ਸ਼ੋਰ ਸ਼ਰਾਬਾ ਅਤੇ ਆਵਾਜ਼ ਪ੍ਰਦੂਸ਼ਣ ਦੇ ਕਾਰਨ ਆਮ ਲੋਕਾਂ ਦੀ ਮਾਨਸਿਕਤਾ ਅਤੇ ਬਜ਼ਰਗਾਂ ਤੇ ਬੱਚਿਆਂ ਦੀ ਸਿਹਤ ਉਤੇ ਪੈਂਦੇ ਮਾੜੇ ਅਸਰ ਦਾ ਗੰਭੀਰ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਵਧੀਕ ਡਿਪਟੀ ਕਮਿਸ਼ਨਰ ਸ. ਰਾਜਦੀਪ ਸਿੰਘ ਬਰਾੜ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ, ਮੈਰਿਜ ਪੈਲੇਸਾਂ, ਹੋਟਲਾਂ ਤੇ ਰੈਸਟੋਰੈਂਟਾਂ ਦੇ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਵਾਜ਼ ਪ੍ਰਦੂਸ਼ਣ ਸਬੰਧੀ ਜਾਰੀ ਨਿਯਮਾਂ ਤੇ ਕਾਨੂੰਨਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੁਲਿਸ ਤੇ ਪ੍ਰਸ਼ਾਸਨ ਦੇ ਹੋਰ ਅਧਿਕਾਰੀਆਂ ਸਮੇਤ ਮੀਟਿੰਗ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਸਪੱਸ਼ਟ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਬੱਚਿਆਂ ਦੀਆਂ ਪ੍ਰੀਖਿਆਵਾਂ ਦੌਰਾਨ ਆਵਾਜ਼ ਪ੍ਰਦੂਸ਼ਣ ਪੈਦਾ ਹੋਣਾ ਚਿੰਤਾ ਦਾ ਵਿਸ਼ਾ ਹੈ ਅਤੇ ਬਿਮਾਰ ਬਜ਼ੁਰਗਾਂ ਨੂੰ ਉੱਚੀ ਆਵਾਜ਼ ਹੋਰ ਵੀ ਬਿਮਾਰ ਕਰਦੀ ਹੈ ਜਿਸ ਤੋਂ ਗੁਰੇਜ਼ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ ਦਾ ਇਹ ਨੈਤਿਕ ਫਰਜ਼ ਬਣਦਾ ਹੈ ਕਿ ਉਹ ਸਵੈ ਅਨੁਸਾਸ਼ਨ ਪ੍ਰਤੀ ਵਚਨਬੱਧਤਾ ਨੂੰ ਕਾਇਮ ਰੱਖਦੇ ਹੋਏ ਆਵਾਜ਼ ਪ੍ਰਦੂਸ਼ਣ ਦੀ ਰੋਕਥਾਮ 'ਚ ਬਣਦਾ ਯੋਗਦਾਨ ਪਾਉਣ।ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਧਾਰਾ 144 ਅਧੀਨ ਜ਼ਿਲ੍ਹਾ ਸੰਗਰੂਰ ਵਿੱਚ ਲਾਊਡ ਸਪੀਕਰਾਂ, ਆਰਕੈਸਟਰਾ ਅਤੇ ਦੂਜੇ ਆਵਾਜੀ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰਾਂ ਦੀ ਵਰਤੋਂ ਕਰਨ 'ਤੇ ਪਾਬੰਦੀ ਦੇ ਹੁਕਮ ਲਾਗੂ ਹਨ ਅਤੇ ਉਨ੍ਹਾਂ ਕਿਹਾ ਕਿ ਤਿਓਹਾਰਾਂ ਦਾ ਮੌਸਮ ਹੋਣ ਕਾਰਨ ਮੈਰਿਜ ਪੈਲਸਾਂ ਅਤੇ ਹੋਰ ਥਾਂਵਾਂ ਜਿਥੇ ਕਿ ਸ਼ਾਦੀ ਆਦਿ ਹੁੰਦੀ ਹੈ ਉਥੇ ਦੇਰ ਰਾਤ ਤੱਕ ਆਰਕੈਸਟਰਾ ਅਤੇ ਹੋਰ ਆਵਾਜ਼ੀ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ ਜਦਕਿ ਕੋਈ ਵੀ ਵਿਅਕਤੀ ਸ਼ੋਰ ਪ੍ਰਦੂਸ਼ਣ (ਰੈਗੂਲੇਸ਼ਨ ਐਂਡ ਕੰਟਰੋਲ ) ਨਿਯਮ 2000 ਵਿੱਚ ਦਰਜ ਉਪਬੰਧਾਂ ਦੇ ਅਨੁਸਾਰ ਸਮਰੱਥ ਅਧਿਕਾਰੀ ਦੀ ਲਿਖਤੀ ਮੰਜ਼ੂਰੀ ਤੋਂ ਬਿਨਾਂ ਕਿਸੇ ਵੀ ਅਜਿਹੇ ਯੰਤਰ ਜਾਂ ਸ਼ੋਰ ਪ੍ਰਦੂਸ਼ਣ ਪੈਦਾ ਕਰਨ ਵਾਲੀ ਸਮੱਗਰੀ ਪ੍ਰੈਸ਼ਰ ਹਾਰਨ ਆਦਿ ਦੀ ਵਰਤੋਂ ਨਹੀਂ ਕਰੇਗਾ, ਜਿਸ ਦੀ ਆਵਾਜ਼ ਉਸ ਦੀ ਹੱਦ ਤੋਂ ਬਾਹਰ ਸੁਣਦੀ ਹੋਵੇ। ਵਧੀਕ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਆਰਕੈਸਟਰਾ, ਬੈਂਡ, ਡੀ.ਜੇ ਸਿਸਟਮ ਅਤੇ ਲਾਊਡ ਸਪੀਕਰਾਂ ਦੀ ਵਰਤੋਂ ਮੈਰਿਜ ਪੈਲੇਸ ਅਤੇ ਧਾਰਮਿਕ ਥਾਵਾਂ 'ਤੇ ਵਜਾਉਣ 'ਤੇ ਪੂਰਨ ਪਾਬੰਦੀ ਹੈ ਅਤੇ ਸਰਕਾਰ ਦੇ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਮੀਟਿੰਗ ਦੌਰਾਨ ਐਸ.ਡੀ.ਐਮ ਅਵਿਕੇਸ਼ ਗੁਪਤਾ, ਡੀ.ਐਸ.ਪੀ ਸਤਪਾਲ ਸ਼ਰਮਾ, ਤਹਿਸੀਲਦਾਰ ਸੁਰਾਜ ਅਹਿਮਦ, ਐਸ.ਡੀ.ਓ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਸਚਿਨ ਸਿੰਗਲਾ ਸਮੇਤ ਹੋਰ ਅਧਿਕਾਰੀ, ਬਾਬਾ ਪਿਆਰਾ ਸਿੰਘ ਤੇ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ।