ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 23 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੌਦੇ ਲਗਾਉਣ ਦੀ ਵਿਸ਼ਾਲ ਮੁਹਿੰਮ ਦਾ ਸੁਲਤਾਨਪੁਰ ਲੋਧੀ ਤੋਂ ਆਗਾਜ਼ ਕਰਨਗੇ। ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਸ. ਧਰਮਸੋਤ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਜਾਣ ਵਾਲੀ ਇਹ ਮੁਹਿੰਮ ਪੂਰੇ ਸੂਬੇ ਵਿਚ ਚੱਲੇਗੀ। ਉਨਾਂ ਕਿਹਾ ਕਿ ਅਸੀਂ ਬਹੁਤ ਭਾਗਾਂ ਵਾਲੇ ਹਾਂ, ਜਿਨਾਂ ਨੂੰ ਆਪਣੇ ਜੀਵਨ ਕਾਲ ਵਿਚ ਸ਼ਤਾਬਦੀ ਸਮਾਗਮਾਂ ਦਾ ਹਿੱਸਾ ਬਣਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨਾਂ ਕਿਹਾ ਕਿ ਪੌਦੇ ਲਗਾਉਣ ਦੀ ਮੁਹਿੰਮ ਤਹਿਤ ਸੂਬੇ ਦੇ ਹਰੇਕ ਪਿੰਡ ਵਿਚ 30 ਸਤੰਬਰ 2019 ਤੱਕ 550 ਪੌਦੇ ਲਗਾਏ ਜਾਣਗੇ। ਉਨਾਂ ਦੱਸਿਆ ਕਿ ਲਗਾਏ ਜਾਣ ਵਾਲੇ ਪੌਦਿਆਂ ਵਿਚ ਅਮਲਤਾਸ, ਆਮਲਾ, ਅਰਜੁਨ, ਬਹੇੜਾ, ਸਰਸ, ਬੋਹੜ, ਇਮਲੀ, ਜਾਮੁਨ, ਕਚਨਾਰ, ਨਿੰਮ, ਮੌਲਸਰੀ, ਟਾਹਲੀ, ਸੁਖਚੈਨ ਆਦਿ ਸ਼ਾਮਿਲ ਹਨ। ਉਨਾਂ ਕਿਹਾ ਕਿ ਇਸ ਮੌਕੇ ਬੱਚਿਆਂ ਨੂੰ ਇਕ ਪੌਦਾ ਅਪਣਾਉਣ ਅਤੇ ਉਸ ਦੀ ਦੇਖ-ਭਾਲ ਯਕੀਨੀ ਬਣਾਉਣ ਲਈ ਉਤਸ਼ਾਹਿਤ ਕੀਤਾ ਜਾਵੇਗਾ। ਉਨਾਂ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਪੰਜਾਬ ਦੇ ਵਾਤਾਵਰਨ ਨੂੰ ਹਰਿਆ-ਭਰਿਆ ਅਤੇ ਪ੍ਰਦੂਸ਼ਣ ਰਹਿਤ ਬਣਾਉਣਾ ਹੈ। ਉਨਾਂ ਸਮਾਜਿਕ, ਧਾਰਮਿਕ ਅਤੇ ਗੈਰ-ਸਰਕਾਰੀ ਸੰਸਥਾਵਾਂ ਤੋਂ ਇਲਾਵਾ ਪੰਚਾਇਤਾਂ, ਯੂਥ ਕਲੱਬਾਂ, ਸਕੂਲਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਨੂੰ ਸਫਲ ਕਰਨ ਲਈ ਆਪਣਾ ਯੋਗਦਾਨ ਦੇਣ। ਇਸ ਤੋਂ ਪਹਿਲਾਂ ਵਿਧਾਇਕ ਸੁਲਤਾਨਪੁਰ ਲੋਧੀ ਸ. ਨਵਤੇਜ ਸਿੰਘ ਚੀਮਾ, ਡਿਪਟੀ ਕਮਿਸ਼ਨਰ ਸ੍ਰੀ ਮੁਹੰਮਦ ਤਇਅਬ ਅਤੇ ਐਸ. ਐਸ ਪੀ ਸ੍ਰੀ ਸਤਿੰਦਰ ਸਿੰਘ ਨੇ ਇਸ ਪ੍ਰੋਗਰਾਮ ਸਬੰਧੀ ਜ਼ਿਲਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪ੍ਰਬੰਧਾਂ ਸਬੰਧੀ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ। ਇਸ ਮੌਕੇ ਡਵੀਜ਼ਨਲ ਜੰਗਲਾਤ ਅਫ਼ਸਰ ਸ੍ਰੀ ਵਿਕਰਮ ਸਿੰਘ ਕੁੰਦਰਾ, ਜੰਗਲਾਤ ਰੇਂਜ ਅਫ਼ਸਰ ਸ੍ਰੀ ਦਵਿੰਦਰ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।