ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਫ਼ਿਰੋਜ਼ਪੁਰ ਰਤਨਦੀਪ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫ਼ਿਰੋਜ਼ਪੁਰ ਵੱਲੋਂ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਬਣੀ ਟੀਮ ਵੱਲੋਂ ਫ਼ਿਰੋਜ਼ਪੁਰ ਸ਼ਹਿਰ ਅਤੇ ਫ਼ਿਰੋਜ਼ਪੁਰ ਛਾਉਣੀ ਦੇ ਵੱਖ-ਵੱਖ ਸਕੂਲਾਂ ਦੀ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਸਕੂਲੀ ਵਾਹਨਾਂ ਦੇ ਕਾਗ਼ਜ਼ ਪੱਤਰ ਨਾ ਪੂਰੇ ਕਰਦੇ ਹੋਏ 13 ਸਕੂਲੀ ਵਾਹਨਾਂ ਦੇ ਚਲਾਨ ਕੱਟੇ ਗਏ। ਇਸ ਮੌਕੇ ਬਾਲ ਸੁਰੱਖਿਆ ਅਫ਼ਸਰ ਮੈਡਮ ਜਸਵਿੰਦਰ ਕੌਰ ਨੇ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਡਰਾਈਵਰਾਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ ਲਈ ਕਿਹਾ ਤਾਂ ਜੋ ਸਕੂਲੀ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਆਸ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਡਰਾਈਵਰ ਕੋਲ ਵਾਹਨ ਦੇ ਕਾਗ਼ਜ਼ ਪੱਤਰ ਵੀ ਪੂਰੇ ਹੋਣੇ ਚਾਹੀਦੇ ਹਨ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਜੇਕਰ ਸਕੂਲ ਵਾਹਨ ਵਿੱਚ ਲੜਕੀਆਂ ਅਤੇ ਲੜਕੇ ਇਕੱਠੇ ਆਉਂਦੇ ਹਨ ਤਾਂ ਵਾਹਨ ਵਿੱਚ ਲੇਡੀ ਅਟੈਂਡਟ ਦਾ ਹੋਣਾ ਵੀ ਲਾਜ਼ਮੀ ਹੈ। ਇਸ ਮੌਕੇ ਸਤਨਾਮ ਸਿੰਘ, ਤਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਰਾਜ ਕੁਮਾਰ, ਅਰਜਨ ਸਿੰਘ ਅਤੇ ਗੁਰਮੀਤ ਸਿੰਘ ਵੀ ਹਾਜ਼ਰ ਸਨ।