ਕੌਮੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਮਨਜੀਤ ਸਿੰਘ ਰਾਏ ਵੱਲੋਂ ਘੱਟ ਗਿਣਤੀ ਨਾਲ ਸਬੰਧਿਤ ਲੋਕਾਂ ਨੂੰ ਕੇਂਦਰ ਅਤੇ ਰਾਜ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ, ਸਿੱਖਿਆ ਸੰਸਥਾਵਾਂ ਵਿੱਚ ਰਾਖਵਾਂਕਰਨ, ਵਜ਼ੀਫ਼ੇ ਆਦਿ ਤੋਂ ਇਲਾਵਾ ਉਨ੍ਹਾਂ ਨਾਲ ਹੁੰਦੀਆਂ ਕਥਿਤ ਵਧੀਕੀਆਂ ਆਦਿ ਸਬੰਧੀ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਆਈ.ਏ.ਐੱਸ ਨੇ ਮੈਂਬਰ ਕੌਮੀ ਘੱਟ ਗਿਣਤੀ ਸ੍ਰ. ਮਨਜੀਤ ਸਿੰਘ ਰਾਏ ਨੂੰ ਜੀ ਆਇਆ ਕਹਿੰਦਿਆਂ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਘੱਟ ਗਿਣਤੀ ਤਬਕਿਆਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੁਆਰਾ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਹੂਲਤਾਂ, ਉਨ੍ਹਾਂ ਦੀ ਭਲਾਈ ਲਈ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ, ਸਿੱਖਿਆ ਸੰਸਥਾਵਾਂ ਵਿੱਚ ਰਾਖਵੇਂਕਰਨ, ਆਂਗਣਵਾੜੀ ਕੇਂਦਰਾਂ ਵਿੱਚ ਦਾਖ਼ਲੇ, ਵੱਖ-ਵੱਖ ਤਰ੍ਹਾਂ ਦੀਆਂ ਵਜ਼ੀਫ਼ਾ ਸਕੀਮਾਂ ਸਮੇਤ ਹੋਰ ਭਲਾਈ ਸਕੀਮਾਂ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਘੱਟ ਗਿਣਤੀ ਫ਼ਿਰਕਿਆਂ ਦੀ ਭਲਾਈ ਲਈ ਹਰ ਤਰ੍ਹਾਂ ਦੇ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਇਨ੍ਹਾਂ ਯੋਜਨਾਵਾਂ ਦਾ ਲਾਭ ਲੋੜਵੰਦਾਂ ਤੱਕ ਪਹੁੰਚ ਸਕੇ।
ਕੌਮੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਸ੍ਰ. ਮਨਜੀਤ ਸਿੰਘ ਰਾਏ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਕੌਮੀ ਘੱਟ ਗਿਣਤੀ ਕਮਿਸ਼ਨ ਦੀ ਸਥਾਪਨਾ ਦਾ ਮਕਸਦ ਦੇਸ਼ ਅੰਦਰ ਰਹਿ ਰਹੇ ਵੱਖ-ਵੱਖ ਘੱਟ ਗਿਣਤੀ ਸਮੁਦਾਇਆਂ ਦੀ ਭਲਾਈ, ਉਨ੍ਹਾਂ ਦੀ ਸੁਰੱਖਿਆ ਅਤੇ ਉਨ੍ਹਾਂ ਨੂੰ ਕੇਂਦਰ ਅਤੇ ਰਾਜ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਦਾ ਲਾਭ ਪਹੁੰਚਾਉਣਾ ਹੈ ਤਾਂ ਜੋ ਘੱਟ ਗਿਣਤੀ ਫ਼ਿਰਕੇ ਵੀ ਬਾਕੀ ਨਗਰਾਂ ਵਾਂਗ ਵੱਧ ਤੋਂ ਵੱਧ ਤਰੱਕੀ ਕਰਨ ਅਤੇ ਉਨ੍ਹਾਂ ਦਾ ਜੀਵਨ ਪੱਧਰ ਹੋਰ ਉੱਚਾ ਹੋਵੇ। ਇਸ ਮੌਕੇ ਉਨ੍ਹਾਂ ਸਿੱਖਿਆ ਵਿਭਾਗ ਤੋਂ ਘੱਟ ਗਿਣਤੀ ਫ਼ਿਰਕਿਆਂ ਲਈ ਪ੍ਰੀ ਮੈਟ੍ਰਿਕ ਤੇ ਪੋਸਟ ਮੈਟ੍ਰਿਕ ਵਜ਼ੀਫ਼ਿਆਂ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਤੋਂ ਆਂਗਣਵਾੜੀ ਸੈਂਟਰਾਂ ਵਿੱਚ ਘੱਟ ਗਿਣਤੀ ਨਾਲ ਸਬੰਧਿਤ ਬੱਚਿਆਂ ਦੀ ਪੜ੍ਹਾਈ ਤੋਂ ਇਲਾਵਾ ਅਧਿਕਾਰੀਆਂ ਤੋਂ ਸਵਰਨ ਜਯੰਤੀ ਗਰਾਮ ਸਵੈ ਰੁਜ਼ਗਾਰ ਯੋਜਨਾ, ਘੱਟ ਗਿਣਤੀਆਂ ਨਾਲ ਸਬੰਧਿਤ ਲੋਕਾਂ ਨੂੰ ਸਵੈ-ਰੁਜ਼ਗਾਰ ਸ਼ੁਰੂ ਕਰਨ ਲਈ ਦਿੱਤੀ ਜਾ ਰਹੀ ਟ੍ਰੇਨਿੰਗ, ਬੈਂਕ ਲੋਨ, ਸੰਪੂਰਨਾ ਗ੍ਰਾਮ ਰੁਜ਼ਗਾਰ ਯੋਜਨਾ, ਮਗਨਰੇਗਾ ਸਮੇਤ ਵੱਖ-ਵੱਖ ਭਲਾਈ ਸਕੀਮਾਂ ਦਾ ਜਾਇਜ਼ਾ ਲਿਆ।
