ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੁਸ਼ਿਆਰਪੁਰ ਵਿਖੇ 72ਵੇਂ ਆਜ਼ਾਦੀ ਦਿਹਾੜੇ 'ਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਮਨ-ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦਾ ਸੰਦੇਸ਼ ਦਿੰਦਿਆਂ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਬਣਾਉਣਾ ਹੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ ਅਤੇ ਹੋਰ ਆਜ਼ਾਦੀ ਦੇ ਪ੍ਰਵਾਨਿਆਂ ਸਦਕਾ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਵਿਚ ਸਾਹ ਲੈ ਰਹੇ ਹਾਂ। ਉਨ੍ਹਾਂ ਕਿਹਾ ਕਿ ਦੇਸ਼ ਲਈ ਆਪਾ ਵਾਰਨ ਵਾਲੇ ਦੇਸ਼ ਭਗਤਾਂ ਵਲੋਂ ਲਏ ਗਏ ਸੁਪਨਿਆਂ ਦਾ ਸਮਾਜ ਸਿਰਜਣ ਲਈ ਸਮਾਜਿਕ ਬੁਰਾਈਆਂ ਖਿਲਾਫ ਇਕਜੁੱਟਤਾ ਦੀ ਲੋੜ ਹੈ ਅਤੇ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਵਲੋਂ ਅਜਿਹਾ ਸਿਹਤਮੰਦ ਅਤੇ ਤੰਦਰੁਸਤ ਸਮਾਜ ਸਿਰਜਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਇਕ ਸਾਲ ਦੇ ਕਾਰਜਕਾਲ ਦੌਰਾਨ ਹੀ ਵੱਖ-ਵੱਖ ਅਹਿਮ ਪ੍ਰਾਪਤੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜਿਥੇ ਨਸ਼ਿਆਂ ਵਿਰੁੱਧ ਜੰਗ ਛੇੜੀ ਗਈ ਹੈ, ਉਥੇ ਪ੍ਰਸ਼ਾਸ਼ਕੀ ਸੁਧਾਰ, ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀਆਂ ਅਤੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀ ਭਲਾਈ ਲਈ ਵਿਸ਼ੇਸ਼ ਕਦਮ ਪੁੱਟੇ ਗਏ ਹਨ। ਸ਼੍ਰੀ ਚਰਨਜੀਤ ਸਿੰਘ ਚੰਨੀ ਨੇ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਕਰੀਬ 50 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਲਈ ਵੱਧ ਤੋਂ ਵੱਧ ਰੋਜ਼ਗਾਰ ਦੇ ਸਾਧਨ ਪੈਦਾ ਕੀਤੇ ਜਾ ਰਹੇ ਹਨ, ਤਾਂ ਉਨ੍ਹਾਂ ਨੂੰ ਆਪਣੇ ਪੈਰਾਂ ਸਿਰ ਖੜ੍ਹਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅਤੇ ਰਾਜ ਪੱਧਰ 'ਤੇ ਰੋਜ਼ਗਾਰ ਮੇਲੇ ਲਗਾ ਕੇ ਜਿੱਥੇ ਲੱਖਾਂ ਨੌਜਵਾਨਾਂ ਨੂੰ ਸਰਕਾਰੀ, ਅਰਧ ਸਰਕਾਰੀ ਅਤੇ ਪ੍ਰਾਈਵੇਟ ਖੇਤਰ ਵਿਚ ਨੌਕਰੀਆਂ ਦਿਵਾਈਆਂ ਗਈਆਂ ਹਨ, ਉਥੇ ਅੰਤਰਰਾਸ਼ਟਰੀ ਰੋਜ਼ਗਾਰ ਮੇਲਾ ਵੀ ਨੌਜਵਾਨਾਂ ਲਈ ਕਾਫੀ ਫਾਇਦੇਮੰਦ ਸਾਬਿਤ ਹੋਇਆ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ 'ਤੇ ਵੀ ਸਰਕਾਰ ਵਲੋਂ ਲਗਾਮ ਕੱਸੀ ਜਾ ਰਹੀ ਹੈ ਅਤੇ ਨਸ਼ਿਆਂ ਦੇ ਖਾਤਮੇ ਲਈ ਵਿਸ਼ੇਸ਼ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ। ਇਸ ਤੋਂ ਇਲਾਵਾ 'ਡੈਪੋ' ਮੁਹਿੰਮ ਤੋਂ ਇਲਾਵਾ 'ਮਿਸ਼ਨ ਤੰਦਰੁਸਤ ਪੰਜਾਬ' ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ।
ਕੈਬਨਿਟ ਮੰਤਰੀ ਨੇ ਫਸਲੀ ਕਰਜ਼ਾ ਯੋਜਨਾ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵਲੋਂ ਕਮਰਸ਼ੀਅਲ ਬੈਂਕਾਂ ਦੇ 2 ਲੱਖ ਰੁਪਏ ਤੱਕ ਦੇ ਫਸਲੀ ਕਰਜ਼ੇ ਮਾਫ ਕੀਤੇ ਜਾ ਰਹੇ ਹਨ, ਜਦਕਿ ਸਰਕਾਰ ਵਲੋਂ ਸਹਿਕਾਰੀ ਬੈਂਕਾਂ ਦੇ 3 ਲੱਖ ਤੋਂ ਵੱਧ ਦਰਮਿਆਨੇ ਕਾਸਨਾਂ ਦੇ 1710 ਕਰੋੜ ਰੁਪਏ ਦੇ ਕਰਜ਼ੇ ਮਾਫ ਕੀਤੇ ਜਾ ਚੁੱਕੇ ਹਨ। ਉਨ੍ਹਾਂ ਇਸ ਮੌਕੇ 11 ਕਿਸਾਨਾਂ ਨੂੰ ਕਰਜ਼ਾ ਰਾਹਤ ਪ੍ਰਮਾਣ ਪੱਤਰ ਵੀ ਸੌਂਪੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰੇਕ ਵਰਗ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। 'ਬਡੀ' ਪ੍ਰੋਜੈਕਟ ਦੀ ਸ਼ੁਰੂਆਤ ਕਰਦਿਆਂ ਸ਼੍ਰੀ ਚੰਨੀ ਕਿਹਾ ਕਿ ਨਸ਼ਿਆਂ ਖਿਲਾਫ ਵਿਦਿਆਰਥੀਆਂ ਦੀ ਸ਼ਮੂਲੀਅਤ ਅਹਿਮ ਰੋਲ ਅਦਾ ਕਰੇਗੀ। ਉਨ੍ਹਾਂ ਅਪੀਲ ਕੀਤੀ ਕਿ ਵਿਦਿਆਰਥੀ ਸੂਬੇ ਨੂੰ ਨਸ਼ਾ ਮੁਕਤ ਅਤੇ ਸਿਹਤਮੰਦ ਬਣਾਉਣ ਲਈ ਮੋਹਰੀ ਰੋਲ ਅਦਾ ਕਰਨ। ਇਸੇ ਤਰ੍ਹਾਂ ਉਨ੍ਹਾਂ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦੇ ਦੂਜੇ ਪੜਾਅ ਦਾ ਆਗਜ਼ ਕਰਦਿਆਂ ਕਰੀਬ 20 ਲਾਭਪਾਤਰੀਆਂ ਨੂੰ ਵੱਖ-ਵੱਖ ਸਕੀਮਾਂ ਤਹਿਤ ਦਿੱਤੇ ਲਾਭ ਸਬੰਧੀ ਦਸਤਾਵੇਜ਼ ਵੀ ਸੌਂਪੇ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦੇ ਪਹਿਲੇ ਪੜਾਅ ਵਿੱਚ ਜ਼ਿਲ੍ਹੇ ਦੇ ਕਰੀਬ 32 ਹਜ਼ਾਰ ਲਾਭਪਾਤਰੀਆਂ ਨੂੰ ਵੱਖ-ਵੱਖ ਸਕੀਮਾਂ ਦਾ ਫਾਇਦਾ ਪਹੁੰਚਾਇਆ ਗਿਆ ਹੈ। ਉਪਰੰਤ ਉਨ੍ਹਾਂ 'ਹਰ ਵੀਰਵਾਰ ਦਿਵਿਆਂਗਾਂ ਦਾ ਸਤਿਕਾਰ' ਮੁਹਿੰਮ ਦੀ ਸ਼ੁਰੂਆਤ ਕਰਕੇ ਜ਼ਿਲ੍ਹੇ ਪ੍ਰਸ਼ਾਸ਼ਨ ਦੇ ਇਸ ਨਿਵੇਕਲੇ ਉਪਰਾਲੇ ਦੀ ਸ਼ਲਾਘਾ ਵੀ ਕੀਤੀ। 72ਵੇਂ ਆਜ਼ਾਦੀ ਦਿਹਾੜੇ 'ਤੇ ਜ਼ਿਲ੍ਹਾ ਪੱਧਰੀ ਸਮਾਰੋਹ ਪੁਲਿਸ ਲਾਈਨ ਹੁਸ਼ਿਆਰਪੁਰ ਵਿਖੇ ਪੂਰੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਤੋਂ ਬਾਅਦ ਕੈਬਨਿਟ ਮੰਤਰੀ ਸ਼੍ਰੀ ਚਰਨਜੀਤ ਸਿੰਘ ਚੰਨੀ ਨੇ ਪਰੇਡ ਦਾ ਨਿਰੀਖਣ ਕੀਤਾ। ਨਿਰੀਖਣ ਦੌਰਾਨ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਅਤੇ ਐਸ.ਐਸ.ਪੀ. ਸ੍ਰੀ ਜੇ. ਇਲਨਚੇਲੀਅਨ ਵੀ ਉਨ੍ਹਾਂ ਦੇ ਨਾਲ ਸਨ। ਪਰੇਡ ਕਮਾਂਡਰ ਸ੍ਰੀ ਗੁਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਪੰਜਾਬ ਪੁਲੀਸ, ਪੀ.ਆਰ.ਟੀ.ਸੀ. ਜਹਾਨਖੇਲਾਂ, ਹੋਮਗਾਰਡਜ਼, ਐਨ.ਸੀ.ਸੀ., ਗਰਲਜ਼ ਗਾਈਡਜ਼ ਅਤੇ ਸਕਾਊਟਸ ਦੀਆਂ ਟੁਕੜੀਆਂ ਵਲੋਂ ਸ਼ਾਨਦਾਰ ਮਾਰਚ ਪਾਸਟ ਵੀ ਕੀਤਾ ਗਿਆ। ਉਪਰੰਤ ਸਕੂਲੀ ਵਿਦਿਆਰਥੀਆਂ ਵਲੋਂ ਮਾਸ ਪੀ.ਟੀ. ਸ਼ੋਅ ਤੋਂ ਇਲਾਵਾ ਸਭਿਆਚਾਰਕ ਅਤੇ ਦੇਸ਼ ਭਗਤੀ ਦੀਆਂ ਵਨੰਗੀਆਂ ਵੀ ਪੇਸ਼ ਕੀਤੀਆਂ ਗਈਆਂ।
ਇਸ ਮੌਕੇ ਕੈਬਨਿਟ ਮੰਤਰੀ ਵਲੋਂ ਆਜ਼ਾਦੀ ਘੁਲਾਟੀਆਂ ਦਾ ਸਨਮਾਨ ਵੀ ਕੀਤਾ ਗਿਆ ਅਤੇ ਵਿਲੱਖਣ ਪ੍ਰਾਪਤੀਆਂ ਵਾਲੀਆਂ ਵੱਖ-ਵੱਖ 46 ਸ਼ਖਸੀਅਤਾਂ ਨੂੰ ਪ੍ਰਸ਼ੰਸਾ ਪੱਤਰ ਵੀ ਸੌਂਪੇ ਗਏ। ਸ੍ਰੀ ਚੰਨੀ ਨੇ ਲੋੜਵੰਦਾਂ ਨੂੰ 6 ਵੀਲ੍ਹਚੇਅਰਜ਼, 7 ਟਰਾਈ ਸਾਈਕਲ ਅਤੇ 20 ਸਿਲਾਈ ਮਸ਼ੀਨਾਂ ਵੀ ਵੰਡੀਆਂ। ਉਨ੍ਹਾਂ ਸਭਿਆਚਾਰਕ ਪ੍ਰੋਗਰਾਮ ਵਿਚ ਪਹਿਲੇ ਦਰਜੇ ਲਈ ਚੁਣੇ ਗਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਰੂ ਨੰਗਲ, ਦੂਜੇ 'ਤੇ ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾਂ ਅਤੇ ਤੀਜੇ ਨੰਬਰ 'ਤੇ ਆਉਣ ਵਾਲੇ ਸੇਂਟ ਜੋਸਫ ਸਕੂਲ ਨੂੰ ਇਕ-ਇਕ ਲੱਖ ਰੁਪਏ ਦੇ ਹਿਸਾਬ ਨਾਲ ਤਿੰਨ ਲੱਖ ਰੁਪਏ ਦਾ ਐਲਾਨ ਕੀਤਾ, ਜਦਕਿ ਸਮਾਰੋਹ ਵਿਚ ਹਿੱਸਾ ਲੈਣ ਵਾਲੇ ਸਾਰੇ ਬੱਚਿਆਂ ਅਤੇ ਟੁਕੜੀਆਂ ਨੂੰ ਇਕ ਮੈਡਲ ਅਤੇ ਸਰਟੀਫਿਕੇਟ ਦੇਣ ਦਾ ਵੀ ਐਲਾਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ 16 ਅਗਸਤ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿਚ ਛੁੱਟੀ ਦਾ ਵੀ ਐਲਾਨ ਕੀਤਾ ਹੈ। ਸਮਾਰੋਹ ਦੌਰਾਨ 'ਮਿਸ਼ਨ ਤੰਦਰੁਸਤ ਪੰਜਾਬ' ਅਤੇ ਡੈਪੋ ਮੁਹਿੰਮ ਤਹਿਤ ਸਿਹਤ ਵਿਭਾਗ ਤੇ ਜ਼ਿਲ੍ਹਾ ਪੁਲਿਸ ਵਲੋਂ ਕੱਢੀ ਝਾਕੀ ਖਿੱਚ ਦਾ ਕੇਂਦਰ ਰਹੀ, ਜਦਕਿ ਜ਼ਿਲ੍ਹਾ ਸਿੱਖਿਆ ਵਿਭਾਗ ਵਲੋਂ ਬਡੀ ਪ੍ਰੋਜੈਕਟ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਮੁਫਤ ਕਾਨੂੰਨੀ ਸੇਵਾਵਾਂ, ਰੋਜ਼ਗਾਰ ਵਿਭਾਗ ਵਲੋਂ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਅਤੇ ਤੰਦਰੁਸਤੀ ਦਾ ਸੁਨੇਹਾ ਦੇਣ ਲਈ ਵੇਰਕਾ ਮਿਲਕ ਪਲਾਂਟ ਵਲੋਂ ਵਿਸ਼ੇਸ਼ ਝਾਕੀਆਂ ਵੀ ਕੱਢੀਆਂ ਗਈਆਂ। ਸਮਾਰੋਹ ਦੌਰਾਨ ਮੁੱਖ ਮਹਿਮਾਨ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਲਈ ਸਹੁੰ ਵੀ ਚੁਕਾਈ ਗਈ। ਇਸ ਮੌਕੇ ਸਕੱਤਰ ਤਕਨੀਕੀ ਸਿੱਖਿਆ ਵਿਭਾਗ ਸ਼੍ਰੀ ਡੀ.ਕੇ. ਤਿਵਾੜੀ, ਹਲਕਾ ਵਿਧਾਇਕ ਟਾਂਡਾ ਸ੍ਰੀ ਸੰਗਤ ਸਿੰਘ ਗਿਲਜੀਆਂ, ਹਲਕਾ ਵਿਧਾਇਕ ਸ਼ਾਮਚੁਰਾਸੀ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਸ੍ਰੀ ਪਵਨ ਕੁਮਾਰ ਆਦੀਆ, ਹਲਕਾ ਵਿਧਾਇਕ ਚੱਬੇਵਾਲ ਡਾ. ਰਾਜ ਕੁਮਾਰ, ਜਿਲ੍ਹਾ ਤੇ ਸੈਸ਼ਨ ਜੱਜ ਮੈਡਮ ਪ੍ਰਿਆ ਸੂਦ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਆਰ.ਪੀ. ਸਿੰਘ, ਕਮਿਸ਼ਨਰ ਨਗਰ ਨਿਗਮ ਸ਼੍ਰੀ ਬਲਬੀਰ ਰਾਜ ਸਿੰਘ, ਸਹਾਇਕ ਕਮਿਸ਼ਨਰ (ਜ) ਸ੍ਰੀ ਗਣਦੀਪ ਸਿੰਘ ਹੀਰ, ਸਹਾਇਕ ਕਮਿਸ਼ਨਰ (ਅੰਡਰ ਟਰੇਨਿੰਗ) ਸ੍ਰੀ ਅਮਿਤ ਸਰੀਨ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰੀ ਹਾਕਮ ਥਾਪਰ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਮੋਹਨ ਸਿੰਘ ਲੇਹਿਲ, ਸਾਬਕਾ ਐਮ.ਪੀ. ਸ੍ਰੀ ਕਮਲ ਚੌਧਰੀ ਤੋਂ ਇਲਾਵਾ ਵੱਖ-ਵੱਖ ਸਿਆਸੀ, ਧਾਰਮਿਕ, ਸਮਾਜਿਕ ਸੰਸਥਾਵਾਂ ਦੇ ਨੁਮਾਇੰਦੇ ਅਤੇ ਨਿਆਇਕ, ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਦੇ ਅਧਿਕਾਰੀ ਹਾਜ਼ਰ ਸਨ।