ਕੇਂਦਰ ਸਰਕਾਰ ਵਲੋਂ ਗੁਰੂ ਕੇ ਲੰਗਰ ਦੀ ਰਸਦ ਤੇ ਜੀਐਸਟੀ ਹਟਾਉਣਾ ਖੁਸ਼ੀ ਦੀ ਗੱਲ ਹੈ, ਸ਼੍ਰੋਮਣੀ ਕਮੇਟੀ ਦੇ ਕਰੋੜਾਂ ਰੁਪਏ ਟੈਕਸ ਦੇ ਜਾਂਦੇ ਸਨ ਜੋ ਹੁਣ ਸਮਾਜ ਭਲਾਈ ਦੇ ਕੰਮਾਂ ਵਿਚ ਵਰਤੇ ਜਾਣਗੇ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਂਗੋਵਾਲ ਨੇ ਕੀਤਾ। ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਉਨ੍ਹਾਂ ਦੱਸਿਆ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਠੱਲ ਪਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂੰਹ ਗੁਰਦੁਆਰਾ ਸਾਹਿਬਾਨ ਤੇ ਉਥੋਂ ਦੀਆਂ ਪ੍ਰਬੰਧਕ ਕਮੇਟੀਆਂ ਦਾ ਸਮੁੱਚਾ ਰਿਕਾਰਡ ਰਖਿਆ ਜਾਵੇਗਾ ਤਾਂ ਜੋ ਹਰ ਤਰਾਂ ਦੀ ਜਾਣਕਾਰੀ ਇਕੱਤਰ ਕੀਤੀ ਜਾ ਸਕੇ। ਇਸ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ ਵਿਸ਼ੇਸ਼ ਪ੍ਰੋਫਾਰਮਾ ਤਿਆਰ ਕੀਤਾ ਗਿਆ ਹੈ ਜਿਸ ਵਿਚ ਸਾਰੀ ਜਾਣਕਾਰੀ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਪਿੰਡਾਂ ਦੇ ਗੰ੍ਰਥੀ ਤੇ ਪਾਠੀ ਸਿੰਘਾਂ ਨੂੰ ਵਿਸ਼ੇਸ਼ ਟ੍ਰੇਨਿੰਗ ਦੇਣ ਦਾ ਪ੍ਰੋਗਰਾਮ ਵੀ ਬਣਾਇਆ ਗਿਆ ਹੈ। ਟ੍ਰੇਨਿੰਗ ਉਪਰੰਤ ਹਰ ਪਾਠੀ ਤੇ ਗ੍ਰੰਥੀ ਸਿੰਘ ਨੂੰ ਸ਼੍ਰੋਮਣੀ ਕਮੇਟੀ ਆਪਣੇ ਵਲੋਂ ਇਕ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵੀ ਫੈਸਲਾ ਕੀਤਾ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਗੁਰੂ ਘਰ ਤੋਂ ਬਾਹਰ ਨਾ ਜਾਣਾ ਪਵੇ। ਇਕ ਸੁਆਲ ਦੇ ਜੁਆਬ ਵਿਚ ਭਾਈ ਲੋਂਗੋਵਾਲ ਨੇ ਕਿਹਾ ਕਿ ਇਹ ਬਹੁਤ ਹੀ ਅਫਸੋਸ ਵਾਲੀ ਗੱਲ ਹੈ ਕਿ ਗੁਰੂ ਘਰ ਦੇ ਗ੍ਰੰਥੀ ਸਿੰਘ ਵਲੋਂ ਹੀ ਬੇਅਬਦੀ ਕੀਤੀ ਗਈ। ਉਨ੍ਹਾਂ ਸਮੂੰਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਖੁੱਦ ਇਸ ਗੱਲ ਦਾ ਧਿਆਨ ਰੱਖਣ ਤਾਂ ਜੋ ਬੇਅਦਬੀ ਦੀ ਘਟਨਾ ਨਾ ਵਾਪਰੇ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਵੀ ਇਸ ਮੁੱਦੇ ਤੇ ਗੰਭੀਰ ਹੋਵੇ।ਪਾਕਿਸਤਾਨ ਸਰਕਾਰ ਵਲੋਂ ਵੀਜ਼ੇ ਨਾਂ ਦੇਣ ਸਬੰਧੀ ਪੁੱਛਣ ਤੇ ਭਾਈ ਲੋਂਗੋਵਾਲ ਨੇ ਕਿਹਾ ਕਿ ਅਸੀਂ ਅਕਾਲ ਤਖਤ ਸਾਹਿਬ ਦੇ ਹੁਕਮਾਂ ਮੁਤਾਬਿਕ ਸ਼ਹੀਦੀ ਦਿਹਾੜਾ ਮਨਾਉਣਾ ਹੈ ਪਰ ਪਾਕਿਸਤਾਨ ਸਰਕਾਰ ਵਲੋਂ ਇਨ੍ਹਾਂ ਤਾਰੀਖਾਂ ਤੇ ਵੀਜ਼ੇ ਨਹੀ ਦਿਤੇ ਗਏ ਜਿਸ ਕਰਕੇ ਅਸੀਂ ਦੂਜੀਆਂ ਤਾਰੀਖਾਂ ਤੇ ਵੀਜ਼ੇ ਲੈਣ ਤੋਂ ਇਨਕਾਰ ਕਰ ਦਿਤਾ। ਇਸ ਮੌਕੇ ਉਨ੍ਹਾਂ ਦੇ ਨਾਲ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿ:ਰਘਬੀਰ ਸਿੰਘ, ਜਥੇਦਾਰ ਹਰਪ੍ਰੀਤ ਸਿੰਘ ਤਖਤ ਸ਼੍ਰੀ ਦਮਦਮਾ ਸਾਹਿਬ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਪ੍ਰਿੰ:ਸੁਰਿੰਦਰ ਸਿੰਘ, ਬਲਵਿੰਦਰ ਸਿੰਘ ਜੌੜਾ, ਪਰਮਜੀਤ ਸਿੰਘ ਸਰੋਆ, ਮੈਨੇਜਰ ਜਸਵੀਰ ਸਿੰਘ ਆਦਿ ਹਾਜ਼ਰ ਸਨ।