ਮਨਜੀਤ ਸਿੰਘ ਰਾਏ ਨੇ ਇਸ ਮੌਕੇ ਕਿਹਾ ਕਿ ਉਨ੍ਹਾਂ ਵੱਲੋਂ ਪੰਜਾਬ, ਹਿਮਾਚਲ, ਹਰਿਆਣਾ, ਦਿੱਲੀ ਅਤੇ ਯੂ ਪੀ ਆਦਿ ਰਾਜਾਂ ਵਿੱਚ ਘੱਟ ਗਿਣਤੀ ਨਾਲ ਸਬੰਧਿਤ ਮਸਲਿਆਂ ਨੂੰ ਵੇਖਿਆ ਜਾਂਦਾ ਹੈ ਤੇ ਉਨ੍ਹਾਂ ਦੇ ਹੱਲ ਲਈ ਸਰਕਾਰ ਨੂੰ ਲਿਖਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਨੂੰ ਪੋਰਟਲ ਤੇ ਅੱਪਲੋਡ ਕਰਨ ਲਈ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜ਼ਿਲ੍ਹਾ ਦੇ ਹੱਲ ਲਈ ਸਬੰਧਿਤ ਵਿਭਾਗਾਂ ਨੂੰ ਆਦੇਸ਼ ਜਾਰੀ ਕੀਤੇ ਜਾਣਗੇ ਤੇ ਇਸ ਦਾ ਢੁੱਕਵਾ ਹੱਲ ਕੱਢਿਆ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਹਦਾਇਤ ਕੀਤੀ ਕਿ ਘੱਟ ਗਿਣਤੀ ਫ਼ਿਰਕਿਆਂ ਨਾਲ ਸਬੰਧਿਤ ਸਰਕਾਰੀ ਯੋਜਨਾਵਾਂ ਦਾ ਲਾਭ ਹੇਠਲੇ ਪੱਧਰ ਤੇ ਸਬੰਧਿਤ ਲੋਕਾਂ ਨੂੰ ਪਹੁੰਚਾਇਆ ਜਾਵੇ ਅਤੇ ਇਨ੍ਹਾਂ ਯੋਜਨਾਵਾਂ ਸਬੰਧੀ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਤਾਂ ਜੋ ਕੋਈ ਵੀ ਲੋੜਵੰਦ ਇਨ੍ਹਾਂ ਸਹੂਲਤਾਂ ਤੋਂ ਵਾਂਝਾ ਨਾ ਰਹਿ ਸਕੇ।
ਵਧੀਕ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਪੇਂਡੂ ਵਿਕਾਰ ਵਿਭਾਗ ਵੱਲੋਂ ਘੱਟ ਗਿਣਤੀ ਫ਼ਿਰਕਿਆਂ ਲਈ ਚਲਾਈਆਂ ਗਈਆਂ ਵੱਖ-ਵੱਖ ਯੋਜਨਾਵਾਂ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਅਤੇ ਸ੍ਰ. ਮਨਜੀਤ ਸਿੰਘ ਰਾਏ ਦਾ ਵਡਮੁੱਲੇ ਵਿਚਾਰ ਸਾਂਝੇ ਕਰਨ ਲਈ ਧੰਨਵਾਦ ਕੀਤਾ।ਇਸ ਮੀਟਿੰਗ ਵਿੱਚ ਸ੍ਰ. ਹਰਜੀਤ ਸਿੰਘ ਸੰਧੂ ਐਸ.ਡੀ. ਐਮ. ਫ਼ਿਰੋਜ਼ਪੁਰ, ਸ੍ਰ. ਰਣਜੀਤ ਸਿੰਘ ਸਹਾਇਕ ਕਮਿਸ਼ਨਰ(ਜਨ.), ਸ੍ਰ. ਨਮਨ ਮਾਰਕਨ ਪੀ.ਸੀ.ਐਸ., ਡੀ.ਐਸ.ਪੀ. ਹਰਿੰਦਰ ਸਿੰਘ ਡੋਡ, ਸ੍ਰੀ. ਬਲਦੇਵ ਰੰਧਾਵਾ ਆਰ.ਟੀ.ਏ, ਸ੍ਰ. ਮਲਕੀਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ, ਸ੍ਰੀ. ਪ੍ਰਦੀਪ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ, ਸ੍ਰੀ. ਐਸ.ਕੇ. ਭੋਰੀਵਾਲ ਸਹਾਇਕ ਕਿਰਤ ਕਮਿਸ਼ਨਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰ. ਜਗਮੇਲ ਸਿੰਘ, ਸ੍ਰ. ਪ੍ਰਗਟ ਸਿੰਘ ਬਰਾੜ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ, ਸੁਖਵਿੰਦਰ ਸਿੰਘ ਡਿਪਟੀ ਡੀ.ਈ.ਓ.ਐਲੀਮੈਂਟਰੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।