ਅੱਜ ਵੱਖ-ਵੱਖ ਵਿਭਾਗਾਂ ਦੀ ਮਹੀਨਾਵਾਰ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ, ਜਨਰਲ ਨੇ ਸਥਾਨਕ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਕੀਤੀ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਵਿਭਾਗ ਨਾਲ ਸਬੰਧਿਤ ਪੇਡਿੰਗ ਪਏ ਕੇਸਾਂ ਨੂੰ ਸਮੇਂ-ਸਿਰ ਪਾਰਦਰਸ਼ਤਾ ਨਾਲ ਨਿਪਟਾਉਣ ਸਬੰਧੀ ਨਿਰਦੇਸ਼ ਦਿੱਤੇ ਤਾਂ ਜੋ ਲੋਕਾਂ ਨੂੰ ਸਰਕਾਰੀ ਕੰਮ ਕਰਵਾਉਣ ਵਿਚ ਕੋਈ ਦਿੱਕਤ ਪੇਸ਼ ਨਾ ਆਵੇ। ਜ਼ਿਲਾ ਵਿਕਾਸ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ਼੍ਰੀ ਸਿੱਧੂ ਨੇ ਜ਼ਿਲੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲਿਆ ਅਤੇ ਅਫ਼ਸਰਾਂ ਨੂੰ ਹਦਾਇਤਾਂ ਦਿੰਦਿਆਂ ਕਿਹਾ ਕਿ ਜ਼ਿਲੇ ਭਰ ਵਿਚ ਚਲਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਸਮੇਂ-ਸਿਰ ਮੁਕੰਮਲ ਕੀਤਾ ਜਾਵੇ। ਇਸ ਦੇ ਨਾਲ ਹੀ ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਿਰਮਾਣ ਕਾਰਜਾਂ ਵਿਚ ਵਰਤੀ ਜਾ ਰਹੀ ਸਮਗਰੀ ਦੀ ਗੁਣਵਤਾ ਦਾ ਖਾਸ ਖਿਆਲ ਰੱਖਿਆ ਜਾਵੇ ਅਤੇ ਇਨਾਂ ਕੰਮਾਂ ਦੀ ਬਾਰੀਕੀ ਨਾਲ ਪੜਤਾਲ ਕਰਕੇ ਹੀ ਇਨਾਂ ਨੂੰ ਪਾਸ ਕੀਤਾ ਜਾਵੇ।ਐਮ.ਪੀ. ਲੈਂਡਜ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ਼੍ਰੀ ਸਿੱਧੂ ਨੇ ਵੱਖ-ਵੱਖ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਵੀ ਕੀਤੀ। ਉਨਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਕੀਮ ਤਹਿਤ ਪ੍ਰਾਪਤ ਹੋਏ ਫੰਡਾਂ ਰਾਹੀਂ ਚੱਲ ਰਹੇ ਕੰਮਾਂ ਵਿਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਬਾਕੀ ਰਹਿੰਦੇ ਕੰਮ ਸਮੇਂ-ਸਿਰ ਮੁਕੰਮਲ ਕਰਵਾਏ ਜਾ ਸਕਣ। ਉਨਾਂ ਅਧਿਕਾਰੀਆਂ ਨੂੰ ਇਹ ਹਦਾਇਤ ਕੀਤੀ ਕਿ ਜੋ ਵੀ ਕੰਮ ਮੁਕੰਮਲ ਹੋ ਚੁੱਕੇ ਹਨ ਉਨਾਂ ਦੇ ਵਰਤੋਂ ਸਰਟੀਫਿਕੇਟ ਸਮੇਂ ਸਿਰ ਪ੍ਰਾਪਤ ਕੀਤੇ ਜਾਣ। ਭਲਾਈ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦੀ ਰੀਵਿਊ ਮੀਟਿੰਗ ਕਰਦਿਆਂ ਸ਼੍ਰੀ ਸਿੱਧੂ ਨੇ ਸਬੰਧਤ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਸਮਾਜ ਭਲਾਈ ਦੀਆਂ ਸਕੀਮਾਂ ਦਾ ਬਣਦਾ ਲਾਭ ਸਾਰੇ ਯੋਗ ਲਾਭਪਾਤਰੀਆਂ ਨੂੰ ਸਹੀ ਤਰੀਕੇ ਨਾਲ ਮਹੁੱਈਆ ਕਰਵਾਇਆ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਉਨਾਂ ਵਾਟਰ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਨੂੰ ਸਮੇਂ-ਸਮੇਂ ਚੈਕ ਕੀਤਾ ਜਾਵੇ ਅਤੇ ਜਿੱਥੇ ਕਿਤੇ ਵੀ ਕੋਈ ਨੁਕਸ ਪਾਇਆ ਜਾਂਦਾ ਹੈ ਤਾਂ ਤੁਰੰਤ ਹੱਲ ਕੀਤਾ ਜਾਵੇ ਤਾਂ ਜੋ ਸੀਵਰੇਜ ਦਾ ਪਾਣੀ ਪੀਣ ਯੋਗ ਵਾਲੇ ਪਾਣੀ ਦੀਆਂ ਪਾਈਪਾਂ ਵਿੱਚ ਨਾ ਮਿਲ ਸਕੇ। ਇਸ ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।