ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਅੱਜ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਨਾਲ ਆਪਣੀ ਪਲੇਠੀ ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੜਕ ਸੁਰੱਖਿਆ ਨੂੰ ਖ਼ਾਸ ਤਵੱਜੋ ਦਿੱਤੀ। ਉਨ੍ਹਾਂ ਕਿਹਾ ਕਿ ਸੜਕੀ ਹਾਦਸਿਆਂ ਵਿੱਚ ਜਾਨਾਂ ਦਾ ਅਜਾਈਂ ਜਾਣਾ ਮੰਦਭਾਗਾ ਹੈ, ਇਸ ਲਈ ਪ੍ਰਸ਼ਾਸਨ ਨੂੰ ਇਸ ਪਾਸੇ ਖ਼ਾਸ ਧਿਆਨ ਦੇਣ ਦੀ ਲੋੜ ਹੈ। ਸੜਕ ਸੁਰੱਖਿਆ ਸਬੰਧੀ ਗਠਤ ਕਮੇਟੀ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਸ ਕਮੇਟੀ ਵਿੱਚ ਡੀ.ਐਸ.ਪੀ. (ਟ੍ਰੈਫ਼ਿਕ) ਬਤੌਰ ਨੋਡਲ ਅਫ਼ਸਰ ਕੰਮ ਕਰਨਗੇ ਜਦਕਿ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸਾਰੇ ਐਸ.ਡੀ.ਐਮ., ਸਾਰੇ ਕਾਰਜਸਾਧਕ ਅਫ਼ਸਰ, ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰ, ਆਰ.ਟੀ.ਏ. ਜਾਂ ਨੁਮਾਇੰਦਾ, ਕੌਮੀ ਰਾਜਮਾਰਗ ਅਥਾਰਿਟੀ (ਐਨ.ਐਚ.ਏ.ਆਈ.) ਦਾ ਨੁਮਾਇੰਦਾ, ਐਕਸੀਅਨ ਪੀ.ਡਬਲਯੂ.ਡੀ. ਜਾਂ ਨੁਮਾਇੰਦਾ ਅਤੇ ਸਮਾਜਕ ਸੰਸਥਾਵਾਂ ਦੇ ਦੋ ਮੈਂਬਰ ਬਤੌਰ ਮੈਂਬਰ ਕਾਰਜ ਕਰਨਗੇ। ਉਨ੍ਹਾਂ ਸਖ਼ਤ ਹਦਾਇਤ ਦਿੱਤੀ ਕਿ ਸੜਕ ਸੁਰੱਖਿਆ ਸਬੰਧੀ ਮਹੀਨੇ 'ਚ ਇੱਕ ਵਾਰ ਵਿਸ਼ੇਸ਼ ਮੀਟਿੰਗ ਹੋਵੇਗੀ, ਇਸ ਲਈ ਕਮੇਟੀ ਦੇ ਸਮੂਹ ਅਹੁਦੇਦਾਰ ਸੜਕੀ ਹਾਦਸੇ ਠੱਲ੍ਹਣ, ਸੜਕ ਸੁਰੱਖਿਆ ਕਾਰਜਾਂ 'ਚ ਸੁਧਾਰ ਅਤੇ ਹਾਦਸਿਆਂ ਲਈ ਸੰਵੇਦਨਸ਼ੀਲ ਥਾਵਾਂ ਦੀ ਨਿਸ਼ਾਨਦੇਹੀ, ਯੋਜਨਾਵਾਂ ਤੇ ਸੁਝਾਵਾਂ ਸਬੰਧੀ ਪੂਰੀ ਤਿਆਰੀ ਕਰਨ ਦੇ ਨਾਲ-ਨਾਲ ਏਜੰਡਾ ਤਿਆਰ ਕਰਕੇ ਆਉਣ।ਸ਼ਹਿਰ ਨੂੰ ਕੂੜਾ-ਕਰਕਟ ਮੁਕਤ ਕਰਨ ਦੇ ਅਹਿਦ ਤਹਿਤ ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਾਰਜਸਾਧਕ ਅਫ਼ਸਰਾਂ ਨੂੰ ਸਖ਼ਤ ਤਾੜਨਾ ਕੀਤੀ ਕਿ ਉਹ ਅਗਲੀ ਮੀਟਿੰਗ ਵਿੱਚ ਸਾਲਿਡ ਵੇਸਟ ਮੈਨੇਜਮੈਂਟ ਬਾਰੇ ਮੁਕੰਮਲ ਯੋਜਨਾ ਤਿਆਰ ਕਰਕੇ ਲਿਆਉਣ ਤਾਂ ਜੋ ਤੰਦਰੁਸਤ ਪੰਜਾਬ ਮਿਸ਼ਨ ਦੇ ਟੀਚੇ ਵੱਲ ਹੋਰ ਕਦਮ ਵਧਾਏ ਜਾ ਸਕਣ। ਉਨ੍ਹਾਂ ਕਿਹਾ ਕਿ ਸ਼ਹਿਰਾਂ ਵਿੱਚੋਂ ਕੂੜੇ ਦਾ ਖ਼ਾਤਮਾ ਜਾਂ ਉਸ ਨੂੰ ਢੁਕਵੀਂ ਥਾਂ 'ਤੇ ਸੁਟਵਾਉਣਾ ਕਾਰਜਸਾਧਕ ਅਫ਼ਸਰ ਦੀ ਜ਼ਿੰਮੇਵਾਰੀ ਬਣਦੀ ਹੈ ਅਤੇ ਇਸ ਸਬੰਧੀ ਅਣਗਹਿਲੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਨਗਰ ਨਿਗਮ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਸਫ਼ਾਈ ਪ੍ਰਬੰਧਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਵੀ ਕਿਹਾ। ਉਨ੍ਹਾਂ ਖ਼ਾਸ ਤੌਰ 'ਤੇ ਕਿਹਾ ਕਿ ਜ਼ਿਲ੍ਹੇ ਅੰਦਰ ਬਰਸਾਤੀ ਪਾਣੀ ਦਾ ਨਿਕਾਸ ਹਰ ਹੀਲੇ ਯਕੀਨੀ ਬਣਾਇਆ ਜਾਵੇ ਅਤੇ ਸੀਵਰੇਜ ਪਾਈਪਾਂ, ਨਾਲਿਆਂ ਤੇ ਰਜਵਾਹਿਆਂ ਦੀ ਸਫ਼ਾਈ ਦੇ ਨਾਲ-ਨਾਲ ਇਨ੍ਹਾਂ 'ਤੇ ਨਿਰੰਤਰ ਨਜ਼ਰ ਰੱਖੀ ਜਾਵੇ। ਸਮੂਹ ਵਿਭਾਗਾਂ ਨੂੰ ਸਾਲ 2014, 2015 ਅਤੇ 2016 ਦੇ ਅਧਵਾਟੇ ਪਏ ਕੰਮ ਨਿਪਟਾਉਣ ਦੇ ਨਿਰਦੇਸ਼ ਦਿੰਦਿਆਂ ਉਨ੍ਹਾਂ ਸਮੂਹ ਵਿਭਾਗ ਮੁਖੀਆਂ ਨੂੰ ਅਗਲੀ ਮੀਟਿੰਗ ਦੌਰਾਨ ਅਜਿਹੇ ਕੰਮਾਂ ਸਬੰਧੀ ਹਰ ਹੀਲੇ ਨਿੱਲ ਰਿਪੋਰਟ ਪੇਸ਼ ਕਰਨ ਦੀ ਸਖ਼ਤ ਤਾੜਨਾ ਕੀਤੀ।
ਵਿਭਾਗ ਮੁਖੀਆਂ ਦੀ ਜ਼ਿੰਮੇਵਾਰੀ ਤੈਅ ਕਰਦਿਆਂ ਉਨ੍ਹਾਂ ਕਿਹਾ ਕਿ ਬਕਾਏ ਪਏ ਕੰਮਾਂ ਸਬੰਧੀ ਢਿੱਲ-ਮੱਠ ਵਾਲਾ ਰਵੱਈਆ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਉਚੇਚੇ ਤੌਰ 'ਤੇ ਕਿਹਾ ਕਿ ਜ਼ਿਲ੍ਹੇ ਵਿੱਚ ਪਲਾਸਟਿਕ ਦੀ ਵਰਤੋਂ ਸਬੰਧੀ ਲੋਕਾਂ ਦਾ ਜਾਗਰੂਕ ਹੋਣਾ ਵਾਤਾਵਰਣ ਲਈ ਵਧੀਆ ਗੱਲ ਹੈ ਪਰ ਉਸ ਤੋਂ ਅਗਾਂਹ ਕਾਰਵਾਈ ਕਰਦਿਆਂ ਪਲਾਸਟਿਕ ਦੇ ਲਿਫ਼ਾਫ਼ਿਆਂ ਆਦਿ ਦੀ ਵਰਤੋਂ ਕਰਨ ਤੋਂ ਨਾ-ਟਲਣ ਵਾਲਿਆਂ ਦੇ ਜੁਰਮਾਨੇ ਕੀਤੇ ਜਾਣ। ਉਨ੍ਹਾਂ ਦੱਸਿਆ ਕਿ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁਧ ਐਕਟ ਮੁਤਾਬਕ 3,000 ਰੁਪਏ ਤੋਂ ਲੈ ਕੇ 20,000 ਤੱਕ ਦਾ ਜੁਰਮਾਨਾ ਅਤੇ ਤਿੰਨ ਮਹੀਨੇ ਸਜ਼ਾ ਦੀ ਵਿਵਸਥਾ ਹੈ। ਉਨ੍ਹਾਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ/ਪੰਚਾਇਤੀ ਜ਼ਮੀਨਾਂ 'ਤੇ ਹੋਏ ਨਾਜਾਇਜ਼ ਕਬਜ਼ੇ ਤੁਰੰਤ ਹਟਾਏ ਜਾਣ। ਪਿੰਡਾਂ ਵਿੱਚ ਸੜਕਾਂ ਤੇ ਛੱਪੜਾਂ ਦੀ ਸਫ਼ਾਈ ਸਬੰਧੀ ਇਕੱਲੇ-ਇਕੱਲੇ ਕੰਮ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਮੁਕੰਮਲ ਕੀਤੇ ਜਾ ਚੁੱਕੇ ਵੱਖ-ਵੱਖ ਵਿਕਾਸ ਕੰਮਾਂ ਸਬੰਧੀ ਸਰਟੀਫ਼ਿਕੇਟ ਜਮ੍ਹਾਂ ਕਰਾਉਣ ਲਈ ਕਿਹਾ। ਤਕਰੀਬਨ ਚਾਰ ਘੰਟੇ ਚੱਲੀ ਮੀਟਿੰਗ ਦੌਰਾਨ ਉਨ੍ਹਾਂ ਐਮ.