ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵਲੋਂ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਪਿੰਡ ਪੁੰਨਾਵਾਲ ਦੇ ਸਹਿਯੋਗ ਨਾਲ ਝੋਨੇ ਦੀ ਪਰਾਲੀ ਸਾੜਣ ਨਾਲ ਵਾਤਾਵਰਣ ਤੇ ਪੈਣ ਵਾਲੇ ਮਾੜੇ ਪ੍ਰਭਾਵ ਬਾਰੇ ਜਾਗਰੂਕਤਾ ਸੈਮੀਨਾਰ ਅਤੇ ਚੇਤਨਾ ਰੈਲੀ ਦਾ ਆਯੋਜਨ ਕੀਤਾ ਗਿਆ। ਸੈਮੀਨਾਰ ਦੌਰਾਨ ਡਾ. ਮਨਦੀਪ ਸਿੰਘ ਐਸੋਸੀਏਟ ਡਾਇਰੈਕਟਰ ਕੇ.ਵੀ.ਕੇ ਨੇ ਸਕੂਲੀ ਬੱਚਿਆ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਤੇ ਪੈਣ ਵਾਲੇ ਦੁਰ-ਪ੍ਰਭਾਵਾਂ, ਪਰਾਲੀ ਨੂੰ ਖੇਤ ਵਿੱਚ ਹੀ ਰਲਾਉਣ ਦੇ ਫਾਇਦੇ ਅਤੇ ਇਸ ਦੀ ਸਾਂਭ ਸੰਭਾਲ ਲਈ ਵਰਤੀਆਂ ਜਾਂਦੀਆਂ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਕਿ ਇੱਕ ਟਨ ਪਰਾਲੀ ਸਾੜਨ ਨਾਲ 400 ਕਿਲੋਗ੍ਰਾਮ ਜੈਵਿਕ ਕਾਰਬਨ ਤੋਂ ਇਲਾਵਾ ਹੋਰ ਵੱਡੇ ਅਤੇ ਛੋਟੇ ਤੱਤਾਂ ਦਾ ਨੁਕਸਾਨ ਹੁੰਦਾ ਹੈ। ਅਜਿਹੇ ਤੱਤ ਨਸ਼ਟ ਹੋਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਤੇ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਸਾੜਨ ਨਾਲ ਮਿੱਟੀ ਵਿਚਲੇ ਲਾਭਦਾਇਕ ਸੂਖਮ ਜੀਵ ਨਸ਼ਟ ਹੋ ਜਾਂਦੇ ਹਨ ਅਤੇ ਸੜਕਾਂ 'ਤੇ ਖੇਤਾਂ ਦੁਆਲੇ ਲੱਗੇ ਰੁੱਖਾਂ ਦਾ ਨੁਕਸਾਨ ਹੁੰਦਾ ਹੈ ਅਤੇ ਸੜਕ ਹਾਦਸੇ ਵਾਪਰਦੇ ਹਨ। ਝੋਨੇ ਦੀ ਪਰਾਲੀ ਵਿੱਚੋਂ ਕਾਰਬਨਡਾਈਆਕਸਾਈਡ (70%), ਕਾਰਬਨਮੋਨੋਆਕਸਾਈਡ (7%), ਮੀਥੇਨ (0.66%) ਅਤੇ ਨਾਇਟ੍ਰਿਕ ਆਕਸਾਈਡ (2.09%) ਵਰਗੀਆਂ ਖਤਰਨਾਕ ਗੈਸਾਂ ਨਿਕਲਦੀਆਂ ਹਨ ਜੋ ਕਿ ਵਾਤਾਵਰਣ ਤੇ ਮਾੜਾ ਅਸਰ ਪਾਉਂਦੀਆਂ ਹਨ।
ਉਹਨਾਂ ਸਕੂਲੀ ਬੱਚਿਆਂ ਨੂੰ ਪਰਾਲੀ ਨਾ ਸਾੜਣ ਦੇ ਇਸ ਸੁਨੇਹੇ ਨੂੰ ਘਰ-ਘਰ ਪਹੁੰਚਾਉਣ ਅਪੀਲ ਕੀਤੀ ਤਾਂ ਜੋ ਵਾਤਾਵਰਣ ਨੂੰ ਸਾਫ-ਸੁਥਰਾ ਰੱਖਿਆ ਜਾ ਸਕੇ। ਇਸ ਮੌਕੇ ਡਾ ਸਤਬੀਰ ਸਿੰਘ, ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਖੇੜੀ (ਸੰਗਰੂਰ) ਨੇ ਝੋਨੇ ਦੀ ਪਰਾਲੀ ਤੋਂ ਪਸ਼ੂਆਂ ਦੇ ਚਾਰੇ ਬਣਾਉਣ ਵਾਸਤੇ ਨੁੱਕਤੇ ਸਾਂਝੇ ਕੀਤੇ ਅਤੇ ਇੰਜੀ ਕਰੁਨ ਸ਼ਰਮਾ, ਸਹਾਇਕ ਪ੍ਰੋਫੈਸਰ ਨੇ ਪਰਾਲੀ ਦੀ ਸਾਂਭ ਸੰਭਾਲ ਲਈ ਹੈਪੀ ਸੀਡਰ ਮਸ਼ੀਨ ਅਤੇ ਸੁਪਰ ਐਸ ਐਮ ਐਸ ਕੰਬਾਇਨ ਬਾਰੇ ਪੂਰਾ ਵੇਰਵਾ ਦਿੱਤਾ।