ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਅਗਵਾਈ ਵਿੱਚ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੀ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਰੀਵਿਊ ਮੀਟਿੰਗ ਕੀਤੀ ਗਈ। ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਇਸ ਯੋਜਨਾ ਤਹਿਤ ਦਿੱਤੀਆਂ ਜਾ ਰਹੀਆਂ ਵੱਖ ਵੱਖ ਸੇਵਾਵਾਂ ਦੀ ਜਾਣਕਾਰੀ ਹਾਸਲ ਕੀਤੀ।ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਹਾਤਮਾ ਗਾਂਧੀ ਸਰਬੱਤ ਯੋਜਨਾ ਤਹਿਤ ਹੁਣ ਤੱਕ ਜ਼ਿਲ੍ਹੇ ਦੇ 56,164 ਯੋਗ ਲਾਭਪਾਤਰੀਆਂ ਨੂੰ ਵੱਖ ਵੱਖ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਜਾ ਚੁੱਕਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਇਸ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਵੱਖ ਵੱਖ ਸਕੀਮਾਂ ਦਾ ਲਾਭ ਦੇਣਾ ਯਕੀਨੀ ਬਣਾਇਆ ਗਿਆ ਹੈ, ਇਸ ਦੇ ਤਹਿਤ ਸਮੇਂ ਸਮੇਂ ਤੇ ਵਿਸ਼ੇਸ਼ ਕੈਂਪ ਵੀ ਲਗਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਮਹੀਨੇ ਇੱਕ ਹੋਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ, ਜਿਸ ਵਿਚ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਨੂੰ ਸਕੀਮਾਂ ਦਾ ਲਾਭ ਦੇਣ ਲਈ ਮੌਕੇ ਤੇ ਵੱਖ ਵੱਖ ਵਿਭਾਗਾਂ ਵੱਲੋਂ ਕਾਊਂਟਰ ਲਗਾਏ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਯੋਗ ਲਾਭਪਾਤਰੀਆਂ ਨੂੰ ਲਾਭ ਦੇਣਾ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਆਪਣੇ-ਆਪਣੇ ਵਿਭਾਗ ਨਾਲ ਸਬੰਧਿਤ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਰਕਾਰੀ ਸਕੀਮਾਂ ਤੋਂ ਕਿਸੇ ਵੀ ਯੋਗ ਲਾਭਪਾਤਰੀ ਨੂੰ ਵਾਂਝਾ ਨਾ ਰਹਿਣ ਦਿੱਤਾ ਜਾਵੇ ਅਤੇ ਇਨ੍ਹਾਂ ਸਕੀਮਾਂ ਬਾਰੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਣੂੰ ਕਰਵਾਇਆ ਜਾਵੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰ: ਰਵਿੰਦਰਪਾਲ ਸਿੰਘ ਸੰਧੂ, ਸਹਾਇਕ ਕਮਿਸ਼ਨਰ ਸ੍ਰ: ਰਣਜੀਤ ਸਿੰਘ, ਸਕੱਤਰ ਜ਼ਿਲ੍ਹਾ ਪ੍ਰੀਸ਼ਦ ਸ੍ਰ: ਗੁਰਮੀਤ ਸਿੰਘ ਢਿੱਲੋਂ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।