ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਅਤੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਣ ਦੇ ਮਨੋਰਥ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਮਹੀਨਾਵਾਰ ਮੀਟਿੰਗ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਵਿਭਾਗ ਨਾਲ ਸਬੰਧਿਤ ਪੈਡਿੰਗ ਪਏ ਕੇਸਾਂ ਨੂੰ ਸਮੇਂ-ਸਿਰ ਪਾਰਦਰਸ਼ਤਾ ਨਾਲ ਨਿਪਟਾਉਣ ਸਬੰਧੀ ਨਿਰਦੇਸ਼ ਦਿੱਤੇ ਤਾਂ ਜੋ ਲੋਕਾਂ ਨੂੰ ਸਰਕਾਰੀ ਕੰਮ ਕਰਵਾਉਣ ਵਿਚ ਕੋਈ ਦਿੱਕਤ ਪੇਸ਼ ਨਾ ਆਵੇ। ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਜਿੱਥੇ ਸਬੰਧਿਤ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ, ਉੱਥੇ ਉਨ੍ਹਾਂ ਕੋਲੋਂ ਕੀਮਤੀ ਸੁਝਾਅ ਵੀ ਲਏ। ਉਨ੍ਹਾਂ ਵੱਲੋਂ ਮਾਲ ਵਿਭਾਗ ਦੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਜ਼ਮੀਨਾਂ ਦੀਆਂ ਜਮਾਂਬੰਦੀਆਂ, ਇੰਤਕਾਲ, ਨਿਸ਼ਾਨਦੇਹੀਆਂ ਆਦਿ ਬਾਰੇ ਵਿਸਥਾਰ ਪੂਰਵਕ ਚਰਚਾ ਕੀਤੀ ਗਈ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਲੰਬਿਤ ਪਏ ਕੋਰਟ ਕੇਸਾਂ ਦੇ ਜਲਦੀ ਨਿਪਟਾਰੇ ਕਰਵਾਉਣ ਦੇ ਆਦੇਸ਼ ਦਿੱਤੇ ਗਏ। ਇਸ ਤੋਂ ਇਲਾਵਾ ਉਨ੍ਹਾਂ ਕਰਜ਼ਾ ਵਸੂਲੀ, ਇੰਤਕਾਲਾਂ ਦੇ ਬਕਾਇਆ ਕੇਸਾਂ, ਗਿਰਦਾਵਰੀਆਂ, ਕੁਰਕੀ ਦੇ ਕੇਸਾਂ, ਕੰਪਿਊਟ੍ਰਾਈਜੇਸ਼ਨ ਆਫ਼ ਲੈਂਡ ਰਿਕਾਰਡ ਆਦਿ ਦੀ ਵੀ ਸਮੀਖਿਆ ਕੀਤੀ। ਜ਼ਿਲ੍ਹਾ ਪੱਧਰੀ ਵਿਕਾਸ ਕਮੇਟੀ ਦੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਪਿਛਲੇ ਮਹੀਨੇ ਦੌਰਾਨ ਮੁਕੰਮਲ ਹੋਏ, ਚੱਲ ਰਹੇ ਅਤੇ ਹੋਣ ਵਾਲੇ ਵਿਕਾਸ ਕਾਰਜਾਂ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਵਿਕਾਸ ਦੇ ਕੰਮਾਂ ਜਿਵੇਂ ਕਿ ਪੈਨਸ਼ਨਾਂ, ਆਸ਼ੀਰਵਾਦ ਸਕੀਮ, ਡੱਕ ਵੀਡ, ਮਿੱਡ ਡੇ ਮੀਲ ਅਤੇ ਰੂਰਲ ਸੈਨੀਟੇਸ਼ਨ ਨਾਲ ਸਬੰਧਿਤ ਵੱਖ-ਵੱਖ ਵਿਕਾਸ ਕੰਮਾਂ ਸਬੰਧੀ ਅਧਿਕਾਰੀਆਂ ਤੋਂ ਜਾਣਕਾਰੀ ਲਈ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕੰਮਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਅਤੇ ਪੂਰੇ ਹੋ ਚੁੱਕੇ ਕੰਮਾਂ ਦੇ ਵਰਤੋਂ ਸਰਟੀਫਿਕੇਟ ਵੀ ਜਲਦੀ ਜਮਾਂ ਕਰਵਾਉਣ । ਉਨ੍ਹਾਂ ਭਲਾਈ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਰੀਵਿਊ ਕਰਦਿਆਂ ਸਬੰਧਿਤ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਮਾਜ ਭਲਾਈ ਦੀਆਂ ਸਕੀਮਾਂ ਦਾ ਬਣਦਾ ਲਾਭ ਸਾਰੇ ਯੋਗ ਲਾਭਪਾਤਰੀਆਂ ਨੂੰ ਸਹੀ ਤਰੀਕੇ ਨਾਲ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਖ਼ੱਜਲ-ਖ਼ੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਜ਼ਿਲ੍ਹਾ ਸਿਹਤ ਸੋਸਾਇਟੀ ਦੇ ਵੱਖ ਵੱਖ ਪ੍ਰਾਜੈਕਟਾਂ/ਯੋਜਨਾਵਾਂ ਦਾ ਰੀਵਿਊ ਕਰਦਿਆਂ ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਤੋਂ ਜਨਨੀ ਸੁਰੱਖਿਆ ਯੋਜਨਾ ਤੋਂ ਇਲਾਵਾ ਮੌਸਮ ਨੂੰ ਮੱਦੇਨਜ਼ਰ ਰੱਖਦੇ ਹੋਏ ਮਲੇਰੀਆ ਅਤੇ ਡੇਂਗੂ ਵਰਗੀਆਂ ਭਿਆਨਕ ਬਿਮਾਰੀਆਂ ਦੇ ਬਚਾਓ ਲਈ ਸਿਹਤ ਵਿਭਾਗ ਵੱਲੋਂ ਕੀਤੇ ਗਏ ਕੰਮਾਂ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਇਨ੍ਹਾਂ ਕੰਮਾਂ ਵਿੱਚ ਹੋਰ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ।ਇਸ ਮੌਕੇ ਸਹਾਇਕ ਕਮਿਸ਼ਨਰ (ਜ.) ਸ੍ਰ. ਰਣਜੀਤ ਸਿੰਘ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਕੁਲਦੀਪ ਬਾਵਾ, ਤਹਿਸੀਲਦਾਰ ਮਨਜੀਤ ਸਿੰਘ, ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ, ਨਾਇਬ ਤਹਿਸੀਲਦਾਰ ਵਿਜੇ ਬਹਿਲ, ਸੈਨੇਟਰੀ ਇੰਸਪੈਕਟਰ ਸੁਖਪਾਲ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਪ੍ਰਦੀਪ ਅਗਰਵਾਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।