇਚਣ ਦਾ ਰਸਤਾ ਅਖ਼ਤਿਆਰ ਕਰਨ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਥੋੜੀ ਹੈ। ਉਨ੍ਹਾਂ ਕਿਹਾ ਇਹ ਸਾਰੇ ਦੋਸ਼ ਆਪ ਪਾਰਟੀ ਦੇ ਵਲੰਟੀਅਰ ਅਤੇ ਵਰਕਰ ਸ਼ਰ੍ਹੇਆਮ ਲਗਾ ਰਹੇ ਹਨ, ਜਿਨ੍ਹਾਂ ਦਾ ਕਿ ਲੋਕਾਂ ਨੂੰ ਗੰਭੀਰ ਨੋਟਿਸ ਲੈਣਾ ਚਾਹੀਦਾ ਹੈ।ਅੱਜ ਸਥਾਨਕ ਪੈਲੇਸ ਵਿਖੇ ਮਾਈ ਭਾਗੋ ਵਿਦਿਆ ਯੋਜਨਾ ਤਹਿਤ ਵਿਦਿਆਰਥਣਾਂ ਨੂੰ ਮੁਫ਼ਤ ਸਾਈਕਲਾਂ ਦੀ ਵੰਡ ਕਰਨ ਲਈ ਰੱਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰ. ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਉਨ੍ਹਾਂ ਲੋਕਾਂ ਦਾ ਟੋਲਾ ਹੈ, ਜੋ ਕਿ ਪੰਜਾਬ ਦੀ ਸੱਤਾ ਨੂੰ ਹਥਿਆਉਣ ਲਈ ਸੂਬੇ ਤੋਂ ਬਾਹਰੋਂ ਇਕੱਠੇ ਹੋਏ ਹਨ ਅਤੇ ਇਨ੍ਹਾਂ ਨੂੰ ਪੰਜਾਬ, ਪੰਜਾਬੀ, ਪੰਜਾਬੀਅਤ ਅਤੇ ਪੰਜਾਬੀ ਲੋਕਾਂ ਨਾਲ ਕੋਈ ਲੈਣਾ ਦੇਣਾ ਨਹੀਂ ਹੈ।
ਆਪ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਬਾਰੇ ਸ੍ਰ. ਬਾਦਲ ਨੇ ਕਿਹਾ ਕਿ ਕੇਜਰੀਵਾਲ ਦੀ ਕਹਿਣੀ ਅਤੇ ਕਥਨੀ ਵਿੱਚ ਬਹੁਤ ਫਰਕ ਹੈ ਅਤੇ ਉਹ ਗੱਲ ਕਹਿ ਕੇ ਮੁਕਰਨ ਵਾਲਾ ਵਿਅਕਤੀ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਪਹਿਲਾਂ ਸਤਲੁੱਜ ਯਮੁਨਾ ਲਿੰਕ ਨਹਿਰ ਬਾਰੇ ਪੰਜਾਬ ਦਾ ਪੱਖ ਪੂਰਿਆ ਪਰ ਜਦ ਉਹ ਦਿੱਲੀ ਗਿਆ ਤਾਂ ਉਥੇ ਉਸਨੇ ਪੰਜਾਬੀਆਂ ਦੇ ਪਿੱਠ ਵਿੱਚ ਛੁਰਾ ਮਾਰ ਕੇ ਹਰਿਆਣਾ ਦਾ ਪੱਖ ਪੂਰਨਾ ਸ਼ੁਰੂ ਕਰ ਦਿੱਤਾ। ਕੇਜਰੀਵਾਲ ਨੂੰ ਮੌਕਾਪ੍ਰਸਤ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਆਪ ਦੇ ਕਨਵੀਨਰ ਦਾ ਇੱਕ ਨੁਕਾਤੀ ਏਜੰਡਾ ਆਪਣੇ ਹਿੱਤਾਂ ਲਈ ਪੰਜਾਬ ਦਾ ਇਸਤੇਮਾਲ ਕਰਨਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਅੰਨਾ ਹਜ਼ਾਰੇ ਨਾਲ ਖਾਧੀ ਸਹੁੰ ਤੋੜ ਕੇ ਰਾਜਨੀਤੀ ਵਿੱਚ ਸ਼ਾਮਿਲ ਹੋ ਕੇ ਧੋਖਾ ਕੀਤਾ, ਜਿਸ 'ਤੇ ਪੰਜਾਬੀਆਂ ਨੂੰ ਕਦੇ ਵੀ ਵਿਸ਼ਵਾਸ਼ ਨਹੀਂ ਕਰਨਾ ਚਾਹੀਦਾ ਹੈ।