ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਨੇ ਮੀਡੀਆ ਕਰਮੀਆਂ ਨਾਲ ਕੀਤੀ ਗਈ ਪਲੇਠੀ ਕਾਨਫਰੰਸ ਦੌਰਾਨ ਕਿਹਾ ਕਿ ਜ਼ਿਲ੍ਹੇ ਅੰਦਰ ਨਸ਼ਾ ਤਸਕਰੀ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਸ ਖਿਲਾਫ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਤੌਰ 'ਤੇ ਚਲਾਈ ਜਾ ਰਹੀ ਤੰਦਰੁਸਤ ਪੰਜਾਬ ਅਤੇ ਨਸ਼ਾ ਮੁਕਤੀ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਇਕ ਟੋਲ ਫ੍ਰੀ ਨੰਬਰ 1800 180 2181 ਵੀ ਜਾਰੀ ਕੀਤਾ ਗਿਆ ਹੈ। ਇਸ ਮੌਕੇ ਐਸ.ਪੀ.ਐਚ. ਸ੍ਰੀ ਵਿਨੋਦ ਕੁਮਾਰ ਚੌਧਰੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਨੇ ਜਿੱਥੇ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਜ਼ਿਲ੍ਹਾ ਵਾਸੀਆਂ ਨੂੰ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ ਉਥੇ ਉਨ੍ਹਾਂ ਨਸ਼ੇ ਦੇ ਆਦੀ ਵਿਅਕਤੀਆਂ ਦੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਨਸ਼ਾ ਮੁਕਤੀ ਕੇਂਦਰਾਂ ਵਿੱਚ ਦਾਖਲ ਕਰਵਾਉਣ। ਉਹ ਆਪਣੇ ਬੱਚਿਆਂ ਨਾਲ ਕਿਸੇ ਤਰ੍ਹਾਂ ਦਾ ਵਿਤਕਰਾ ਨਾ ਕਰਦੇ ਹੋਏ ਚੰਗਾ ਵਤੀਰਾ ਵਰਤ ਕੇ ਉਨ੍ਹਾਂ ਨੂੰ ਅੱਗੇ ਵੱਧਣ ਲਈ ਪ੍ਰੇਰਿਤ ਕਰਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਤੰਦਰੁਸਤ ਪੰਜਾਬ ਮਿਸ਼ਨ ਅਤੇ ਡੈਪੋ ਮੁਹਿੰਮ ਤਹਿਤ ਜ਼ਿਲ੍ਹੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕਰਨ ਲਈ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਵਿੱਚ ਨਸ਼ਾ ਵਿਰੋਧੀ ਸੈਮੀਨਾਰ ਵੀ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਨੇ ਇਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਜਾਰੀ ਟੋਲ ਫ੍ਰੀ ਨੰਬਰ 'ਤੇ ਕੋਈ ਵੀ ਵਿਅਕਤੀ ਸੂਚਨਾ ਦੇ ਸਕਦਾ ਹੈ ਅਤੇ ਸੂਚਨਾ ਦੇਣ ਵਾਲਾ ਵਿਅਕਤੀ ਜੇਕਰ ਚਾਹੇ ਤਾਂ ਉਸਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਉਨ੍ਹਾਂ ਇਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਜ਼ਿਲ੍ਹੇ ਵਿਚਲੇ ਨਸ਼ੇ ਦੇ ਬਦਨਾਮ ਪਿੰਡਾਂ ਦੇ ਨਸ਼ਾ ਤਸਕਰਾਂ ਦੀ ਪਹਿਚਾਣ ਕਰਕੇ ਉਨ੍ਹਾਂ ਖਿਲਾਫ ਸਖਤ ਕਾਰਵਾਈ ਹੋਵੇਗੀ ਤੇ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਇਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਜ਼ਿਲ੍ਹੇ ਦੇ ਫਾਜ਼ਿਲਕਾ ਤੇ ਅਬੋਹਰ ਸ਼ਹਿਰ ਵਿਖੇ ਟਰੈਫਿਕ ਦੀ ਸਮੱਸਿਆ ਦੇ ਯੋਗ ਹਲ ਲਈ ਢੁੱਕਵੀਆਂ ਸਥਾਨਾਂ ਦੀ ਪਹਿਚਾਣ ਕਰਕੇ ਪਾਰਕਿੰਗਾਂ ਬਣਾਈਆਂ ਜਾਣਗੀਆਂ। ਇਸ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਚੋਰੀ ਅਤੇ ਹੋਰ ਅਪਰਾਧਾਂ ਦੀਆਂ ਵਾਰਦਾਤਾਂ ਦੀ ਰੋਕਥਾਮ ਲਈ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਸੀ.ਸੀ.ਟੀ.ਵੀ. ਕੈਮਰੇ ਵੀ ਲਗਾਏ ਜਾਣਗੇ। ਉਨ੍ਹਾਂ ਜ਼ਿਲ੍ਹੇ ਅੰਦਰ ਨਸ਼ੇ ਦੀ ਰੋਕਥਾਮ ਲਈ ਕੰਮ ਕਰ ਰਹੀਆਂ ਕਮੇਟੀਆਂ ਅਤੇ ਹੋਰ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਕਦੇ ਕਾਨੂੰਨ ਆਪਣੇ ਹੱਥ ਵਿੱਚ ਨਾ ਲੈਣ ਤੇ ਜੇਕਰ ਕਿਸੇ ਨਸ਼ਾ ਤਸਕਰ ਸਬੰਧੀ ਸੂਚਨਾ ਮਿਲਦੀ ਹੈ ਤਾਂ ਉਸ ਸਬੰਧੀ ਪੁਲਿਸ ਦੇ ਉਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਜਾਵੇ।