ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਸਵੱਛ ਅਤੇ ਤੰਦਰੁਸਤ ਪੰਜਾਬ ਅਧੀਨ ' ਮੇਰਾ ਪਿੰਡ ਮੇਰਾ ਮਾਣ ' ਸਿਰਲੇਖ ਹੇਠ 31 ਅਗਸਤ ਤੱਕ ਵਿਸ਼ੇਸ਼ ਸਵੱਛਤਾ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਪਿੰਡਾਂ ਦੇ ਲੋਕਾਂ ਨੂੰ ਸਵੱਛਤਾ ਰੱਖਣ ਲਈ ਜਾਗਰੂਕ ਕਰਕੇ ਪਿੰਡਾਂ ਨੂੰ ਸਾਫ ਸੁਥਰਾ ਬਣਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਮੁਹਿੰਮ ਅਧੀਨ ਪਿੰਡਾਂ ਦੀਆਂ ਗਲੀਆਂ ਨਾਲੀਆਂ ਅਤੇ ਡਰੇਨਾਂ ਦੀ ਸਾਫ ਸਫਾਈ ਕਰਵਾਈ ਜਾਵੇਗੀ ਅਤੇ ਜਨਤਕ ਸਥਾਨਾਂ ਦੇ ਆਲੇ ਦੁਆਲੇ ਗੰਦਾ ਪਾਣੀ ਇਕੱਠਾ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਅਧੀਨ ਲੋਕਾਂ ਨੂੰ ਖੁਲ੍ਹੇ ਵਿੱਚ ਪਖਾਨੇ ਜਾਣ ਨਾਲ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਜਾਗਰੂਕ ਕਰਕੇ ਜ਼ਿਲ੍ਹੇ ਦੇ ਪਿੰਡਾਂ ਨੂੰ ਖੁਲ੍ਹੇ ਵਿੱਚ ਪਖਾਨੇ ਜਾਣ ਤੋਂ ਮੁਕਤ ਰੱਖਿਆ ਜਾਵੇਗਾ। ਸ. ਢਿੱਲੋਂ ਨੇ ਦੱਸਿਆ ਕਿ ਬਰਸਾਤੀ ਪਾਣੀ ਦੀ ਸੁਚੱਜੀ ਸੰਭਾਲ ਲਈ ਸੋਕਪਿੱਟ ਬਣਾਏ ਜਾਣਗੇ ਤਾਂ ਜੋ ਬਰਸਾਤੀ ਪਾਣੀ ਨੂੰ ਇਕੱਠਾ ਕਰਕੇ ਉਸ ਨੂੰ ਸਿੰਚਾਈ ਲਈ ਵਰਤਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਹਰੇਕ ਘਰ ਦੇ ਕੂੜਾ ਕਰਕਟ ਵਿੱਚ ਸ਼ਾਮਲ ਵਸਤਾਂ ਨੂੰ ਵੱਖ-ਵੱਖ ਕਰਨ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਪਿੰਡਾਂ ਵਿੱਚ ਖੁਲ੍ਹੇ ਵਿੱਚ ਪਖਾਨੇ ਜਾਣ ਤੋਂ ਰੋਕਣ ਲਈ ਜਾਗਰੂਕ ਕਰਨ ਵਾਸਤੇ ਸਵੇਰ ਦੀਆਂ ਨਿਗਰਾਨ ਟੀਮਾਂ ਬਣਾਈਆਂ ਜਾਣਗੀਆਂ ਜੋ ਕਿ ਪਾਣੀ ਦੀ ਦੁਰਵਰਤੋਂ ਨੂੰ ਰੋਕਣ ਲਈ ਵੀ ਕੰਮ ਕਰਨਗੀਆਂ। ਉਨ੍ਹਾਂ ਹੋਰ ਦੱਸਿਆ ਕਿ ਪਿੰਡਾਂ ਵਿੱਚ 24x7 ਜਾਂ 10 ਘੰਟੇ ਪੀਣ ਵਾਲੇ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ ਅਤੇ ਪਾਣੀ ਦੀ ਸੁਚੱਜੀ ਵਰਤੋਂ ਤੇ ਸਾਂਭ ਸੰਭਾਲ ਨੂੰ ਯਕੀਨੀ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਪਿੰਡਾਂ ਵਿੱਚ ਸਾਫ ਸੁਥਰੇ ਪੀਣ ਵਾਲਾ ਪਾਣੀ ਦੀ ਲਗਾਤਾਰ ਸਪਲਾਈ ਯਕੀਨੀ ਬਣਾਈ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੁਹਿੰਮ ਅਧੀਨ ਜ਼ਿਲ੍ਹੇ ਦੇ ਸਭ ਤੋਂ ਸਾਫ ਸੁਥਰੇ ਪਿੰਡ ਨੂੰ 2 ਲੱਖ ਰੁਪਏ, ਜ਼ਿਲ੍ਹੇ ਦੇ ਸਭ ਤੋਂ ਵਧੀਆ ਪੇਂਡੂ ਸਿਹਤ ਸੇਵਾਵਾਂ ਵਾਲੇ ਪਿੰਡ ਨੂੰ ਇੱਕ ਲੱਖ ਰੁਪਏ, ਜ਼ਿਲ੍ਹੇ ਦੇ ਸਭ ਤੋਂ ਵੱਧ ਸਾਫ ਆਂਗਨਵਾੜੀ ਕੇਂਦਰ ਨੂੰ 50 ਹਜਾਰ ਰੁਪਏ, ਜ਼ਿਲ੍ਹੇ ਦੇ ਦਿਹਾਤੀ ਖੇਤਰ ਵਿੱਚ ਸਭ ਤੋਂ ਵੱਧ ਸਵੱਛ ਸੀਨੀਅਰ ਸੈਕੰਡਰੀ ਸਕੂਲ ਨੂੰ 1 ਲੱਖ ਰੁਪਏ, ਜ਼ਿਲ੍ਹੇ ਦੇ ਦਿਹਾਤੀ ਖੇਤਰ ਵਿੱਚ ਸਭ ਤੋਂ ਵੱਧ ਸਾਫ ਪ੍ਰਾਇਮਰੀ ਮਿਡਲ ਸਕੂਲ ਨੂੰ 50 ਹਜਾਰ ਰੁਪਏ, ਜ਼ਿਲ੍ਹੇ 'ਚ ਪੈਂਦੇ ਦਿਹਾਤੀ ਖੇਤਰ ਦੇ ਲੋਕਾਂ ਨੂੰ ਖੁਲ੍ਹੇ ਵਿੱਚ ਪਖਾਨੇ ਜਾਣ ਤੋਂ ਰੋਕਣ ਲਈ ਬਲਾਕ ਪੱਧਰ 'ਤੇ ਸਭ ਤੋਂ ਵਧੀਆ ਭੂਮਿਕਾ ਨਿਭਾਉਣ ਵਾਲੀ ਨਿਗਰਾਨ ਕਮੇਟੀ ਜਾਂ ਗਰੁੱਪ ਨੂੰ 25 ਹਜਾਰ ਰੁਪਏ ਅਤੇ ਜ਼ਿਲ੍ਹੇ ਦੀ ਸਭ ਤੋਂ ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲੀ ਓ.ਡੀ.ਐਫ. ਨਿਗਰਾਨ ਕਮੇਟੀ ਜਾਂ ਗਰੁੱਪ ਨੂੰ ਇੱਕ ਲੱਖ ਰੁਪਏ ਦਾ ਨਗਦ ਇਨਾਮ ਦੇ ਕੇ ਸਨਮਾਨਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਰਕਾਰ ਵੱਲੋਂ ਇਸ ਸਵੱਛਤਾ ਮੁਹਿੰਮ ਵਿੱਚ ਵਲੰਟੀਅਰ ਤੇ ਸਵੱਛਤਾ ਚੈਂਪਿਅਨ ਲਈ ਵੀ ਇਨਾਮ ਰੱਖੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵੈਬਸਾਈਟ www.pbdwss.gov.in 'ਤੇ ਆਨ ਲਾਈਨ ਵਧੇਰੇ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਵਰਨਣਯੋਗ ਹੈ ਕਿ ਜੇਤੂਆਂ ਦੀ ਚੋਣ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਬਣਾਈ ਗਈ ਕਮੇਟੀ ਵੱਲੋਂ ਕੀਤੀ ਜਾਵੇਗੀ। ਇਸ ਮੁਹਿੰਮ ਲਈ ਆਪਣੇ ਆਪ ਨੂੰ ਰਜਿਸਟਰ ਕਰਨ ਲਈ ਗੂਗਲ ਪਲੇਅ ਸਟੋਰ ਤੋਂ ਮੋਬਾਇਲ ਐਪ '' Swachh Punjab ’’ ਡਾਊਨਲੋਡ ਕੀਤੀ ਜਾ ਸਕਦੀ ਹੈ।