ਆਪ ਅਤੇ ਕਾਂਗਰਸ 'ਤੇ ਪੰਜਾਬੀਆਂ ਨੂੰ ਨਸ਼ੇ ਦੇ ਨਾਮ 'ਤੇ ਬਦਨਾਮ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਇਨ੍ਹਾਂ ਦੋਵਾਂ ਪਾਰਟੀਆਂ ਨੂੰ ਲੋਕ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਦੀ ਅਸਲੀ ਥਾਂ 'ਤੇ ਭੇਜ ਦੇਣਗੇ। ਕਿਉਂਕਿ ਇਹ ਦੋਵੇਂ ਪਾਰਟੀਆਂ ਪੰਜਾਬੀਆਂ ਨੂੰ ਬਦਨਾਮ ਕਰਨ ਵਿੱਚ ਬਰਾਬਰ ਦੀਆਂ ਭਾਈਵਾਲ ਹਨ। ਸ੍ਰ. ਬਾਦਲ ਨੇ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਮੁੱਖ ਮੁਕਾਬਲਾ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਅਤੇ ਕਾਂਗਰਸ ਪਾਰਟੀ ਦਰਮਿਆਨ ਹੋਵੇਗਾ ਜਦਕਿ ਆਪ ਪਾਰਟੀ ਤੀਜੇ ਨੰਬਰ 'ਤੇ ਰਹੇਗੀ। ਮੌਜੂਦਾ ਸਤਲੁੱਜ ਯਮੁਨਾ ਲਿੰਕ ਨਹਿਰ ਦੇ ਮੁੱਦੇ ਨੂੰ ਕਾਂਗਰਸ ਪਾਰਟੀ ਦੀ ਦੇਣ ਕਰਾਰ ਦਿੰਦਿਆਂ ਸ੍ਰ. ਬਾਦਲ ਨੇ ਕਿਹਾ ਕਿ 1982 ਵਿੱਚ ਕਪੂਰੀ ਵਿਖੇ ਇਸ ਨਹਿਰ ਦਾ ਨੀਂਹ ਪੱਥਰ ਰੱਖਣ ਵੇਲੇ ਕੈਪਟਨ ਅਮਰਿੰਦਰ ਸਿੰਘ ਮੌਕੇ 'ਤੇ ਹਾਜ਼ਰ ਸਨ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬੀਆਂ ਦੀ ਨੁਮਾਇੰਦਗੀ ਕਰਨ ਵਾਲੀ ਸਭ ਤੋਂ ਪੁਰਾਣੀ ਪਾਰਟੀ ਹੈ, ਜੋ ਕਿ ਲੋਕਾਂ ਅਤੇ ਪੰਜਾਬ ਦੀਆਂ ਸਮੱਸਿਆਵਾਂ ਨੂੰ ਚੰਗੀ ਤਰ੍ਹਾਂ ਸਮਝਦੀ ਹੈ ਅਤੇ ਪਾਰਟੀ ਨੇ ਸੂਬੇ ਦੀਆਂ ਹੱਕੀ ਮੰਗਾਂ ਲਈ ਹਮੇਸ਼ਾਂ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਪੰਜਾਬ ਤੋਂ ਬਾਹਰੀ ਤਾਕਤਾਂ ਦਾ ਮੁਕਾਬਲਾ ਕਰਨ ਲਈ ਦ੍ਰਿੜ ਸੰਕਲਪ ਹਨ।ਸੂਬੇ ਦੇ ਵਿਕਾਸ ਦੀ ਗੱਲ ਕਰਦਿਆਂ ਸ੍ਰ. ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਪਰਕਾਸ਼ ਸਿੰਘ ਬਾਦਲ ਦੀ ਦੂਰਅੰਦੇਸ਼ੀ ਸੋਚ ਦੇ ਚੱਲਦਿਆਂ ਪੰਜਾਬ ਅੱਜ ਵਿਕਾਸ ਦੇ ਨਵੇਂ ਦਿਸਹੱਦੇ ਕਾਇਮ ਕਰ ਰਿਹਾ ਹੈ। ਪੰਜਾਬ ਨੂੰ ਵਾਧੂ ਬਿਜਲੀ ਉਤਪਾਦਨ ਵਾਲਾ ਸੂਬਾ ਬਣਾਉਣ ਦੇ ਨਾਲ-ਨਾਲ ਸਾਰੀਆਂ ਸੜਕਾਂ ਨੂੰ 4-6 ਮਾਰਗੀ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸਾਰੇ ਲੋਕਾਂ ਨੂੰ 100 ਫੀਸਦੀ ਸ਼ੁੱਧ ਪੀਣ ਵਾਲਾ ਪਾਣੀ ਅਤੇ ਸੀਵਰੇਜ਼ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਕਿਸਾਨਾਂ ਨੂੰ ਖੇਤੀਬਾੜੀ ਲਈ 1.2 ਲੱਖ ਬਿਜਲੀ ਕੁਨੈਕਸ਼ਨ ਦੇਣ ਦੇ ਨਾਲ-ਨਾਲ ਕਿਸਾਨਾਂ, ਵਪਾਰੀਆਂ ਅਤੇ ਨੀਲੇ ਕਾਰਡ ਧਾਰਕਾਂ ਲਈ ਭਗਤ ਪੂਰਨ ਸਿੰਘ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਸਾਰੇ ਲੋਕ ਹਿੱਤ ਕੰਮਾਂ ਦਾ ਵੇਰਵਾ ਪੇਸ਼ ਕੀਤਾ।ਸ੍ਰ. ਬਾਦਲ ਨੇ ਕਿਹਾ ਕਿ ਹਲਕਾ ਰਾਏਕੋਟ ਦੇ ਵਿਕਾਸ ਲਈ 21 ਕਰੋੜ ਰੁਪਏ ਤੋਂ ਵਧੇਰੇ ਦੀ ਰਾਸ਼ੀ ਖਰਚੀ ਗਈ ਹੈ ਅਤੇ ਉਹ ਜਲਦੀ ਹੀ ਹਲਕਾ ਰਾਏਕੋਟ ਵਿਖੇ ਸੰਗਤ ਦਰਸ਼ਨ ਵੀ ਕਰਨਗੇ। ਇਥੇ ਇਹ ਵਿਸ਼ੇਸ਼ ਤੌਰ 'ਤੇ ਦੱਸਣਯੋਗ ਹੈ ਕਿ ਸ੍ਰ. ਬਾਦਲ ਨੇ ਅੱਜ ਆਪਣੇ ਸਾਰੇ ਸੁਰੱਖਿਆ ਘੇਰਿਆਂ ਨੂੰ ਤੋੜ ਕੇ ਲੋਕਾਂ ਨਾਲ ਸਾਂਝ ਪਾਈ ਅਤੇ ਉਨ੍ਹਾਂ ਨਾਲ ਖੂਬ ਸੈਲਫੀਆਂ ਕਰਵਾਈਆਂ। ਲੋਕਾਂ ਦਾ ਹਜ਼ੂਮ ਉਨ੍ਹਾਂ ਦੀ ਇੱਕ ਝਲਕ ਪਾਉਣ ਲਈ ਉਤਾਵਲਾ ਸੀ।
ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ੍ਰ. ਜਗਜੀਤ ਸਿੰਘ ਤਲਵੰਡੀ ਨੇ ਉੱਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਅਤੇ ਹੋਰ ਸਖ਼ਸ਼ੀਅਤਾਂ ਦਾ ਸਵਾਗਤ ਕੀਤਾ ਅਤੇ ਹਲਕੇ ਦੇ ਕੀਤੇ ਜਾ ਰਹੇ ਵਿਕਾਸ ਲਈ ਧੰਨਵਾਦ ਕੀਤਾ। ਸਾਬਕਾ ਮੁੱਖ ਸੰਸਦੀ ਸਕੱਤਰ ਸ੍ਰ. ਬਿਕਰਮਜੀਤ ਸਿੰਘ ਖਾਲਸਾ ਨੇ ਹਲਕੇ ਦੇ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਦਾ ਵੇਰਵਾ ਪੇਸ਼ ਕੀਤਾ ਅਤੇ ਰਹਿੰਦੇ ਵਿਕਾਸ ਕਾਰਜਾਂ ਲਈ ਲੋੜੀਂਦੀ ਕਾਰਵਾਈ ਕਰਨ ਲਈ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਰਾਏਕੋਟ ਦੇ ਵੋਟਰ ਪਾਰਟੀ ਦੀ ਵੱਡੀ ਜਿੱਤ ਸ੍ਰ. ਪਰਕਾਸ਼ ਸਿੰਘ ਬਾਦਲ ਅਤੇ ਸ੍ਰ. ਸੁਖਬੀਰ ਸਿੰਘ ਬਾਦਲ ਦੀ ਝੋਲੀ ਪਾਉਣਗੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿੰਚਾਈ ਮੰਤਰੀ ਸ੍ਰ. ਸ਼ਰਨਜੀਤ ਸਿੰਘ ਢਿੱਲੋਂ, ਮੁੱਖ ਮੰਤਰੀ ਦੇ ਸਲਾਹਕਾਰ ਸ੍ਰ. ਮਹੇਸ਼ਇੰਦਰ ਸਿੰਘ ਗਰੇਵਾਲ, ਮੁੱਖ ਸੰਸਦੀ ਸਕੱਤਰ ਸ੍ਰ. ਦਰਸ਼ਨ ਸਿੰਘ ਸ਼ਿਵਾਲਿਕ, ਵਿਧਾਇਕ ਸ੍ਰ. ਮਨਪ੍ਰੀਤ ਸਿੰਘ ਇਯਾਲੀ, ਵਿਧਾਇਕ ਸ੍ਰੀ ਐੱਸ. ਆਰ. ਕਲੇਰ, ਉਪ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਸ੍ਰੀ ਜੰਗਵੀਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ੍ਰ. ਗੁਰਚਰਨ ਸਿੰਘ ਗਰੇਵਾਲ, ਚੇਅਰਮੈਨ ਸ੍ਰ. ਅਮਰੀਕ ਸਿੰਘ ਆਲੀਵਾਲ, ਨਗਰ ਨਿਗਮ ਲੁਧਿਆਣਾ ਦੇ ਮੇਅਰ ਸ੍ਰ. ਹਰਚਰਨ ਸਿੰਘ ਗੋਹਲਵੜੀਆ, ਡੀ. ਆਈ. ਜੀ. ਸ੍ਰੀ ਐੱਸ. ਕੇ. ਕਾਲੀਆ, ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ, ਜ਼ਿਲ੍ਹਾ ਪੁਲਿਸ ਮੁਖੀ ਸ੍ਰ. ਓਪਿੰਦਰ ਸਿੰਘ ਘੁੰਮਣ, ਸੀਨੀਅਰ ਯੂਥ ਅਕਾਲੀ ਆਗੂ ਸ੍ਰ. ਪ੍ਰਭਜੋਤ ਸਿੰਘ ਧਾਲੀਵਾਲ, ਸ੍ਰ. ਮਨਪ੍ਰੀਤ ਸਿੰਘ ਤਲਵੰਡੀ, ਸ੍ਰ. ਅਮਨਦੀਪ ਸਿੰਘ ਗਿੱਲ, ਸ੍ਰ. ਪਰਮਿੰਦਰ ਸਿੰਘ ਜੱਟਪੁਰੀ, ਸਾਬਕਾ ਚੇਅਰਮੈਨ ਸ੍ਰ. ਅਮਰਜੀਤ ਸਿੰਘ ਸਹਿਬਾਜ਼ਪੁਰ, ਸ੍ਰ. ਪਰਮਪ੍ਰੀਤ ਸਿੰਘ ਸਿੱਧੂ, ਸ੍ਰ. ਮਨਪ੍ਰੀਤ ਸਿੰਘ ਬੁੱਟਰ ਨੱਥੋਵਾਲ ਅਤੇ ਹੋਰ ਹਾਜ਼ਰ ਸਨ।