ਇਸ ਦੌਰਾਨ ਸਕੂਲੀ ਬੱਚਿਆਂ ਦੇ ਲੇਖ ਲਿਖਣ, ਪੋਸਟਰ ਬਣਾਉਣ ਅਤੇ ਸਲੋਗਨ ਲਿਖਣ ਦੇ ਮੁਕਾਬਲੇ ਕਰਵਾਏ ਗਏ। ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਗੁਰਮੀਤ ਕੌਰ ਜੀ ਨੇ ਕੇ.ਵੀ.ਕੇ. ਵਲੋਂ ਚਲਾਈ ਜਾ ਰਹੀ ਇਸ ਮੁਹਿੰਮ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਬੱਚੇ ਸਮਾਜ ਵਿੱਚ ਕਿਸੇ ਵੀ ਸੁਚੱਜੇ ਬਦਲਾਓ ਨੂੰ ਲਿਆਉਣ ਲਈ ਇਕ ਅਹਿਮ ਭੂਮਿਕਾ ਨਿਭਾ ਸਕਦੇ ਹਨ। ਬੱਚਿਆਂ ਦੇ ਜੋਸ਼ ਅਤੇ ਉਹਨਾਂ ਦੀ ਉਮੰਗ ਸਦਕਾ ਕਿਸੇ ਵੀ ਸਮਾਜ ਸੁਧਾਰਕ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜਿਆ ਜਾ ਸਕਦਾ ਹੈ।ਪ੍ਰੋਗਰਾਮ ਦੌਰਾਨ ਬੱਚਿਆਂ ਨੇ ਪਰਾਲੀ ਨੂੰ ਨਾ ਸਾੜਨ ਦੇ ਇਸ ਸੁਨੇਹੇ ਨੂੰ ਸਕਿੱਟਾਂ, ਗਾਣਿਆਂ ਅਤੇ ਕਵਿਤਾਵਾਂ ਸੁਣਾ ਕੇ ਬੜੀ ਹੀ ਕਲਾਤਮਕ ਤਰੀਕੇ ਨਾਲ ਪੇਸ਼ ਕੀਤਾ। ਪ੍ਰੋਗਰਾਮ ਦੌਰਾਨ ਵੱਖ-ਵੱਖ ਮੁਕਾਬਲਿਆਂ ਦੇ ਜੇਤੂਆਂ ਅਤੇ ਸਭਿਆਚਾਰਕ ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਕੇ.ਵੀ.ਕੇ. ਵਲੋਂ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਦੇ ਅੰਤ ਵਿੱਚ ਡਾ. ਮੋਨਿਕਾ ਚੌਧਰੀ, ਸਹਾਇਕ ਪ੍ਰੋਫੈਸਰ, ਕੇ.ਵੀ.ਕੇ. ਸੰਗਰੂਰ ਨੇ ਸਕੂਲ ਦੇ ਪ੍ਰਿੰਸੀਪਲ, ਸਮੂਹ ਸਟਾਫ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਸਕੂਲ ਨੂੰ ਕੇ.ਵੀ.ਕੇ. ਵਲੋਂ ਫਲਦਾਰ ਅਤੇ ਸਜਾਵਟੀ ਬੂਟੇ ਅਤੇ ਸਬਜ਼ੀਆਂ ਦੇ ਬੀਜਾਂ ਦੀ ਕਿੱਟ ਵੀ ਭੇਂਟ ਕੀਤੇ ਗਏ। ਅੰਤ ਵਿੱਚ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਪਿੰਡ ਵਿੱਚ ਇਕ ਜਾਗਰੂਕਤਾ ਰੈਲੀ ਵੀ ਕੱਢੀ ਗਈ।