ਗਣਤੰਤਰ ਦਿਵਸ ਮੌਕੇ ਐਸ.ਏ.ਐਸ.ਨਗਰ ਦੇ ਫੇਜ਼-6 ਸਥਿਤ ਸਰਕਾਰੀ ਕਾਲਜ ਵਿਚ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ 'ਚ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਕੌਮੀ ਝੰਡਾ ਲਹਿਰਾਉਣਗੇ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਰਨਲ) ਸ੍ਰੀ ਚਰਨਦੇਵ ਸਿੰਘ ਮਾਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਸਮਾਗਮ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹੇ ਦੇ ਵੱਖ-ਵੱਖ ਅਧਿਕਾਰੀਆਂ ਦੀ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।ਸ੍ਰੀ ਮਾਨ ਨੇ ਇਸ ਮੌਕੇ ਸਬੰਧਿਤ ਅਧਿਕਾਰੀਆਂ ਤੋਂ ਸਮਾਗਮ ਦੀਆਂ ਹੁਣ ਤੱਕ ਕੀਤੀਆਂ ਗਈਆਂ ਤਿਆਰੀਆਂ ਬਾਰੇ ਜਾਣਕਾਰੀ ਹਾਸਿਲ ਕੀਤੀ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਪੂਰੀ ਸ਼ਾਨੋ-ਸੌਕਤ ਨਾਲ ਮਨਾਇਆ ਜਾਵੇਗਾ। ਉਨ੍ਹਾਂ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਖਿਆ ਕਿ ਉਹ ਕੌਮੀ ਤਿਉਹਾਰ ਵਿੱਚ ਆਪਣੀ ਸ਼ਮੂਲੀਅਤ ਯਕੀਨੀ ਬਣਾਉਣ। ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਗਣਤੰਤਰ ਦਿਵਸ ਮੌਕੇ ਕਰਵਾਏ ਜਾਣ ਵਾਲੇ ਸਮਾਗਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ। ਸ੍ਰੀ ਮਾਨ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਖਿਆ ਕਿ ਸਮਾਗਮ ਸਬੰਧੀ ਉਨ੍ਹਾਂ ਨੂੰ ਜਿਹੜੀਆਂ ਡਿਊਟੀਆਂ ਸੌਂਪੀਆਂ ਗਈਆਂ ਹਨ, ਉਨ੍ਹਾਂ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਇਆ ਜਾਵੇ ਤਾਂ ਜੋਂ ਸਮਾਗਮ ਵਿੱਚ ਸ਼ਾਮਿਲ ਹੋਣ ਵਾਲਿਆਂ ਨੂੰ ਕਿਸੇ ਕਿਸਮ ਦੀ ਦਿਕਤ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਜੰਗੇ ਆਜ਼ਾਦੀ ਵਿੱਚ ਹਿੱਸਾ ਲੈਣ ਵਾਲਿਆਂ ਦਾ ਸਨਮਾਨ ਕੀਤਾ ਜਾਵੇਗਾ। ਸ੍ਰੀ ਮਾਨ ਨੇ ਕਿਹਾ ਕਿ ਗਣਤੰਤਰ ਦਿਵਸ ਸਮਾਗਮ ਮੌਕੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਣਾ ਹੈ ਅਤੇ ਸਬੰਧਿਤ ਅਧਿਕਾਰੀ ਇਹ ਗੱਲ ਯਕੀਨੀ ਬਣਾਉਣ ਕਿ ਵਿÎਦਿਆਰਥੀਆਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਸਬੰਧੀ ਹਦਾਇਤਾਂ ਕੀਤੀਆਂ। ਵਧੀਕ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਮੀਟਿੰਗ ਵਿਚ ਹਾਜ਼ਰ ਅਧਿਕਾਰੀਆਂ ਨੂੰ ਨਵੇਂ ਸਾਲ ਦੀਆਂ ਵਧਾਈਆਂ ਵੀ ਦਿੱਤੀਆਂ।ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਜੀਵ ਗਰਗ, ਐਸ.ਡੀ.ਐਮ.ਆਰ.ਪੀ.ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਜਸਬੀਰ ਸਿੰਘ, ਸਹਾਇਕ ਕਮਿਸ਼ਨਰ ਨਗਰ ਨਿਗਮ ਸ੍ਰੀ ਸਰਬਜੀਤ ਸਿੰਘ, ਡੀ.ਐਸ਼.ਪੀ. ਅਮਰੋਜ ਸਿੰਘ, ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ਼ਰਨਜੀਤ ਸਿੰਘ, ਸਹਾਇਕ ਸਿਵਲ ਸਰਜਨ ਡਾ: ਜਸਪ੍ਰੀਤ ਕੌਰ ਸਮੇਤ ਹੋਰ ਅਧਿਕਾਰੀ ਅਤੇ ਸਕੂਲਾਂ ਤੇ ਕਾਲਜਾਂ ਦੇ ਨੁਮਾਇੰਦੇ ਵੀ ਸ਼ਾਮਿਲ ਸਨ।