ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਨੂੰ ਲੈ ਕੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਜਾਂ ਲੇਬਰ ਨੂੰ ਕਿਸੇ ਤਰ੍ਹਾਂ ਦੀ ਵੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਅਨਾਜ ਮੰਡੀ ਬਾਰੇ ਕੇ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਉਣ ਮੌਕੇ ਗੱਲਬਾਤ ਦੌਰਾਨ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਵੀ ਹਾਜ਼ਰ ਸਨ। ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੂਰੇ ਸੂਬੇ ਅੰਦਰ ਝੋਨੇ ਦੀ ਨਿਰਵਿਘਨ ਖ਼ਰੀਦ, ਲਿਫ਼ਟਿੰਗ ਅਤੇ ਸਮੇਂ ਸਿਰ ਅਦਾਇਗੀ ਲਈ ਸਮੂਹ ਖ਼ਰੀਦ ਏਜੰਸੀਆਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਬਿਨਾਂ ਕਿਸੇ ਦੇਰੀ ਦੇ ਖ਼ਰੀਦਣ ਲਈ ਵਚਨਬੱਧ ਹੈ ਅਤੇ ਮੰਡੀਆਂ ਵਿੱਚੋਂ ਖ਼ਰੀਦੇ ਗਏ ਝੋਨੇ ਦੀ ਲਿਫ਼ਟਿੰਗ ਅਤੇ ਅਦਾਇਗੀ ਸਮੇਂ ਸਿਰ ਯਕੀਨੀ ਬਣਾਈ ਜਾਵੇਗੀ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੇ ਮਿਥੇ ਨਿਯਮਾਂ ਅਨੁਸਾਰ ਹੀ ਸੁੱਕਾ ਝੋਨਾ ਮੰਡੀਆਂ ਵਿੱਚ ਲਿਆਉਣ ਅਤੇ ਝੋਨੇ ਵਿੱਚ ਨਮੀ ਦੀ ਮਾਤਰਾ ਨਿਰਧਾਰਿਤ ਕੀਤੇ ਮਾਪਦੰਡਾਂ ਤੋਂ ਵੱਧ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਸੁੱਕਾ ਝੋਨਾ ਮੰਡੀਆਂ ਵਿੱਚ ਆਉਣ ਨਾਲ ਸਮੇਂ ਸਿਰ ਬੋਲੀ ਹੋਵੇਗੀ ਅਤੇ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕੀਤੀ ਜਾ ਸਕੇਗੀ। ਉਨ੍ਹਾਂ ਕਿਹਾ ਕਿ ਉਹ ਖ਼ਰੀਦ ਲਈ ਸਮੇਂ-ਸਮੇਂ ਤੇ ਹਲਕੇ ਦੀਆਂ ਮੰਡੀਆਂ ਦਾ ਦੌਰਾ ਕਰਨਗੇ ਤੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਰਹਿਣਗੇ। ਉਨ੍ਹਾਂ ਜ਼ਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਨੂੰ ਆਦੇਸ਼ ਦਿੱਤੇ ਕਿ ਸਾਰੀਆਂ ਖ਼ਰੀਦ ਏਜੰਸੀਆਂ ਅਤੇ ਮੰਡੀ ਬੋਰਡ ਆਪਸੀ ਤਾਲਮੇਲ ਨਾਲ ਝੋਨੇ ਦੀ ਖ਼ਰੀਦ ਕਰਵਾਉਣ ਤਾਂ ਜੋ ਕਿਸਾਨਾਂ ਸਮੇਤ ਕਿਸੇ ਵੀ ਧਿਰ ਨੂੰ ਦਿੱਕਤ ਪੇਸ਼ ਨਾ ਆਵੇ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ: ਬਲਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਸਰਕਾਰ ਦੇ ਆਦੇਸ਼ਾਂ ਅਨੁਸਾਰ ਮੰਡੀਆਂ ਵਿੱਚ ਸਾਰੇ ਪ੍ਰਬੰਧ ਮੁਕੰਮਲ ਹਨ ਅਤੇ ਕਿਸਾਨਾਂ, ਆੜ੍ਹਤੀਆਂ, ਲੇਬਰ ਅਤੇ ਸ਼ੈਲਰ ਮਾਲਕਾਂ ਨੂੰ ਖ਼ਰੀਦ ਪ੍ਰਕਿਰਿਆ ਵਿੱਚ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।ਇਸ ਮੌਕੇ ਐਸ.ਐਸ.ਪੀ ਸ੍ਰ: ਪ੍ਰੀਤਮ ਸਿੰਘ, ਐਸ.ਡੀ.ਐਮ ਸ਼੍ਰੀ ਅਮਿਤ ਗੁਪਤਾ, ਸ਼੍ਰੀ ਸਵਰਨ ਸਿੰਘ ਜ਼ਿਲ੍ਹਾ ਮੰਡੀ ਅਫਸਰ ਅਤੇ ਸ਼੍ਰੀ ਮੰਗਲ ਦਾਸ ਡੀ.ਐਫ.ਐਸ.ਸੀ ਵੀ ਮੌਜੂਦ ਸਨ।