ਸਿਵਲ ਸਰਜਨ ਡਾ. ਐਨ.ਕੇ. ਅਗਰਵਾਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਵਿਦਿਆਰਥੀਆਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਸਿਹਤ ਵਿਭਾਗ ਵੱਲੋਂ ਜ੍ਹਿਲਾ ਸਿਹਤ ਅਫਸਰ ਡਾ. ਨਵਜੋਤ ਕੌਰ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੰਡੀ ਗੋਬਿੰਦਗੜ੍ਹ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।ਉਹਨਾਂ ਦੱਸਿਆ ਕਿ ਸੈਮੀਨਾਰ ਵਿੱਚ ਸਕੁਲ ਦੇ ਵਿਦਿਆਰਥੀਆਂ ਨੂੰ ਤੰਬਾਕੂ ਸੇਵਨ ਨਾਲ ਹੋਣ ਵਾਲੀਆਂ ਬਿਮਾਰੀਆਂ ਸਬੰਧੰੀ ਜਾਣੂ ਕਰਵਾਇਆ ਗਿਆ ਅਤੇ ਤੰਬਾਕੁ ਵਿਰੋਧੀ ਪੋਸਟਰ ਤਿਆਰ ਕਰਵਾਏ ਗਏ।ਇਸ ਮੌਕੇ ਡਾ. ਨਵਜੋਤ ਕੌਰ ਨੇ ਵਿਦਿਆਰਥੀਆਂ ਨੂੰ ਜਾਗਰੂਕ ਕਰਦਿਆਂ ਦੱਸਿਆ ਕਿ ਤੰਬਾਕੂ ਦੀ ਵਰਤੋਂ ਨਾਲ ਸੂਗਰ,ਬਲੱਡ ਪ੍ਰੈਸ਼ਰ,ਦਮੇ ਦਾ ਰੋਗ ਟੀ ਬੀ,ਦਿਲ ਦੇ ਰੋਗ ਅਤੇ ਕੈਂਸਰ ਵਰਗੀਆਂ ਭਿਆਨਕ ਬਿਮਾਰੀਆਂ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ। ਉਹਨਾ ਦੱਸਿਆ ਕਿ ਤੰਬਾਕੂ ਦੀ ਵਰਤੋਂ ਨਾਲ ਹਰ ਰੋਜ 2500 ਲੋਕ ਪ੍ਰੀ-ਮੈਚਿਓਰ ਮੌਤ ਦੇ ਸ਼ਿਕਾਰ ਹੁੰਦੇ ਹਨ ਜਦੋ਼ ਕਿ ਸਾਲ ਭਰ ਵਿੱਚ 10 ਲੱਖ ਦੇ ਕਰੀਬ ਮੌਤਾਂ ਤੰਬਾਕੂ ਦੇ ਸੇਵਨ ਨਾਲ ਹੋਣ ਵਾਲੀਆਂ ਬਿਮਾਰੀਆਂ ਕਾਰਨ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਨੌਜਵਾਨਾਂ ਨੂੰ ਨਸ਼ਿਆਂ ਖਾਸ ਕਰਕੇ ਤੰਬਾਕੂ ਸੇਵਨ ਨਾਲ ਮਨੁੱਖੀ ਸਿਹਤ ਤੇ ਹੋਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਤੰਬਾਕੂ ਦੇ ਸੇਵਨ ਨਾਲ ਹੋਣ ਵਾਲੀਆਂ ਬਿਮਾਰੀਆਂ ਕਾਰਨ ਪ੍ਰੀ-ਮੈਚਿਓਰ ਮੌਤਾਂ ਤੇ ਕਾਬੂ ਪਾਇਆ ਜਾ ਸਕੇ।
ਇਸ ਮੌਕੇ ਜਿਲ੍ਹਾ ਡੈਂਟਲ ਹੈਲਥ ਅਫਸਰ ਡਾ. ਸੁਦਰਸ਼ਨ ਕੌਰ ਨੇ ਦੱਸਿਆ ਕਿ ਤੰਬਾਕੁ ਦੀ ਵਰਤੋਂ ਨਾਲ ਦੰਦ ਬੁਰੀ ਤਰਾਂ ਖਰਾਬ ਹੋ ਜਾਂਦੇ ਹਨ।ਉਹਨਾ ਦੱਸਿਆ ਕਿ ਤੰਬਾਕੁ ਦੀ ਕਿਸੇ ਵੀ ਰੂਪ ਵਿੱਚ ਵਰਤੋ਼ ਜਿੱਥੇ ਮਨੁੱਖੀ ਸਿਹਤ ਲਈ ਹਾਨੀਕਾਰਕ ਹੈ ਉੱਥੇ ਦੰਦਾ ਦੀਆਂ ਬਿਮਾਰੀਆਂ ਦਾ ਕਾਰਨ ਵੀ ਬਣਦੀ ਹੈ।ਜਿਲ੍ਹਾ ਮਾਸ ਮੀਡੀਆ ਅਫਸਰ ਪਰਮਿੰਦਰ ਸਿੰਘ ਅਤੇ ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ ਨੇ ਵੀ ਤੰਬਾਕੂ ਕੰਟਰੋਲ ਐਕਟ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਅਤੇ ਤੰਬਾਕੂ ਸੇਵਨ ਨਾਲ ਹੋਣ ਵਾਲੇ ਨੁਕਸਾਨਾ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ। ਇਸ ਮੌਕੇ ਤੇ ਮਨੁੱਖ ਅਧਿਕਾਰ ਮੰਚ ਪੰਜਾਬ ਦੇ ਪ੍ਰਧਾਨ ਗੁਰਦੀਪ ਸਿੰਘ ਅਤੇ ਸਕੂਲ ਦੇ ਪ੍ਰਿੰਸੀਪਲ ਸ੍ਰੀ ਸੁਰਿੰਦਰ ਕੁਮਾਰ ਸਿੰਗਲਾ ਨੇ ਵੀ ਵਿਦਿਆਰਥੀਆਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ।ਇਸ ਮੌਕੇ ਪਿੰਡ ਮਾਜਰੀ ਮਿਸ਼ਰੀ ਦੇ ਸਾਬਕਾ ਸਰਪੰਚ ਸ੍ਰ. ਜਗਰੂਪ ਸਿੰਘ ਨੂੰ ਪਿੰਡ ਮਾਜਰੀ ਮਿਸ਼ਰੀ ਨੂੰ ਤੰਬਾਕੁ ਮੁਕਤ ਬਣਾਉਣ ਤੇ ਸਨਮਾਨਿਤ ਕੀਤਾ ਗਿਆ।ਸਕੂਲ ਦੇ ਵਿਦਿਆਰਥੀਆਂ ਨੁੰ ਵੀ ਡਿਕਲਾਮੇਸ਼ਨ ਕੰਟੈਸਟ ਦੌਰਾਨ ਸਵਾਲਾਂ ਦੇ ਸਹੀ ਜਵਾਬ ਦੇਣ ਤੇ ਇਨਾਮ ਦਿੱਤੇ ਗਏ।ਇਸ ਮੌਕੇ ਤੇ ਸਕੂਲ ਅਧਿਆਪਕ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜਰ ਸਨ ।