ਅੰਤਰਰਾਸ਼ਟਰੀ ਨਸ਼ਾ ਅਤੇ ਨਸ਼ਾ ਤਸਕਰੀ ਵਿਰੋਧੀ ਦਿਵਸ ਮੌਕੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਤੇ ਖਿਡਾਰੀਆਂ ਦੀ ਜਾਗਰੂਕਤਾ ਰੈਲੀ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਫ਼ਿਰੋਜ਼ਪੁਰ ਤੋਂ ਡਿਪਟੀ ਕਮਿਸ਼ਨਰ ਰਾਮਵੀਰ ਆਈ.ਏ.ਐਸ ਅਤੇ ਜ਼ਿਲ੍ਹਾ ਪੁਲਿਸ ਮੁਖੀ ਪ੍ਰੀਤਮ ਸਿੰਘ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਹਾਜ਼ਰੀ ਵਿਚ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਜੋ ਕਿ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਹੁੰਦੀ ਹੋਈ ਦੇਵ ਸਮਾਜ ਕਾਲਜ ਫ਼ਾਰ ਵੁਮੈਨ ਵਿਖੇ ਪਹੁੰਚੀ। ਇਸ ਮੌਕੇ ਸਹਾਇਕ ਕਮਿਸ਼ਨਰ (ਜਨ.) ਸ੍ਰ: ਰਣਜੀਤ ਸਿੰਘ, ਸਿਵਲ ਸਰਜਨ ਡਾ: ਗੁਰਮਿੰਦਰ ਸਿੰਘ, ਸ਼੍ਰੀ ਸੁਨੀਲ ਸ਼ਰਮਾ ਜ਼ਿਲ੍ਹਾ ਖੇਡ ਅਫ਼ਸਰ ਵੀ ਹਾਜ਼ਰ ਸਨ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਦਾ ਮੁੱਖ ਮਕਸਦ ਵੱਧ ਤੋਂ ਵੱਧ ਲੋਕਾਂ ਨੂੰ ਨਸ਼ਿਆਂ ਨੂੰ ਆਪਣੀ ਜ਼ਿੰਦਗੀ ਤੋਂ ਦੂਰ ਰੱਖ ਕੇ ਚੰਗੇ ਤੇ ਤੰਦਰੁਸਤ ਜੀਵਨ ਜਿਊਣ ਲਈ ਜਾਗਰੂਕ ਕਰਨਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਨਸ਼ਾ ਰੋਕੂ ਮੁਹਿੰਮ (ਡੇਪੋ) ਅਤੇ ਲੋਕਾਂ ਨੂੰ ਚੰਗੀ ਸਿਹਤ ਪ੍ਰਦਾਨ ਕਰਨ ਲਈ ਮਿਸ਼ਨ ਤੰਦਰੁਸਤ ਪੰਜਾਬ ਸਮੇਤ ਕਈ ਹੋਰ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਸੂਬੇ ਦੇ ਲੋਕਾਂ ਨੂੰ ਸਰੀਰਕ, ਮਾਨਸਿਕ ਅਤੇ ਆਰਥਿਕ ਪੱਖੋਂ ਤੰਦਰੁਸਤ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ਾ ਕਰਨ ਨਾਲ ਜਿੱਥੇ ਵਿਅਕਤੀ ਦੀ ਸਿਹਤ ਦਾ ਨੁਕਸਾਨ ਹੁੰਦਾ ਹੈ ਉੱਥੇ ਹੀ ਉਸ ਦਾ ਭਵਿੱਖ ਵੀ ਖ਼ਰਾਬ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਖ਼ਾਤਮਾ ਕਰਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਸਾਡੇ ਸਾਰਿਆਂ ਲਈ ਨਸ਼ਾ ਮੁਕਤ ਸਮਾਜ ਦਾ ਸੰਕਲਪ ਕਰਨਾ ਜ਼ਰੂਰੀ ਹੈ। ਉਨ੍ਹਾਂ ਸਮਾਜ ਦੇ ਸਮੂਹ ਵਰਗਾਂ ਨੂੰ ਸੱਦਾ ਦਿੱਤਾ ਕਿ ਉਹ ਨਸ਼ਿਆਂ ਵਿਰੁੱਧ ਆਮ ਲੋਕਾਂ ਤੇ ਖ਼ਾਸ ਕਰ ਨੌਜਵਾਨ ਪੀੜੀ ਨੂੰ ਜਾਗਰੂਕ ਕਰਨ ਤੇ ਨਸ਼ੇੜੀਆਂ ਦੇ ਇਲਾਜ ਲਈ ਉਨ੍ਹਾਂ ਨੂੰ ਨਸ਼ਾ ਛੜਾਊ ਕੇਂਦਰਾਂ ਵਿਚ ਲੈ ਕੇ ਆਉਣ, ਜਿੱਥੇ ਇਲਾਜ ਮੁਫ਼ਤ ਕੀਤਾ ਜਾਂਦਾ ਹੈ।ਇਸ ਮੌਕੇ ਸ੍ਰ: ਪ੍ਰੀਤਮ ਸਿੰਘ ਐਸ.ਐਸ.ਪੀ ਫ਼ਿਰੋਜ਼ਪੁਰ ਨੇ ਦੱਸਿਆ ਕਿ ਵੱਧ ਰਹੀ ਨਸ਼ਿਆਂ ਦੀ ਵਰਤੋਂ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੇ ਗੁਆਂਢੀ ਮੁਲਕ ਵੱਲੋਂ ਨਸ਼ਿਆਂ ਦੀ ਤਸਕਰੀ ਕਰਕੇ ਸਾਡੀ ਨੌਜਵਾਨ ਪੀੜੀ ਨੂੰ ਨਸ਼ਿਆਂ ਤੇ ਲਾਇਆ ਜਾ ਰਿਹਾ ਹੈ ਕਿਉਂਕਿ ਉਨ੍ਹਾਂ ਦੀ ਸੋਚ ਹੈ ਕਿ ਜੇ ਕਿਸੇ ਕੌਮ ਜਾਂ ਨਸਲ ਨੂੰ ਕਮਜ਼ੋਰ ਕਰਨਾ ਹੈ ਤਾਂ ਉਸ ਦੀ ਨਵੀਂ ਪੀੜ੍ਹੀ ਨੂੰ ਕੁਰਾਹੇ ਪਾ ਦਿਓ, ਦੇਸ਼ ਜਾਂ ਕੌਮ ਆਪਣੇ ਆਪ ਕਮਜ਼ੋਰ ਹੋ ਜਾਵੇਗੀ, ਜਦ ਕਿ ਸਾਨੂੰ ਆਪਣੇ-ਆਪ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਉਨ੍ਹਾਂ ਦੀ ਇਹ ਧਾਰਨਾ ਨੂੰ ਗ਼ਲਤ ਸਾਬਤ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਪੁਲਸ ਵਿਭਾਗ ਵੱਲੋਂ ਨਸ਼ਾ ਤਸਕਰੀ ਨੂੰ ਰੋਕਣ ਲਈ ਪੂਰੀ ਮਿਹਨਤ ਕੀਤੀ ਜਾ ਰਹੀ ਹੈ ਤੇ ਆਉਣ ਵਾਲੇ ਸਮੇਂ ਵਿਚ ਨਸ਼ਾ ਤਸਕਰੀ ਉੱਪਰ ਪੂਰੀ ਤਰ੍ਹਾਂ ਠੱਲ੍ਹ ਪਾਈ ਜਾਵੇਗੀ। ਇਸ ਮੌਕੇ ਸ਼੍ਰੀ ਅਸ਼ੋਕ ਬਹਿਲ ਸਕੱਤਰ ਰੈੱਡ ਕਰਾਸ, ਸ੍ਰ: ਅਮਰਜੀਤ ਸਿੰਘ ਐਸ.ਪੀ.ਐਚ, ਡਾ: ਗੁਰਮੇਜ ਰਾਮ ਗੁਰਾਇਆ, ਡਾ: ਆਸ਼ੁਤੋਸ਼ ਤਲਵਾਰ, ਸ਼੍ਰੀ ਵਿਕਾਸ ਕਾਲੜਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।