ਪੰਜਾਬ ਸਰਕਾਰ ਦੇ ਸਿੰਚਾਈ ਮੰਤਰੀ ਅਤੇ ਹਲਕਾ ਸਾਹਨੇਵਾਲ ਦੇ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਪੰਜਾਬੀਆਂ ਨੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ, ਆਮ ਆਦਮੀ ਪਾਰਟੀ ਅਤੇ ਹੋਰ ਰਾਜਸੀ ਸਮੂਹਾਂ ਨੂੰ ਨਕਾਰਨ ਦਾ ਪੂਰਨ ਮਨ ਬਣਾ ਲਿਆ ਹੈ ਕਿਉਂਕਿ ਉਨ੍ਹਾਂ ਦਾ ਪੰਜਾਬ ਦੀ ਅਕਾਲੀ ਭਾਜਪਾ ਗਠਜੋੜ ਸਰਕਾਰ ਵਿੱਚ ਪੂਰਨ ਵਿਸ਼ਵਾਸ਼ ਹੈ। ਉਨ੍ਹਾਂ ਕਿਹਾ ਕਿ ਇਹ ਖੁੱਲੀ ਸੱਚਾਈ ਹੈ ਕਿ ਕਾਂਗਰਸ, ਆਪ ਅਤੇ ਹੋਰ ਰਾਜਸੀ ਸਮੂਹ ਸੱਤਾ ਲਈ ਭੁੱਖੇ ਲੋਕਾਂ ਦੇ ਸਮੂਹ ਹਨ, ਜੋ ਕਿ ਪੰਜਾਬ ਦੀ ਸੱਤਾ ਹਥਿਆ ਕੇ ਲੋਕ ਵਿਰੋਧੀ ਮਨਸ਼ਾ ਪੂਰੀ ਕਰਨਾ ਚਾਹੁੰਦੇ ਹਨ।ਸਥਾਨਕ ਚੰਡੀਗੜ ਸੜਕ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਾਹਨੇਵਾਲ ਦੇ ਵਰਕਰਾਂ ਦੇ ਸਿਖ਼ਲਾਈ ਕੈਂਪ ਨੂੰ ਸੰਬੋਧਨ ਕਰਦਿਆਂ ਸ੍ਰ. ਢਿੱਲੋਂ ਨੇ ਕਿਹਾ ਕਿ ਅਜਿਹੇ ਕੈਂਪ ਪੂਰੇ ਸੂਬੇ ਵਿੱਚ ਵਰਕਰਾਂ ਨੂੰ ਸਿਖ਼ਲਾਈ ਦੇਣ ਲਈ ਲਗਾਏ ਜਾ ਰਹੇ ਹਨ, ਤਾਂ ਜੋ ਇਹ ਵਰਕਰ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਹਿੱਤ ਯੋਜਨਾਵਾਂ ਨੂੰ ਲੋਕਾਂ ਤੱਕ ਲੈ ਕੇ ਜਾਣ ਅਤੇ ਸੂਬੇ ਦੇ ਹੋਏ ਵਿਕਾਸ ਬਾਰੇ ਲੋਕਾਂ ਨੂੰ ਜਾਣੂ ਕਰਾਉਣ। ਇਸ ਕੈਂਪ ਵਿੱਚ ਹਲਕਾ ਸਾਹਨੇਵਾਲ ਦੇ ਹਜ਼ਾਰਾਂ ਵਰਕਰਾਂ ਅਤੇ ਔਰਤਾਂ ਨੇ ਸ਼ਿਰਕਤ ਕੀਤੀ।ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕਾਂਗਰਸ ਅਤੇ ਆਪ ਪਾਰਟੀ ਦਾ ਪੰਜਾਬ ਵਿਰੋਧੀ ਚਿਹਰਾ ਦੇਖ ਲਿਆ ਹੈ। ਕਾਂਗਰਸ ਪਾਰਟੀ ਨੇ ਸੂਬੇ ਦਾ ਧਾਰਮਿਕ, ਆਰਥਿਕ ਅਤੇ ਸਮਾਜਿਕ ਪੱਖ ਤੋਂ ਵੱਡਾ ਨੁਕਸਾਨ ਕੀਤਾ ਹੈ, ਜਦਕਿ ਹੁਣ ਆਪ ਪਾਰਟੀ ਵੀ ਇਸੇ ਰਾਹ 'ਤੇ ਤੁਰ ਰਹੀ ਹੈ। ਕਾਂਗਰਸ ਪਾਰਟੀ ਨੇ ਸ੍ਰੀ ਹਰਿਮੰਦਰ ਸਾਹਿਬ 'ਤੇ ਹਮਲਾ ਕਰਵਾਇਆ ਅਤੇ 1984 ਦੀ ਸਿੱਖ ਨਸਲਕੁਸ਼ੀ ਕਰਵਾਈ। ਇਥੇ ਹੀ ਬੱਸ ਨਹੀਂ ਕਾਂਗਰਸ ਪਾਰਟੀ ਨੇ ਸੂਬੇ ਦੇ ਪਾਣੀਆਂ 'ਤੇ ਡਾਕੇ ਮਾਰਦਿਆਂ ਰਾਜਸਥਾਨ ਨੂੰ ਪਾਣੀ ਦੇ ਦਿੱਤਾ ਅਤੇ ਹਰਿਆਣਾ ਨੂੰ ਪਾਣੀ ਦੇਣ ਲਈ ਸਤਲੁੱਜ ਯਮੁਨਾ ਲਿੰਕ ਨਹਿਰ ਦਾ ਨਿਰਮਾਣ ਸ਼ੁਰੂ ਕਰਵਾਇਆ।
ਇਸ ਤੋਂ ਇਲਾਵਾ ਪੰਜਾਬ ਨੂੰ ਸਨਅਤੀ ਤੌਰ 'ਤੇ ਹੇਠਾਂ ਲਾਹੁਣ ਲਈ ਗੁਆਂਢੀ ਸੂਬਿਆਂ ਨੂੰ ਰਿਆਇਤਾਂ ਦਿੱਤੀਆਂ। ਰਾਜਧਾਨੀ ਚੰਡੀਗੜ ਅਤੇ ਪੰਜਾਬੀ ਬੋਲਦੇ ਇਲਾਕੇ ਕਦੇ ਵੀ ਪੰਜਾਬ ਨੂੰ ਨਹੀਂ ਦਿੱਤੇ ਗਏ।ਉਨ੍ਹਾਂ ਕਿਹਾ ਕਿ ਹੁਣ ਆਪ ਪਾਰਟੀ ਵੀ ਕਾਂਗਰਸ ਵਾਲੇ ਰਸਤੇ 'ਤੇ ਚੱਲ ਰਹੀ ਹੈ। ਆਪ ਨੇ ਸੁਪਰੀਮ ਕੋਰਟ ਵਿੱਚ ਹਲਫ਼ਨਾਮਾ ਦੇ ਕੇ ਮੰਗ ਕੀਤੀ ਹੈ ਕਿ ਪੰਜਾਬ ਦੇ ਪਾਣੀ ਗੁਆਂਢੀ ਸੂਬਿਆਂ ਨੂੰ ਮਿਲਣੇ ਚਾਹੀਦੇ ਹਨ। ਆਪ ਵੱਲੋਂ ਆਪਣੇ ਚੋਣ ਮੈਨੀਫੈਸਟੋ ਦੀ ਤੁਲਨਾ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਕੀਤੀ ਗਈ ਹੈ, ਜੋ ਕਿ ਗਲਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਅਜਿਹੀਆਂ ਸਾਜ਼ਿਸ਼ਾਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ, ਕਿਉਂਕਿ ਇਹ ਪਾਰਟੀਆਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਨੁਕਸਾਨ ਪਹੁੰਚਾਉਣਾ ਚਾਹੁੰਦੀਆਂ ਹਨ। ਇਸ ਮੌਕੇ ਯੂਥ ਅਕਾਲੀ ਆਗੂ ਸ੍ਰ. ਸਿਮਰਨਜੀਤ ਸਿੰਘ ਢਿੱਲੋਂ ਨੇ ਵੀ ਸੰਬੋਧਨ ਕੀਤਾ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਦਾ ਵੇਰਵਾ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਭਗਵੰਤ ਮਾਨ ਜਾਤ ਪਾਤ ਦੀ ਬਿਮਾਰੀ ਤੋਂ ਪੀੜਤ ਹੈ, ਇਸੇ ਕਰਕੇ ਉਹ ਗਰੀਬੀ ਰੇਖਾ ਤੋਂ ਹੇਠਾਂ ਰਹਿਣ ਵਾਲੇ ਲੋਕਾਂ ਅਤੇ ਦਲਿਤਾਂ ਦਾ ਮਜ਼ਾਕ ਉਡਾਉਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਬਿਆਨ ਦੇਣ ਨਾਲ ਭਗਵੰਤ ਮਾਨ ਅਤੇ ਆਪ ਪਾਰਟੀ ਦਾ ਕੁਝ ਨਹੀਂ ਬਣਨਾ, ਸਗੋਂ ਪੰਜਾਬ ਦੇ ਲੋਕ ਇਨਾਂ ਗੱਲਾਂ ਦਾ ਜਵਾਬ ਵਿਧਾਨ ਸਭਾ ਚੋਣਾਂ ਵਿੱਚ ਦੇਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਭਾਜਪਾ ਗਠਜੋੜ ਵਾਲੀ ਪੰਜਾਬ ਸਰਕਾਰ ਨੇ ਹਰੇਕ ਵਰਗ ਦੇ ਲੋਕਾਂ ਦੀ ਭਲਾਈ ਲਈ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਹਨ ਪਰ ਸ਼ਾਇਦ ਭਗਵੰਤ ਮਾਨ ਨੂੰ ਇਸ ਗੱਲ ਦਾ ਪਤਾ ਨਹੀਂ ਹੈ ਕਿ ਚੁਣੀ ਹੋਈ ਸਰਕਾਰ ਨੂੰ ਹਰੇਕ ਵਰਗ ਦੇ ਲੋਕਾਂ ਦੀ ਭਲਾਈ ਲਈ ਉਨ੍ਹਾਂ ਦੇ ਨਾਲ ਖੜਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੂੰ ਇਸ ਗੱਲ ਨੂੰ ਸਮਝਣਾ ਚਾਹੀਦਾ ਹੈ ਕਿ ਲੋਕਾਂ ਦੇ ਆਪਣੇ ਹੀ ਪੈਸੇ ਨਾਲ ਚਾਲੂ ਯੋਜਨਾਵਾਂ ਜਾਂ ਸਹੂਲਤਾਂ ਦਾ ਲਾਭ ਲੈਣ ਨਾਲ ਲੋਕ ਕੋਈ ਮੰਗਤੇ ਨਹੀਂ ਬਣ ਜਾਂਦਾ।