ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸ਼ੁੱਧ ਅਤੇ ਮਿਲਾਵਟ ਰਹਿਤ ਭੋਜਨ ਪਦਾਰਥ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੇ ਗਏ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ 'ਕਮਿਸ਼ਨਰ ਫੂਡ ਐਂਡ ਡਰੱਗਜ਼ ਐਡਮਿਨਸਟ੍ਰੇਸ਼ਨ ਪੰਜਾਬ' ਸ. ਕਾਹਨ ਸਿੰਘ ਪੰਨੂੰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਮੁਹੰਮਦ ਤਇਅਬ ਦੀਆਂ ਹਦਾਇਤਾਂ 'ਤੇ ਜ਼ਿਲੇ ਵਿਚ ਖਾਣ-ਪੀਣ ਦੀਆਂ ਵਸਤਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਇਸੇ ਤਹਿਤ ਸਹਾਇਕ ਕਮਿਸ਼ਨਰ ਫੂਡ ਡਾ. ਹਰਜੋਤ ਪਾਲ ਸਿੰਘ ਅਤੇ ਫੂਡ ਸੇਫਟੀ ਅਫ਼ਸਰ ਸ. ਸਤਨਾਮ ਸਿੰਘ 'ਤੇ ਆਧਾਰਿਤ ਫੂਡ ਐਡਮਿਨੀਸਟ੍ਰੇਸ਼ਨ ਕਪੂਰਥਲਾ ਦੀ ਟੀਮ ਵੱਲੋਂ ਅੱਜ ਕਪੂਰਥਲਾ ਸ਼ਹਿਰ ਵਿਚ ਵੱਡੀ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਟੀਮ ਨੇ ਬੱਸ ਸਟੈਂਡ ਰੋਡ, ਮਾਰਕਫੈੱਡ ਚੌਕ ਅਤੇ ਤੋਪਖਾਨਾ ਮੁਹੱਲਾ ਸਥਿਤ ਡੇਅਰੀਆਂ, ਬੇਕਰੀਆਂ ਅਤੇ ਮਠਿਆਈ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਟੀਮ ਵੱਲੋਂ 4 ਸੈਂਪਲ ਭਰੇ ਗਏ, ਜਿਨਾਂ ਵਿਚ ਦੁੱਧ, ਪਨੀਰ, ਡੇਅਰੀ ਕ੍ਰੀਮ ਅਤੇ ਬਰੈੱਡ ਸ਼ਾਮਿਲ ਸੀ।
ਇਸ ਤੋਂ ਪਹਿਲਾਂ ਸਵੇਰੇ ਟੀਮ ਵੱਲੋਂ ਢਿਲਵਾਂ ਵਿਖੇ ਲਗਾਏ ਨਾਕੇ ਦੌਰਾਨ ਡੇਢ ਕੁਇੰਟਲ ਦੁੱਧ ਲਿਜਾ ਰਹੇ ਇਕ ਵਾਹਨ ਵਿਚੋਂ ਦੁੱਧ ਦਾ ਇਕ ਸੈਂਪਲ ਭਰਿਆ। ਡਾ. ਹਰਜੋਤ ਪਾਲ ਸਿੰਘ ਨੇ ਦੱਸਿਆ ਕਿ ਅੱਜ ਲਏ ਗਏ ਕੁੱਲ 5 ਸੈਂਪਲ ਜਾਂਚ ਲਈ ਸਟੇਟ ਫੂਡ ਲੈਬਾਰਟਰੀ, ਖਰੜ ਭੇਜੇ ਜਾ ਰਹੇ ਹਨ। ਉਨਾਂ ਕਿਹਾ ਕਿ ਸੈਂਪਲ ਫੇਲ ਹੋਣ ਦੀ ਸੂਰਤ ਵਿਚ ਦੋਸ਼ੀਆਂ ਖਿਲਾਫ਼ ਫੂਡ ਸੇਫਟੀ ਐਕਟ ਤਹਿਤ ਕਾਰਵਾਈ ਕੀਤੀ ਜਾਵੇਗੀ। ਉਨਾਂ ਮਠਿਆਈ ਦੀਆਂ ਦੁਕਾਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਉਹ ਮਠਿਆਈ ਤਿਆਰ ਕਰਨ ਲਈ ਉੱਚ ਗੁਣਵੱਤਾ ਵਾਲੇ ਖੋਏ ਦੀ ਵਰਤੋਂ ਕਰਨ ਅਤੇ ਹੋਰਨਾਂ ਸੂਬਿਆਂ ਤੋਂ ਆਏ ਖੋਏ ਦੀ ਖ਼ਰੀਦ ਨਾ ਕਰਨ। ਇਸੇ ਤਰਾਂ ਉਨਾਂ ਮਠਿਆਈ ਵਿਚ ਵਰਜਿਤ ਰੰਗਾਂ ਦੀ ਵਰਤੋਂ ਨਾ ਕਰਨ ਅਤੇ ਸ਼ੁੱਧ ਚਾਂਦੀ ਦੇ ਵਰਕ ਦੀ ਵਰਤੋਂ ਕਰਨ ਲਈ ਕਿਹਾ। ਉਨਾਂ ਕਿਹਾ ਕਿ ਲੋਕਾਂ ਨੂੰ ਸ਼ੁੱਧ ਅਤੇ ਉੱਚ ਕੁਆਲਿਟੀ ਦੇ ਭੋਜਨ ਪਦਾਰਥ ਮੁਹੱਈਆ ਕਰਵਾਉਣੇ ਯਕੀਨੀ ਬਣਾਉਣ ਲਈ ਇਹ ਚੈਕਿੰਗ ਮੁਹਿੰਮ ਲਗਾਤਾਰ ਜਾਰੀ ਰੱਖੀ ਜਾਵੇਗੀ।