ਵਿਧਾਨ ਸਭਾ ਹਲਕਾ 053-ਐਸ.ਏ.ਐਸ. ਨਗਰ ਦੀ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਸ੍ਰੀਮਤੀ ਅਨੁਪ੍ਰੀਤਾ ਜੌਹਲ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਐਸ.ਡੀ.ਐਮ. ਦੇ ਦਫ਼ਤਰ ਵਿਖੇ ਆਪਣੀ ਪਲੇਠੀ ਪ੍ਰੈਸ ਮਿਲਣੀ ਦੌਰਾਨ ਦੱਸਿਆ ਕਿ ਵਿਧਾਨ ਸਭਾ ਹਲਕਾ ਐਸ.ਏ.ਐਸ. ਨਗਰ 'ਚ 4 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੁੰ ਅਮਨ ਅਮਾਨ ਨਾਲ ਨੇਪਰੇ ਚੜ੍ਹਾਉਣ ਲਈ ਪੁੱਖਤਾ ਪ੍ਰਬੰਧ ਕੀਤੇ ਗਏ ਹਨ।ਸ੍ਰੀਮਤੀ ਅਨੁਪ੍ਰੀਤਾ ਜੌਹਲ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੋਈ ਵੀ ਚੋਣ ਲੜਨ ਵਾਲਾ ਉਮੀਦਵਾਰ ਵਿਧਾਨ ਸਭਾ ਚੌਣਾਂ ਦੌਰਾਨ 28 ਲੱਖ ਰੁਪਏ ਦੀ ਰਾਸ਼ੀ ਤੋਂ ਵੱਧ ਨਹੀਂ ਖਰਚ ਕਰ ਸਕਦਾ ਅਤੇ ਚੋਣ ਲੜਨ ਵਾਲੇ ਉਮੀਦਵਾਰਾਂ ਦੇ ਖਰਚੇ ਤੇ ਤਿੱਖੀ ਨਿਗਰਾਨੀ ਰੱਖੀ ਜਾਵੇਗੀ। ਜਿਸ ਲਈ ਊਡਣ ਦਸਤੇ ਅਤੇ ਨਿਗਰਾਨ ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਕਿ 24 ਘੰਟੇ ਨਿਗਰਾਨੀ ਕਰ ਰਹੀਆਂ ਹਨ। ਉਨ੍ਹਾਂ ਇਸ ਮੌਕੇ ਚੋਣਾਂ ਦੌਰਾਨ ਮੀਡੀਏ ਦੇ ਮੁਕੰਮਲ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਕਈ ਵਾਰ ਮੀਡੀਏ ਕੋਲ ਪ੍ਰਸ਼ਾਸਨ ਤੋਂ ਵੀ ਵੱਧ ਅਹਿਮ ਸੂਚਨਾਵਾਂ ਹੁੰਦੀਆਂ ਹਨ। ਜਿਨ੍ਹਾਂ ਨੂੰ ਉਨ੍ਹਾਂ ਨੇ ਆਪਣੇ ਨਾਲ ਸਾਝੀਆਂ ਕਰਨ ਦੀ ਮੰਗ ਕੀਤੀ।ਉਨ੍ਹਾਂ ਕਿਹਾ ਕਿ ਕੋਈ ਵੀ ਪੱਤਰਕਾਰ ਚੋਣਾਂ ਸਬੰਧੀ ਕਿਸੇ ਕਿਸਮ ਦੀ ਜਾਣਕਾਰੀ ਉਨ੍ਹਾਂ ਦੇ ਮੋਬਾਇਲ ਨੰਬਰ 99141-03939 ਤੇ ਸਿੱਧੇ ਤੌਰ ਤੇ ਜਾਂ ਵਟਸਅਪ ਰਾਹੀਂ ਦੇ ਸਕਦਾ ਹੈ। ਜਿਸ ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।