ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਚ 5 ਮਈ ਤੱਕ ਚੱਲਣ ਵਾਲੇ ਗਰਾਮ ਸਵਰਾਜ ਅਭਿਆਨ ਤਹਿਤ ਸਮਾਜਿਕ ਸਦਭਾਵਨਾ ਨੂੰ ਉਤਸ਼ਾਹਿਤ ਕਰਨਾ, ਚੱਲ ਰਹੇ ਸਰਕਾਰੀ ਪ੍ਰੋਗਰਾਮਾਂ ਬਾਰੇ ਸੁਝਾਅ ਲੈਣਾ, ਨਵੀਆਂ ਪਹਿਲ ਕਦਮੀਆਂ ਵਿਚ ਲੋਕਾਂ ਦੀ ਸ਼ਮੂਲੀਅਤ ਵਧਾਉਣਾ ਹੈ। ਇਸ ਗੱਲ ਦੀ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਜੀਵ ਕੁਮਾਰ ਗਰਗ ਨੇ ਗਰਾਮ ਸਵਰਾਜ ਅਭਿਆਨ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਸੱਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਅਭਿਆਨ ਤਹਿਤ ਇਹ ਯਕੀਨੀ ਬਣਾਇਆ ਜਾਵੇਗਾ ਕਿ ਮੁੱਖ ਤੌਰ 'ਤੇ 7 ਸਕੀਮਾਂ, ਉਜਾਲਾ ਯੋਜਨਾ, ਪ੍ਰਧਾਨ ਮੰਤਰੀ ਉਜਵਲਾ ਯੋਜਨਾ, ਸਹਿਜ ਬਿਜਲੀ ਹਰ ਘਰ ਯੋਜਨਾ -ਸੌਭਾਗਿਆ, ਪ੍ਰਧਾਨ ਮੰਤਰੀ ਜਨ ਧਨ ਯੋਜਨਾ, ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ, ਪ੍ਰਧਾਨ ਮੰਤਰੀ ਸੁਰੱਕਸ਼ਾ ਬੀਮਾ ਯੋਜਨਾ ਅਤੇ ਮਿਸ਼ਨ ਇੰਦਰਧਨੁਸ਼ ਤਹਿਤ ਕੋਈ ਵੀ ਲੋੜਵੰਦ ਵਿਅਕਤੀ ਇਨ੍ਹਾਂ ਸਕੀਮਾਂ ਦੀ ਪਾਤਰਤਾ ਅਤੇ ਲਾਭ ਤੋਂ ਵਾਂਝਾ ਨਾ ਰਹੇ। ਇਸ ਤੋਂ ਇਲਾਵਾ ਕਿਸਾਨਾਂ ਦੀ ਆਮਦਨ ਵਧਾਉਣਾ, ਰੋਜ਼ੀ ਰੋਟੀ ਦੇ ਮੌਕਿਆਂ ਵਿਚ ਵਾਧਾ ਕਰਨਾ, ਕੌਮੀ ਤਰਜੀਹਾਂ ਜਿਵੇਂ ਕਿ ਸਵੱਛਤਾ ਅਭਿਆਨ ਉੱਤੇ ਮੁੜ ਜ਼ੋਰ ਦੇਣਾ ਅਤੇ ਪੰਚਾਇਤੀ ਰਾਜ ਸੰਸਥਾਵਾਂ ਨੂੰ ਮਜ਼ਬੂਤ ਕਰਨਾ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੁਹਿੰਮ ਦਾ ਇਕ ਖਾਸ ਪੱਖ ਇਹ ਵੀ ਹੋਵੇਗਾ ਕਿ ਗਰਾਮ ਪੰਚਾਇਤਾਂ ਦੇ ਫੰਡਾਂ ਅਤੇ ਗਰਾਮ ਪੰਚਾਇਤਾਂ ਦੁਆਰਾ ਸਬੰਧਤ ਵਿਭਾਗਾਂ ਦੀਆਂ ਸਕੀਮਾਂ ਨੂੰ ਚਲਾਉਣ ਲਈ ਕੀਤੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਜਨਤਕ ਕੀਤੀ ਜਾਵੇਗੀ।
ਸ੍ਰੀ ਗਰਗ ਨੇ ਦੱਸਿਆ ਕਿ 28 ਅਪ੍ਰੈਲ ਨੂੰ ਗਰਾਮ ਸਵਰਾਜ ਦਿਵਸ ਸਬੰਧੀ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿਚ ਪ੍ਰਧਾਨ ਮੰਤਰੀ ਆਵਾਸ ਯੋਜਨਾ-ਗਰਾਮੀਣ ਅਤੇ ਪ੍ਰਧਾਨ ਮੰਤਰੀ ਸਹਿਜ ਬਿਜਲੀ ਹਰ ਘਰ ਯੋਜਨਾ-ਸੌਭਾਗਿਆ ਅਤੇ ਸਰਕਾਰ ਦੀਆਂ ਹੋਰ ਸਕੀਮਾਂ ਦੇ ਲਾਭਪਾਤਰੀਆਂ ਨੂੰ ਸੱਦ ਕੇ ਉਨ੍ਹਾਂ ਨੂੰ ਪਾਤਰਤਾ ਦਿੱਤੀ ਜਾਵੇਗੀ। ਇਸ ਦੇ ਨਾਲ-ਨਾਲ ਵੱਖੋ-ਵੱਖ ਸਕੀਮਾਂ ਨੂੰ ਸੁਚੱਜੇ ਢੰਗ ਨਾਲ ਚਲਾਉਣ ਵਾਲੇ ਅਧਿਕਾਰੀਆਂ ਦਾ ਸਨਮਾਨ ਵੀ ਕੀਤਾ ਜਾਵੇਗਾ। ਜਿਹੜੇ ਬਲਾਕ ਜਾਂ ਗਰਾਮ ਪੰਚਾਇਤਾਂ ਨੇ ਵੱਖੋ-ਵੱਖਰੇ ਪ੍ਰੋਗਰਾਮਾਂ ਨੂੰ ਵਧੀਆ ਢੰਗ ਨਾਲ ਲਾਗੂ ਕੀਤਾ ਹੈ, ਉਨ੍ਹਾਂ ਦਾ ਵੀ ਸਨਮਾਨ ਕੀਤਾ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ ਨੇ ਗਰਾਮ ਸਵਰਾਜ ਅਭਿਆਨ ਦੀ ਸਫਲਤਾ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਅਭਿਆਨ ਤਹਿਤ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਦੀਆਂ ਤਿਆਰੀਆਂ ਤਨਦੇਹੀ ਨਾਲ ਕੀਤੀਆਂ ਜਾਣ ਤਾਂ ਜੋ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਕਿਸਮ ਦੀ ਢਿੱਲ ਜਾਂ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੀਟਿੰਗ ਵਿਚ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਡੀ.ਕੇ. ਸਾਲਦੀ, ਮੁੱਖ ਖੇਤੀਬਾੜੀ ਅਫਸਰ ਸ੍ਰੀ ਪਰਮਿੰਦਰ ਸਿੰਘ, ਡੀ.ਐਫ.ਐਸ.ਸੀ. ਸੁਖਵਿੰਦਰ ਸਿੰਘ, ਬੀ.ਬੀ.ਪੀ.ਓ. ਡੇਰਾਬੱਸੀ ਬਲਜਿੰਦਰ ਸਿੰਘ ਗਰੇਵਾਲ, ਬੀ.ਡੀ.ਪੀ.ਓ. ਖਰੜ ਰਾਣਾ ਪ੍ਰਤਾਪ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਸਨ।