ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਸੰਗਰੂਰ ਨਾਲ ਸਬੰਧਤ ਵੱਖ-ਵੱਖ ਪੈਨਸ਼ਨਰਾਂ ਦੀਆਂ ਪੈਨਸ਼ਨ ਨਾਲ ਸਬੰਧਤ ਸਮੱਸਿਆਵਾਂ ਦਾ ਪਹਿਲ ਦੇ ਅਧਾਰ 'ਤੇ ਨਿਪਟਾਰਾ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਸ. ਰਾਜਦੀਪ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਵਿਸ਼ੇਸ ਅਦਾਲਤ ਲਗਾਈ ਗਈ। ਸ. ਬਰਾੜ ਨੇ ਪੈਨਸ਼ਨਰਾਂ ਨਾਲ ਸਬੰਧਤ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਪੈਨਸ਼ਨ ਕੇਸਾਂ ਦਾ ਸਮਾਂਬੱਧ ਤਰੀਕੇ ਨਾਲ ਨਿਪਟਾਰਾ ਕੀਤਾ ਜਾਵੇ, ਤਾਂ ਕਿ ਕਿਸੇ ਵੀ ਸੇਵਾ ਮੁਕਤ ਅਧਿਕਾਰੀ ਜਾਂ ਕਰਮਚਾਰੀ ਨੂੰ ਪੈਨਸ਼ਨ ਲਈ ਕੋਈ ਮੁਸ਼ਕਿਲ ਪੇਸ਼ ਨਾ ਆਵੇ।ਉਨ੍ਹਾਂ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰੇਕ ਵਿਭਾਗ ਅੰਦਰ ਬਕਾਇਆ ਪਏ ਪੈਨਸ਼ਨ ਕੇਸਾਂ ਦਾ 25 ਅਕਤੂਬਰ ਤੱਕ ਨਿਪਟਾਰਾ ਕੀਤਾ ਜਾਵੇ, ਜਿਸਦੀ ਰਿਪੋਰਟ ਵਧੀਕ ਡਿਪਟੀ ਕਮਿਸ਼ਨਰ ਦੇ ਦਫ਼ਤਰ ਵਿਖੇ ਭੇਜਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਦੱਸਿਆ ਕਿ ਪੈਨਸ਼ਨ ਕੇਸਾਂ ਦੇ ਮਾਮਲਿਆ ਦੀ ਸੁਣਵਾਈ ਲਈ ਸਰਕਾਰ ਦੀਆਂ ਹਦਾਇਤਾਂ 'ਤੇ ਲਗਾਈ ਵਿਸ਼ੇਸ਼ ਅਦਾਲਤ ਵਿੱਚ 8 ਬਿਨੈਕਾਰਾਂ ਨੇ ਪੈਨਸ਼ਨ ਸਬੰਧੀ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ, ਜਿਸਦੇ ਵਿੱਚੋਂ 2 ਮਾਮਲਿਆਂ ਦਾ ਮੌਕੇ 'ਤੇ ਹੀ ਨਿਪਟਾਰਾ ਕਰ ਦਿੱਤਾ ਗਿਆ ਹੈ ਅਤੇ ਬਕਾਇਆ ਮਾਮਲਿਆਂ ਬਾਰੇ ਸਬੰਧਤ ਵਿਭਾਗਾਂ ਨੂੰ ਆਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਮਨਸ਼ਾ ਹੈ ਕਿ ਲੰਬਾ ਸਮਾਂ ਵੱਖ-ਵੱਖ ਵਿਭਾਗਾਂ ਵਿੱਚ ਸੇਵਾਵਾਂ ਨਿਭਾ ਚੁੱਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪੈਨਸ਼ਨ ਲਈ ਕੋਈ ਦਿੱਕਤ ਨਾ ਆਵੇ, ਜਿਸਦੇ ਲਈ ਢੁੱਕਵੇ ਪ੍ਰਬੰਧ ਕੀਤੇ ਜਾ ਰਹੇ ਹਨ।ਇਸ ਮੌਕੇ ਸਹਾਇਕ ਕਮਿਸ਼ਨਰ ਇਨਾਯਤ, ਜ਼ਿਲ੍ਹਾ ਲੀਡ ਬੈਂਕ ਮੈਨੇਜਰ ਸਰਵਨ ਕੁਮਾਰ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪੈਨਸ਼ਨਰ ਵੀ ਹਾਜ਼ਰ ਸਨ।