ਐਸ.ਡੀ.ਐਮ. ਪਾਤੜਾਂ ਪਾਲਿਕਾ ਅਰੋੜਾ ਵੱਲੋਂ ਅੱਜ ਸਿਹਤ ਵਿਭਾਗ ਦੀ ਟੀਮ ਨਾਲ ਨਵਾਂ ਬੱਸ ਸਟੈਂਡ ਵਿਖੇ ਖਾਣ-ਪੀਣ ਦੀਆਂ ਦੁਕਾਨਾਂ, ਕੰਟੀਨ ਅਤੇ ਸਾਫਟ ਡਰਿੰਕ ਦੇ ਸਟਾਲ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਜੂਸ, ਪਾਣੀ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤਾਂ ਦੇ ਸੈਂਪਲ ਭਰੇ ਗਏ। ਇਸ ਮੌਕੇ ਐਸ.ਡੀ.ਐਮ ਨੇ ਕਿਹਾ ਕਿ ਲੋਕਾਂ ਨੂੰ ਖਾਣ-ਪੀਣ ਦੀਆਂ ਮਿਆਰੀ ਵਸਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਲਗਾਤਾਰ ਇਸ ਤਰ੍ਹਾਂ ਦੀਆਂ ਚੈਕਿੰਗਾ ਕੀਤੀਆ ਜਾ ਰਹੀਆਂ ਹਨ। ਉਨ੍ਹਾਂ ਦੁਕਾਨਦਾਰਾਂ ਨੂੰ ਵੀ ਹਦਾਇਤ ਕੀਤੀ ਕਿ ਦੁਕਾਨਾਂ ਅਤੇ ਆਲੇ-ਦੁਆਲੇ ਦੀ ਸਫ਼ਾਈ ਦਾ ਧਿਆਨ ਰੱਖਿਆ ਜਾਵੇ ਅਤੇ ਖਾਣ-ਪੀਣ ਵਾਲੀਆਂ ਵਸਤਾਂ ਦੀ ਗੁਣਵੱਤਾ ਨਾਲ ਕਿਸੇ ਕਿਸਮ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਫ਼ਾਈ ਅਤੇ ਵਸਤਾਂ ਦੇ ਮਿਆਰ ਵਿੱਚ ਕਿਸੇ ਤਰਾਂ ਦੀ ਕਮੀ ਪਾਈ ਜਾਣ 'ਤੇ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ। ਪਾਲਕਾ ਅਰੋੜਾ ਨੇ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੀ ਚੈਕਿੰਗ ਸ਼ਹਿਰ ਅਤੇ ਪਿੰਡਾਂ ਵਿੱਚ ਕੀਤੀ ਜਾਂਦੀ ਰਹੇਗੀ ਤਾਂ ਜੋ ਆਮ ਲੋਕਾਂ ਨੂੰ ਮਿਆਰੀ ਅਤੇ ਗੁਣਵੱਤਾ ਵਾਲੀਆਂ ਵਸਤਾਂ ਮੁਹੱਈਆ ਹੋ ਸਕਣ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕਰਦਿਆ ਕਿਹਾ ਹੈ ਕਿ ਜੇਕਰ ਕੋਈ ਵਿਅਕਤੀ ਖਾਣ-ਪੀਣ ਦੀਆਂ ਵਸਤਾਂ ਵਿੱਚ ਮਿਲਾਵਟਖੋਰੀ ਕਰਦਾ ਹੈ ਤਾਂ ਅਜਿਹੇ ਸ਼ਰਾਰਤੀ ਅਨਸਰਾਂ ਦੀ ਜਾਣਕਾਰੀ ਉਪ ਮੰਡਲ ਮੈਜਿਸਟਰੇਟ ਦਫ਼ਤਰ ਦੇ ਕੰਟਰੋਲ ਰੂਮ ਨੰਬਰ 01764-243403 'ਤੇ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦੀ ਜਾਣਕਾਰੀ ਗੁਪਤ ਰੱਖੀ ਜਾਵੇਗੀ।ਇਸ ਮੌਕੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਕ੍ਰਿਸ਼ਨ ਸਿੰਘ ਅਤੇ ਫੂਡ ਸੇਫਟੀ ਅਫ਼ਸਰ ਸ਼੍ਰੀਮਤੀ ਪੁਨੀਤ ਸ਼ਰਮਾ ਸ਼ਾਮਲ ਸਨ।