ਨਹਿਰੂ ਯੁਵਾ ਕੇਂਦਰ ਫ਼ਿਰੋਜ਼ਪੁਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਡਿਪਟੀ ਕਮਿਸ਼ਨਰ ਰਾਮਵੀਰ ਆਈ.ਏ.ਐੱਸ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਸ੍ਰ. ਰਣਜੀਤ ਸਿੰਘ ਸਹਾਇਕ ਕਮਿਸ਼ਨਰ(ਜਨ.) ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਇਸ ਦੀ ਪ੍ਰਧਾਨਗੀ ਸ੍ਰ. ਸਰਬਜੀਤ ਸਿੰਘ ਬੇਦੀ ਜ਼ਿਲ੍ਹਾ ਯੂਥ ਕੁਆਰਡੀਨੇਟਰ ਨਹਿਰੂ ਯੁਵਾ ਕੇਂਦਰ ਫ਼ਿਰੋਜ਼ਪੁਰ ਅਤੇ ਸ੍ਰ. ਅਮਰੀਕ ਸਿੰਘ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਫ਼ਿਰੋਜ਼ਪੁਰ ਵੱਲੋਂ ਸਾਂਝੇ ਤੌਰ ਤੇ ਕੀਤੀ ਗਈ। ਪ੍ਰੋਗਰਾਮ ਵਿੱਚ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਡਾ. ਜੀ.ਐੱਸ.ਢਿੱਲੋਂ ਸਾਬਕਾ ਡਿਪਟੀ ਮੈਡੀਕਲ ਕਮਿਸ਼ਨਰ ਅਤੇ ਸ੍ਰ. ਗੁਰਕਰਨ ਸਿੰਘ ਰਨੀਆ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਫ਼ਿਰੋਜ਼ਪੁਰ ਸ਼ਾਮਲ ਹੋਏ ਪ੍ਰੋਗਰਾਮ ਵਿੱਚ ਜੱਜਾਂ ਦੀ ਭੂਮਿਕਾ ਡਾ. ਅਮਿਤ ਧੀਮਾਨ, ਡਾ. ਕਿਰਨਜੀਤ ਕੌਰ ਅਤੇ ਡਾ. ਰਾਮੇਸ਼ਵਰ ਸਿੰਘ ਨੇ ਨਿਭਾਈ। ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਸ੍ਰ. ਰਣਜੀਤ ਸਿੰਘ ਸਹਾਇਕ ਕਮਿਸ਼ਨਰ (ਜਨ.) ਨੇ ਕਿਹਾ ਕਿ ਨਹਿਰੂ ਯੁਵਾ ਕੇਂਦਰ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲੇ ਬਹੁਤ ਹੀ ਸ਼ਲਾਘਾਯੋਗ ਹਨ ਕਿਉਂਕਿ ਇਨ੍ਹਾਂ ਮੁਕਾਬਲਿਆਂ ਸਦਕਾ ਹੀ ਨੌਜਵਾਨਾਂ ਦੀ ਆਤਮ ਵਿਸ਼ਵਾਸ ਅਤੇ ਮੁਕਾਬਲੇ ਦੀ ਭਾਵਨਾ ਵਿੱਚ ਵਾਧਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇਸ਼ ਦਾ ਭਵਿੱਖ ਹੁੰਦੇ ਹਨ ਅਤੇ ਹਰੇਕ ਨੌਜਵਾਨ ਨੂੰ ਆਪਣੇ ਨਿੱਜੀ ਸਵਾਰਥ ਤੋਂ ਉੱਪਰ ਉੱਠ ਕੇ ਰਾਸ਼ਟਰੀ ਏਕਤਾ ਅਤੇ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨ ਵਿੱਚ ਆਪਣਾ ਯੋਗਦਾਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲਾ ਹਰ ਇੱਕ ਪ੍ਰਤਿਭਾਗੀ ਵਧਾਈ ਦਾ ਪਾਤਰ ਹੈ ਭਾਵੇਂ ਉਹ ਕੋਈ ਵੀ ਦਰਜਾ ਹਾਸਲ ਨਾ ਕਰ ਸਕਿਆ ਹੋਵੇ। ਉਨ੍ਹਾਂ ਕਿਹਾ ਕਿ ਇਹੋ ਜਿਹੇ ਮੁਕਾਬਲੇ ਨੌਜਵਾਨਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਦੇ ਹਨ।