ਪੀ.ਲੈਡ ਅਤੇ ਵਿਧਾਨ ਸਭਾ ਮੈਂਬਰਾਂ ਸਬੰਧੀ ਫ਼ੰਡਾਂ ਅਧੀਨ ਹੋਏ ਵਿਕਾਸ ਕੰਮ ਦਾ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਰਹਿੰਦੇ ਕੰਮ ਛੇਤੀ ਤੋਂ ਛੇਤੀ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਮਾਲ ਵਿਭਾਗ ਦੇ ਅਧਿਕਾਰੀਆਂ ਤੋਂ ਮਹੀਨਾਵਾਰੀ ਕੰਮ-ਕਾਜ ਦੇ ਵੇਰਵੇ ਲੈਂਦਿਆਂ ਉਨ੍ਹਾਂ ਵਸੂਲੀ ਪ੍ਰਕਿਰਿਆ ਵਿਚ ਹੋਰ ਤੇਜ਼ੀ ਲਿਆਉਣ ਲਈ ਕਿਹਾ।ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਲੋਕਾਂ ਦੀ ਸਿਹਤ ਸੁਧਾਰ ਤਹਿਤ ਮਿਲਾਵਟੀ ਖਾਦ ਪਦਾਰਥ ਵੇਚਣ ਵਾਲਿਆਂ ਵਿਰੁਧ ਨਿਰੰਤਰ ਚੈਕਿੰਗ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਸਮਾਜਿਕ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪੈਨਸ਼ਨ ਕੇਸਾਂ ਵਿੱਚ ਕਿਸੇ ਵੀ ਕਿਸਮ ਦੀ ਕੁਤਾਹੀ ਨਾ ਵਰਤੀ ਜਾਵੇ ਅਤੇ ਬੁਢਾਪਾ, ਵਿਧਵਾ ਅਤੇ ਅੰਗਹੀਣ ਪੈਨਸ਼ਨ ਦੇ ਕੇਸਾਂ ਨੂੰ ਖ਼ਾਸ ਤਰਜੀਹ ਦਿੱਤੀ ਜਾਵੇ। ਉਨ੍ਹਾਂ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਸ਼ਹਿਰ ਵਿਚ ਹਰ ਕਿਸਮ ਦੇ ਆਵਾਜ਼ੀ ਪ੍ਰਦੂਸ਼ਣ ਨੂੰ ਮੁਕੰਮਲ ਤੌਰ 'ਤੇ ਖ਼ਤਮ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਵੱਖ-ਵੱਖ ਕਮਿਸ਼ਨਾਂ ਪਾਸੋਂ ਪ੍ਰਾਪਤ ਸਾਰੀਆਂ ਲੰਬਤ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾਵੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਮੀਤ ਸਿੰਘ ਸਿੱਧੂ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸ੍ਰੀ ਨਵਦੀਪ ਕੁਮਾਰ, ਐਸ.ਡੀ.ਐਮ ਮਾਨਸਾ ਸ੍ਰੀ ਅਭੀਜੀਤ ਕਪਲਿਸ਼, ਐਸ.ਡੀ.ਐਮ. ਸਰਦੂਲਗੜ੍ਰ ਸ੍ਰੀ ਲਤੀਫ਼ ਅਹਿਮਦ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।