ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਕਾਸ ਕਾਰਜਾਂ, ਸਿੱਖਿਆ, ਸਿਹਤ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਸੁਧਾਰ ਲਈ 5 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ ਜਿਸ ਨਾਲ ਹਲਕੇ ਦੇ ਸਾਰੇ ਪੇਂਡੂ ਖੇਤਰਾਂ ਦਾ ਸਰਬ-ਪੱਖੀ ਵਿਕਾਸ ਕਰਵਾਇਆ ਜਾਵੇਗਾ। ਇਹ ਜਾਣਕਾਰੀ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਪਰਮਿੰਦਰ ਸਿੰਘ ਪਿੰਕੀ ਨੇ ਦਿੱਤੀ। ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਹਲਕੇ ਦੇ ਵਿਕਾਸ ਲਈ ਕੁੱਝ ਸਮਾਂ ਪਹਿਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਮੰਗ ਰੱਖੀ ਗਈ ਸੀ ਜਿਸ ਤੇ ਕਾਰਵਾਈ ਕਰਦਿਆਂ ਮੁੱਖ ਮੰਤਰੀ ਵੱਲੋਂ ਵਿਧਾਨ ਸਭਾ ਹਲਕਾ ਵਿਧਾਨ ਸਭਾ ਹਲਕੇ ਫ਼ਿਰੋਜ਼ਪੁਰ ਸ਼ਹਿਰੀ ਦੇ ਪੇਂਡੂ ਖੇਤਰਾਂ ਦੇ ਵਿਕਾਸ ਲਈ ਕੈਟਲ ਫੇਅਰ ਸਕੀਮ ਅਧੀਨ 5 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ ਤੇ ਇਸ ਸਬੰਧੀ ਡਿਪਟੀ ਕਮਿਸ਼ਨਰ ਨੂੰ ਪੇਂਡੂ ਵਿਕਾਸ ਵਿਭਾਗ ਵੱਲੋਂ ਪੱਤਰ ਜਾਰੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਉਪਰੋਕਤ ਰਾਸ਼ੀ ਨਾਲ ਵਿਧਾਨ ਸਭਾ ਹਲਕੇ ਦੇ ਸਾਰੇ ਪਿੰਡਾਂ ਦਾ ਵਿਕਾਸ ਬਿਨਾਂ ਕਿਸੇ ਭੇਦਭਾਵ ਦੇ ਕਰਵਾਇਆ ਜਾਵੇਗਾ ਤੇ ਇਨ੍ਹਾਂ ਵਿਕਾਸ ਕਾਰਜਾਂ ਦੀ ਨਿਗਰਾਨੀ ਸਬੰਧਿਤ ਪਿੰਡ ਦੇ ਵਸਨੀਕ ਖ਼ੁਦ ਕਰਨਗੇ ਤਾਂ ਜੋ ਕਿਸੇ ਦੀ ਊਣਤਾਈ ਨਾ ਰਹੇ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਵਿੱਚ ਗਲੀਆਂ, ਨਾਲੀਆਂ, ਸੀਵਰੇਜ, ਪੀਣ ਵਾਲੇ ਪਾਣੀ, ਸਿੱਖਿਆ, ਸਿਹਤ, ਸੜਕਾਂ ਆਦਿ ਖੇਤਰਾਂ ਵਿੱਚ ਵਿਕਾਸ ਕਾਰਜ ਕਰਵਾ ਕੇ ਪਿੰਡਾਂ ਨੂੰ ਵੀ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਕਾਰਜਾਂ ਵਿੱਚ ਕਿਸੇ ਤਰ੍ਹਾਂ ਦੀ ਕਸਰ ਦੀ ਕਸਰ ਨਹੀਂ ਛੱਡਣਗੇ ਤੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਬਰਾਬਰ ਦਾ ਵਿਕਾਸ ਕਰਵਾਇਆ ਜਾਵੇਗਾ। ਸ੍ਰ. ਪਰਮਿੰਦਰ ਸਿੰਘ ਪਿੰਕੀ ਨੇ ਅੱਗੇ ਕਿਹਾ ਕਿ ਫ਼ਿਰੋਜ਼ਪੁਰ ਸ਼ਹਿਰ ਵਿਖੇ ਬਣਨ ਵਾਲੇ ਆਧੁਨਿਕ ਪਾਰਕ ਦਾ ਨਕਸ਼ਾ ਪਾਸ ਹੋ ਚੁੱਕਾ ਹੈ ਅਤੇ ਇਸ ਦੀ ਡਿਵੈਲਪਮੈਂਟ ਪ੍ਰਾਜੈਕਟ ਰਿਪੋਰਟ ਵੀ ਬਣ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪਾਰਕ ਵਾਲੀ ਥਾਂ ਦੀ ਜੇ.ਸੀ.ਬੀ. ਮਸ਼ੀਨਾਂ ਨਾਲ ਸਫ਼ਾਈ ਸ਼ੁਰੂ ਹੋ ਗਈ ਹੈ। ਜਿਸ ਉਪਰੰਤ ਜਲਦੀ ਹੀ ਵਿਕਾਸ ਕਾਰਜ ਸ਼ੁਰੂ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਤੇ 1 ਕਰੋੜ 47 ਲੱਖ ਰੁਪਏ ਦੀ ਲਾਗਤ ਆਵੇਗੀ ਤੇ ਇਹ ਜ਼ਿਲ੍ਹੇ ਵਿੱਚ ਆਪਣੀ ਕਿਸਮ ਦਾ ਪਹਿਲਾ ਅਤਿ ਆਧੁਨਿਕ ਪਾਰਕ ਹੋਵੇਗਾ ਜਿਸ ਵਿੱਚ ਜਰਮਨ ਤਕਨੀਕ ਦੀ ਮਰਦਾਂ ਅਤੇ ਔਰਤਾਂ ਲਈ ਵੱਖਰੀ-ਵੱਖਰੀ ਜਿੰਮ ਅਤੇ ਵੱਡੀ ਐੱਲ.ਈ.ਡੀ. ਸਕਰੀਨ ਵੀ ਲੱਗੇਗੀ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਫ਼ਿਰੋਜ਼ਪੁਰ ਦੇ ਨਾਲ ਲਗਦੇ 5 ਪਿੰਡਾਂ ਨੂੰ ਵੀ ਇਸ ਵਿੱਚ ਸ਼ਾਮਲ ਕੀਤਾ ਗਿਆ ਹੈ ਅਤੇ ਹੁਣ ਇਨ੍ਹਾਂ ਪਿੰਡਾਂ ਵਿੱਚ ਵੀ ਸ਼ਹਿਰਾਂ ਵਰਗੀਆਂ ਸਹੂਲਤਾਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਸ਼ਹਿਰ ਅਤੇ ਛਾਉਣੀ ਵਿੱਚ 4400 ਐੱਲ.ਈ.ਲਾਈਟਾਂ ਲਗਾਉਣ ਦਾ ਵੀ ਪ੍ਰਾਜੈਕਟ ਜਲਦੀ ਸ਼ੁਰੂ ਕੀਤਾ ਜਾਵੇਗਾ।