ਸ੍ਰ. ਸਰਬਜੀਤ ਸਿੰਘ ਬੇਦੀ ਜ਼ਿਲ੍ਹਾ ਯੂਥ ਕੁਆਰਡੀਨੇਟਰ ਵੱਲੋਂ ਆਪਣੇ ਸੰਬੋਧਨ ਵਿੱਚ ਕਿਹਾ ਗਿਆ ਕਿ ਨੌਜਵਾਨਾਂ ਵਿੱਚ ਆਪਸੀ ਭਾਈਚਾਰੇ ਦੀ ਭਾਵਨਾ ਪੈਦਾ ਕਰਨਾ ਅਤੇ ਆਪਸੀ ਮਿਲਵਰਤਨ ਨਾਲ ਰਹਿਣਾ ਇਨ੍ਹਾਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦਾ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ ਤੇ ਪਹਿਲੇ ਸਥਾਨ ਤੇ ਆਉਣ ਵਾਲੇ ਜੇਤੂ ਰਾਜ ਪੱਧਰ ਤੇ ਹੋਣ ਵਾਲੇ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ ਜਿਸ ਨਾਲ ਉਨ੍ਹਾਂ ਦੇ ਹੌਸਲੇ ਹੋਰ ਵੀ ਬੁਲੰਦ ਹੋਣਗੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਇਨ੍ਹਾਂ ਮੁਕਾਬਲਿਆਂ ਤੋਂ ਵੱਧ ਤੋਂ ਵੱਧ ਪ੍ਰੇਰਨਾ ਲੈ ਕੇ ਰਾਸ਼ਟਰੀ ਏਕਤਾ ਨੂੰ ਮਜ਼ਬੂਤ ਕਰਨ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।ਇਸ ਮੌਕੇ ਸ੍ਰ. ਅਮਰੀਕ ਸਿੰਘ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਫ਼ਿਰੋਜ਼ਪੁਰ ਅਤੇ ਡਾ. ਜੀ.ਐਸ. ਢਿੱਲੋਂ ਨੇ ਨੌਜਵਾਨਾਂ ਨੂੰ ਦੇਸ਼ ਭਗਤੀ ਅਤੇ ਰਾਸ਼ਟਰੀ ਏਕਤਾ ਅਤੇ ਭਾਈਚਾਰੇ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੰਦਿਆਂ ਕਿਹਾ ਕਿ ਦੇਸ਼ ਭਗਤਾਂ ਅਤੇ ਪੰਜਾਬੀ ਘੁਲਾਟੀਆਂ ਦੀ ਅਹਿਮ ਘਾਲਣਾ ਸਦਕਾ ਹੀ ਸਾਨੂੰ ਅੱਜ ਆਜ਼ਾਦ ਦੇਸ਼ ਵਿੱਚ ਰਹਿਣ ਦਾ ਮੌਕਾ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਭਗਤੀ ਸਾਡੇ ਜੀਵਨ ਦਾ ਅਟੁੱਟ ਅੰਗ ਹੈ ਜਿਸ ਵਿੱਚ ਹਰ ਤਰ੍ਹਾਂ ਦੀ ਸੇਵਾ ਸ਼ਾਮਲ ਹੁੰਦੀ ਹੈ ਅਤੇ ਸਾਨੂੰ ਇਨ੍ਹਾਂ ਦੇਸ਼ ਭਗਤਾਂ ਤੋਂ ਪ੍ਰੇਰਨਾ ਲੈ ਕੇ ਦੇਸ਼ ਦੇ ਵਿਕਾਸ ਵਿੱਚ ਆਪਣਾ ਅਹਿਮ ਯੋਗਦਾਨ ਪਾਉਣਾ ਚਾਹੀਦਾ ਹੈ।ਇਸ ਮੌਕੇ ਸ੍ਰ. ਗੁਰਦੇਵ ਸਿੰਘ ਲੇਖਾਕਾਰ ਨਹਿਰੂ ਯੁਵਾ ਕੇਂਦਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਪਹਿਲੇ ਸਥਾਨ ਤੇ ਬਨਾਸ਼ ਕੌਰ, ਦੂਜੇ ਸਥਾਨ ਤੇ ਆਂਚਲ ਅਤੇ ਤੀਜੇ ਸਥਾਨ ਨਿਸ਼ਾ ਜਿਨ੍ਹਾਂ ਨੂੰ ਕ੍ਰਮਵਾਰ 5 ਹਜ਼ਾਰ, 2 ਹਜ਼ਾਰ ਅਤੇ 1 ਹਜ਼ਾਰ ਦੇ ਨਕਦ ਇਨਾਮ ਅਤੇ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਨਹਿਰੂ ਯੁਵਾ ਕੇਂਦਰ ਵੱਲੋਂ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਵੀ ਸਨਮਾਨਿਤ ਕੀਤਾ ਗਿਆ।ਇਨ੍ਹਾਂ ਮੁਕਾਬਲਿਆਂ ਨੂੰ ਸਫਲ ਬਣਾਉਣ ਲਈ ਰਾਸ਼ਟਰੀ ਸੇਵਾ ਵਲੰਟੀਅਰਜ਼ ਗਗਨਦੀਪ, ਹਰਮਨਦੀਪ, ਮੰਨੂ, ਮਨਜਿੰਦਰ ਸਿੰਘ ਕਲੱਬ ਪ੍ਰਧਾਨ, ਬੂਟਾ ਸਿੰਘ, ਮਾਨ ਸਿੰਘ, ਗੁਰਜੰਟ ਸਿੰਘ, ਗੁਰਮੇਜ ਸਿੰਘ, ਸਰਬਜੀਤ ਕੌਰ, ਸੰਤੋਸ਼ ਕੌਰ, ਬਾਜ਼ ਸਿੰਘ ਨੇ ਆਪਣਾ ਵਿਸ਼ੇਸ਼ ਸਹਿਯੋਗ ਦਿੱਤਾ।