ਡੇਂਗੂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਨੈਸ਼ਨਲ ਸੈਕਟਰ ਬੋਰਨ ਡਜੀਜ ਕੰਟਰੋਲ ਪ੍ਰੋਗਰਾਮ ਅਧੀਨ ਜ਼ਿਲ੍ਹਾ ਫ਼ਿਰੋਜਪੁਰ ਦੇ ਸਮੂਹ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰਾਂ ਦੀ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਡਾ ਸੁਰਿੰਦਰ ਕੁਮਾਰ ਸਿਵਲ ਸਰਜਨ ਫ਼ਿਰੋਜਪੁਰ ਫ਼ਿਰੋਜਪੁਰ ਵੱਲੋਂ ਕੀਤੀ ਗਈ। ਉਨ੍ਹਾਂ ਮੀਟਿੰਗ ਵਿੱਚ ਆਏ ਸਮੂਹ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰਾਂ ਨੂੰ ਮਲੇਰੀਆ, ਡੇਂਗੂ ਅਤੇ ਚਿਕਨਗੁਨਿਆ ਬੁਖ਼ਾਰ ਦੀ ਰੋਕਥਾਮ ਅਤੇ ਬਚਾਓ ਲਈ ਗਤੀਵਿਧੀਆਂ ਤੇਜ਼ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਕਿ ਜੇਕਰ ਕਿਸੇ ਘਰ ਜਾਂ ਦਫ਼ਤਰ ਵਿੱਚ ਇਕੱਠੇ ਹੋਏ ਪਾਣੀ ਵਿੱਚ ਡੇਂਗੂ ਦਾ ਲਾਰਵਾ ਮਿਲਦਾ ਹੈ ਤਾਂ ਉਸ ਘਰ ਜਾਂ ਦਫ਼ਤਰ ਦੇ ਮੁਖੀ ਦਾ ਪੰਜਾਬ ਮਿਉਂਸਪਲ ਐਕਟ 1911 ਦੀ ਧਾਰਾ 211, 219 ਦੇ ਤਹਿਤ ਚਲਾਨ ਕਰਨ ਲਈ ਨਗਰ ਕੌਂਸਲ ਨੂੰ ਸੂਚਿਤ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਡੇਂਗੂ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਸਿਹਤ ਵਿਭਾਗ ਦੀ ਟੀਮ ਵੱਲੋਂ ਜ਼ਿਲ੍ਹਾ ਫ਼ਿਰੋਜਪੁਰ ਦੀ ਵੱਖ-ਵੱਖ ਥਾਵਾਂ ਦਾ ਸਰਵੇ ਕੀਤਾ ਜਾ ਰਿਹਾ ਹੈ। ਜਿਸ ਦੌਰਾਨ ਅੱਜ ਨਿਊ ਆਜ਼ਾਦ ਨਗਰ, ਗੋਲਡਨ ਐਨਕਲੇਵ ਆਦਿ ਏਰੀਆ ਦਾ ਦੌਰਾ ਕੀਤਾ ਗਿਆ। ਸਰਵੇ ਕਰਨ ਉਪਰੰਤ ਆਜ਼ਾਦ ਨਗਰ ਅਤੇ ਗੋਲਡਨ ਐਨਕਲੇਵ ਏਰੀਆ ਦੇ ਘਰਾਂ ਵਿਚੋਂ ਭਾਰੀ ਮਾਤਰਾ ਵਿੱਚ ਡੇਂਗੂ ਬਿਮਾਰੀ ਫੈਲਾਉਣ ਵਾਲਾ ਏਡੀਜ ਮੱਛਰ ਦਾ ਲਾਰਵਾ ਪਾਇਆ ਗਿਆ।
ਸਿਹਤ ਵਿਭਾਗ ਦੀ ਟੀਮ ਦੀ ਅਗਵਾਈ ਕਰਦੇ ਹੋਏ ਨਰਿੰਦਰ ਕੁਮਾਰ ਵੱਲੋਂ ਮੌਕੇ ਤੇ ਹੀ ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਨਾਲ ਤਾਲਮੇਲ ਕਰਕੇ ਸੁਖਪਾਲ ਸਿੰਘ ਸੈਨੇਟਰੀ ਇੰਸਪੈਕਟਰ ਦੁਆਰਾ ਪੰਜਾਬ ਮਿਂਉਂਸੀਪਲ ਐਕਟ 1911 ਦੀ ਧਾਰਾ 211, 219 ਦੇ ਤਹਿਤ ਸਬੰਧਿਤ ਘਰਾਂ ਦੇ ਮੁਖੀਆਂ ਨੂੰ ਚਲਾਨ ਕਰਵਾਇਆ ਗਿਆ। ਸਿਵਲ ਸਰਜਨ ਨੇ ਆਮ ਜਨਤਾ ਨੂੰ ਵੀ ਅਪੀਲ ਕੀਤੀ ਹੈ ਕਿ ਡੇਂਗੂ ਜਿਹੀ ਭਿਆਨਕ ਬਿਮਾਰੀ ਨੂੰ ਰੋਕਣ ਲਈ ਆਪਣੇ ਘਰਾਂ ਦੇ ਆਲ਼ੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿੱਤਾ ਜਾਵੇ ਅਤੇ ਸਾਫ਼ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ, ਜਿਸ ਨਾਲ ਮੱਛਰਾਂ ਦੀ ਪੈਦਾਵਾਰ ਤੇ ਰੋਕ ਲਗਾਈ ਜਾ ਸਕੇ। ਜੇਕਰ ਆਪ ਨੂੰ ਆਪਣੇ ਘਰ ਵਿੱਚ ਜਾਂ ਆਸ ਪਾਸ ਕੋਈ ਡੇਂਗੂ ਦਾ ਸੱਕੀ ਮਰੀਜ਼ ਲੱਗਦਾ ਹੈ ਤਾਂ ਉਸ ਦਾ ਬੈਕ-ਅਪ ਤੁਰੰਤ ਨਜ਼ਦੀਕੀ ਸਰਕਾਰੀ ਸਿਹਤ ਕੇਂਦਰ ਵਿੱਚ ਕਰਵਾਇਆ ਜਾਵੇ। ਡੇਂਗੂ ਦਾ ਟੈੱਸਟ ਅਤੇ ਸੁਪੋਰਟਿਵ ਇਲਾਜ ਸਿਵਲ ਹਸਪਤਾਲ ਫ਼ਿਰੋਜਪੁਰ ਵਿੱਚ ਸ਼ੁਲਕ ਕੀਤਾ ਜਾਂਦਾ ਹੈ। ਇਸ ਮੌਕੇ ਡਾ.ਮੀਨਾਕਸ਼ੀ ਢੀਂਗਰਾ ਜ਼ਿਲ੍ਹਾ ਐਪੀਡੀਮਾਲੋਜਿਸਟ, ਡਾ. ਯੁਵਰਾਜ ਨਾਰੰਗ ਜ਼ਿਲ੍ਹਾ ਐਪੀਡੀਮਾਲੋਜਿਸਟ, ਵਿਕਾਸ ਕਾਲੜਾ ਆਦਿ ਹਾਜ਼ਰ ਸਨ।