ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਹਸਪਤਾਲਾਂ, ਪ੍ਰਾਇਮਰੀ ਹੈਲਥ ਸੈਂਟਰਾਂ ਤੇ ਡਿਸਪੈਂਸਰੀਆਂ ਵਿੱਚ ਵੱਡੀ ਪੱਧਰ 'ਤੇ ਲਿਆਂਦੇ ਸੁਧਾਰਾਂ ਕਾਰਨ ਅੱਜ ਆਮ ਮਰੀਜਾਂ ਨੂੰ ਬਿਹਤਰ ਸਿਹਤ ਸੇਵਾਵਾਂ ਉਪਲਬਧ ਹੋ ਰਹੀਆਂ ਹਨ, ਜਿਸ ਨਾਲ ਸਰਕਾਰੀ ਹਸਪਤਾਲਾਂ ਵਿੱਚ ਓ.ਪੀ.ਡੀ. ਤੇ ਇਨਡੋਰ ਰਾਹੀਂ ਇਲਾਜ ਕਰਵਾਉਣ ਵਾਲੇ ਮਰੀਜਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਹ ਵਿਚਾਰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ ਨੇ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ਼ ਦੇ ਆਡੀਟੋਰੀਅਮ ਵਿਖੇ ਸਿਹਤ ਵਿਭਾਗ ਵੱਲੋਂ ਕਰਵਾਏ ਗਏ ਰਾਜ ਪੱਧਰੀ ਕਾਇਆ ਕਲਪ ਅਵਾਰਡ ਸਮਾਗਮ ਦੌਰਾਨ ਪੰਜਾਬ ਦੇ ਕਾਇਆ ਕਲਪ ਪ੍ਰੋਗਰਾਮ ਨੂੰ ਬਿਹਤਰ ਢੰਗ ਨਾਲ ਲਾਗੂ ਕਰਨ ਵਾਲੇ 18 ਪ੍ਰਾਇਮਰੀ ਹੈਲਥ ਸੈਂਟਰਾਂ ਅਤੇ 2 ਸ਼ਹਿਰੀ ਖੇਤਰ ਦੇ ਪ੍ਰਾਇਮਰੀ ਹੈਲਥ ਸੈਂਟਰਾਂ ਨੂੰ ਅਵਾਰਡ ਵੰਡਣ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਸਿਹਤ ਮੰਤਰੀ ਨੇ ਕਿਹਾ ਕਿ ਹਾਲ ਹੀ ਵਿੱਚ ਅੰਮ੍ਰਿਤਸਰ ਵਿਖੇ ਹੋਏ ਭਿਆਨਕ ਰੇਲ ਹਾਦਸੇ ਵਿੱਚ ਜਖ਼ਮੀ ਹੋਏ ਪੀੜ੍ਹਤਾਂ ਨੂੰ ਉਥੋਂ ਦੇ ਸਰਕਾਰੀ ਹਸਪਤਾਲਾਂ ਵਿੱਚ ਤਾਇਨਾਤ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਵੱਲੋਂ ਦਿਨ ਰਾਤ ਇੱਕ ਕਰਕੇ ਜੋ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਹਨ, ਉਸ ਲਈ ਉਹ ਸਾਰੇ ਸ਼ਲਾਘਾ ਦੇ ਪਾਤਰ ਹਨ। ਉਨ੍ਹਾਂ ਸਿਹਤ ਵਿਭਾਗ ਦੇ ਡਾਕਟਰਾਂ ਨੂੰ ਸੱਦਾ ਦਿੱਤਾ ਕਿ ਉਹ ਸੇਵਾ ਦੀ ਭਾਵਨਾਂ ਨਾਲ ਗਰੀਬ ਅਤੇ ਲੋੜਵੰਦ ਮਰੀਜਾਂ ਨੂੰ ਉਚ ਪੱਧਰ ਦੀਆਂ ਵਧੀਆ ਤੋਂ ਵਧੀਆ ਸਿਹਤ ਸੇਵਾਵਾਂ ਦੇਣ ਨੂੰ ਤਰਜ਼ੀਹ ਦੇਣ ਜਿਸ ਨਾਲ ਹਰੇਕ ਨਾਗਰਿਕ ਨੂੰ ਚੰਗੀ ਸਿਹਤ ਮਿਲ ਸਕੇ ਅਤੇ ਤੰਦਰੁਸਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਸਿਹਤ ਮੰਤਰੀ ਨੇ ਪੰਜਾਬ ਦੇ ਸਮੂਹ ਸਿਵਲ ਸਰਜਨਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਕਾਇਆ ਕਲਪ ਅਧੀਨ ਹਸਪਤਾਲਾਂ ਵਿੱਚ ਆਉਣ ਵਾਲੇ ਮਰੀਜਾਂ ਨੂੰ ਸਵੱਛ ਵਾਤਾਵਰਣ ਉਪਲਬਧ ਕਰਵਾਉਣ ਵਾਲੇ ਨੁਕਤਿਆਂ ਨੂੰ ਬੋਰਡਾਂ 'ਤੇ ਲਿਖਵਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਸਾਰੇ ਨੁਕਤਿਆਂ ਨੂੰ ਹਰ 15 ਦਿਨਾਂ ਬਾਅਦ ਘੋਖਿਆ ਜਾਵੇ ਤਾਂ ਕਿ ਉਨ੍ਹਾਂ ਨੂੰ ਪਤਾ ਲੱਗ ਸਕੇ ਕਿ ਉਨਾਂ ਨੇ ਕਿਹੜੇ ਕਿਹੜੇ ਨੁਕਤਿਆਂ ਵਿੱਚ ਪ੍ਰਾਪਤੀ ਹਾਸਲ ਕਰ ਲਈ ਹੈ। ਉਨ੍ਹਾਂ ਕਾਇਆ ਕਲਪ ਸਵੱਛਤਾ ਮੁਹਿੰਮ ਅਧੀਨ ਅਵਾਰਡ ਹਾਸਲ ਕਰਨ ਵਾਲੇ ਪ੍ਰਾਇਮਰੀ ਹੈਲਥ ਸੈਂਟਰਾਂ ਦੇ ਡਾਕਟਰਾਂ ਅਤੇ ਹੋਰ ਸਟਾਫ ਦੀ ਸ਼ਲਾਘਾ ਕਰਦਿਆਂ ਸਮੁੱਚੇ ਪੰਜਾਬ ਦੇ ਪ੍ਰਾਇਮਰੀ ਹੈਲਥ ਸੈਂਟਰਾਂ ਦੇ ਡਾਕਟਰ ਅਤੇ ਸਟਾਫ ਨੂੰ ਸੱਦਾ ਦਿੱਤਾ ਕਿ ਆਉਂਦੇ ਵਰ੍ਹੇ ਹੋਰ ਤਿੰਨ ਗੁਣਾਂ ਵਧੇਰੇ ਟੀਚੇ ਹਾਸਲ ਕਰਨ ਲਈ ਸਮਰਪਣ ਦੀ ਭਾਵਨਾ ਨਾਲ ਕੰਮ ਕੀਤਾ ਜਾਵੇ ਤਾਂ ਜੋ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਪਲਬਧ ਹੋ ਸਕਣ।
ਸ਼੍ਰੀ ਬ੍ਰਹਮ ਮਹਿੰਦਰਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਖਾਣ ਪੀਣ ਵਾਲੀਆਂ ਮਿਆਰੀ ਵਸਤਾਂ ਉਪਲਬਧ ਕਰਵਾਉਣ ਅਤੇ ਮਿਲਾਵਟਖੋਰੀ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਸ਼ੁਰੂ ਕੀਤੇ ਗਏ ਅਭਿਆਨ ਦੇ ਬੜੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਬਹੁਤ ਹੱਦ ਤੱਕ ਮਿਲਾਵਟਖੋਰੀ ਨੂੰ ਠੱਲ ਪਾਉਣ ਵਿੱਚ ਸਫਲਤਾ ਹਾਸਲ ਹੋਈ ਹੈ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਜਲਦੀ ਹੀ ਯੂਨੀਵਰਸਲ ਹੈਲਥ ਇੰਸੋਰਸ ਫਾਰ ਆਲ ਨਾਂ ਹੇਠ ਬੀਮਾ ਯੋਜਨਾ ਸ਼ੁਰੂ ਕਰਨ ਜਾ ਰਹੀ ਹੈ ਜਿਸ ਅਧੀਨ ਕਰੀਬ 45 ਲੱਖ ਪਰਿਵਾਰਾਂ ਨੂੰ 5 ਲੱਖ ਰੁਪਏ ਤੱਕ ਦੀ ਮੁਫਤ ਇਲਾਜ ਕਰਵਾਉਣ ਦੀ ਸੁਵਿਧਾ ਹਾਸਲ ਹੋਵੇਗੀ। ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ਼੍ਰੀ ਸਤੀਸ਼ ਚੰਦਰਾ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਡਾ. ਨਰੇਸ਼ ਕਾਂਸਲਾਂ, ਡਾਇਰੈਕਟਰ ਸਿਹਤ ਕਾਰਪੋਰੇਸ਼ਨ ਡਾ. ਮੀਨਾ ਹਰਦੀਪ ਸਿੰਘ ਅਤੇ ਸਿਵਲ ਸਰਜਨ ਡਾ. ਐਨ.ਕੇ. ਅਗਰਵਾਲ ਨੇ ਵੀ ਕਾਇਆ ਕਲਪ ਸਵੱਛਤਾ ਅਭਿਆਨ ਬਾਰੇ ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਸ. ਹਰਿੰਦਰ ਸਿੰਘ ਭਾਂਬਰੀ ਨੇ ਵੀ ਸੰਬੋਧਨ ਕੀਤਾ। ਕਾਇਆ ਕਲਪ ਅਧੀਨ ਅਵਾਰਡ ਹਾਸਲ ਕਰਨ ਵਾਲਿਆਂ ਵਿੱਚ ਅੰਮ੍ਰਿਤਸਰ ਜ਼ਿਲ੍ਹੇ ਦਾ ਬਟਾਲਾ ਪ੍ਰਾਇਮਰੀ ਹੈਲਥ ਸੈਂਟਰ, ਬਰਨਾਲਾ ਦਾ ਟੱਲੇਵਾਲ, ਬਠਿੰਡਾ ਦਾ ਬੱਲੂਆਣਾ, ਫਰੀਦਕੋਟ ਦਾ ਪੰਜ ਗਰਾਈ ਕਲਾਂ, ਫਿਰੋਜਪੁਰ ਦਾ ਖਾਈ ਫੇਮੇ ਕੇ , ਫਾਜਿਲਕਾ ਦਾ ਚੱਕ ਜਾਨਸ਼ੇਰ, ਫ਼ਤਹਿਗੜ੍ਹ ਸਾਹਿਬ ਦਾ ਬਲਾੜੀ ਕਲਾਂ, ਗੁਰਦਾਸਪੁਰ ਦਾ ਦੋਰੰਗਲਾ, ਹੁਸ਼ਿਆਰਪੁਰ ਦਾ ਬਿਲਜੋਨ, ਜਲੰਧਰ ਦਾ ਰਾਏਪੁਰ ਰਸੂਲਪੁਰ, ਕਪੂਰਥਲਾ ਦਾ ਢਿਲਵਾਂ, ਲੁਧਿਆਣਾ ਦਾ ਘੱਬਦੀ, ਮੋਹਾਲੀ ਦਾ ਬੂਥਗੜ੍ਹ, ਮਾਨਸਾ ਦਾ ਉਭਾ, ਨਵਾਂ ਸ਼ਹਿਰ ਦਾ ਕਾਠਗੜ੍ਹ, ਪਟਿਆਲਾ ਦਾ ਸੌਜਾ, ਪਠਾਨਕੋਟ ਦਾ ਘਿਆਲਾ, ਤਰਨਤਾਰਨ ਦਾ ਗੋਇੰਦਵਾਲ ਸਾਹਿਬ, ਸ਼ਹਿਰੀ ਖੇਤਰ ਵਿੱਚ ਬਠਿੰਡਾ ਦਾ ਲਾਲ ਸਿੰਘ ਬਸਤੀ ਦਾ ਸ਼ਹਿਰੀ ਪ੍ਰਾਇਮਰੀ ਹੈਲਥ ਸੈਂਟਰ ਅਤੇ ਲੁਧਿਆਣਾ ਦੇ ਮਾਡਲ ਟਾਊਨ ਦਾ ਸ਼ਹਿਰੀ ਪ੍ਰਾਇਮਰੀ ਹੈਲਥ ਸੈਂਟਰ ਦੇ ਨਾਮ ਸ਼ਾਮਲ ਹਨ। ਇਸ ਮੌਕੇ ਸ਼੍ਰੀਮਤੀ ਮਨਦੀਪ ਕੌਰ ਨਾਗਰਾ, ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ, ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਅਲਕਾ ਮੀਨਾ, ਵਧੀਕ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਗਦੀਸ਼ ਸਿੰਘ, ਡਾ. ਪ੍ਰਸ਼ੋਤਮ, ਡਾ. ਹਰਿੰਦਰ ਕੌਰ ਤੋਂ ਇਲਾਵਾ ਪੰਜਾਬ ਭਰ ਤੋਂ ਸਮੂਹ ਸਿਵਲ ਸਰਜਨ ਤੇ ਸੀਨੀਅਰ ਮੈਡੀਕਲ ਅਫਸਰਾਂ ਨੇ ਸ਼ਮੂਲੀਅਤ ਕੀਤੀ।