ਜ਼ਿਲਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਅੱਜ ਸਰਦੂਲਗੜ੍ਹ ਵਿਖੇ ਮਹਾਤਮਾਂ ਗਾਂਧੀ ਸਰਬੱਤ ਵਿਕਾਸ ਯੋਜਨਾ ਦਿਵਸ ਮਨਾਇਆ ਗਿਆ, ਜਿਸ ਦੌਰਾਨ ਪਰਾਲੀ ਨਾ ਸਾੜਨ ਵਾਲੇ 50 ਕਿਸਾਨਾਂ ਨੂੰ ਵਧੀਕ ਡਿਪਟੀ ਕਮਿਸ਼ਨਰ (ਡੀ) ਗੁਰਮੀਤ ਸਿੱਧੂ ਵੱਲੋਂ ਪ੍ਰਸ਼ੰਸ਼ਾ ਪੱਤਰ ਦੇ ਕੇ ਸਨਮਾਨਿਆ ਗਿਆ।ਵਧੀਕ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਦੀ ਪ੍ਰਸ਼ੰਸ਼ਾ ਕਰਦਿਆਂ ਕਿਹਾ ਕਿ ਪਰਾਲੀ ਨੂੰ ਨਾ ਸਾੜ ਕੇ ਵਾਤਾਵਰਣ ਅਤੇ ਜ਼ਮੀਨ ਦੀ ਖੁਸ਼ਹਾਲੀ ਵਿਚ ਯੋਗਦਾਨ ਪਾਉਣ ਵਾਲੇ ਕਿਸਾਨਾਂ ਦੀ ਗਿਣਤੀ ਵਿਚ ਹੋ ਰਿਹਾ ਵਾਧਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨਿਰੰਤਰ ਕਿਸਾਨਾਂ ਨੂੰ ਜਾਗਰੂਕ ਕਰਨ ਵਿਚ ਅਹਿਮ ਰੋਲ ਨਿਭਾ ਰਿਹਾ ਹੈ।ਮੁੱਖ ਖੇਤੀਬਾੜੀ ਅਫ਼ਸਰ ਸ੍ਰ ਗੁਰਾਦਿੱਤਾ ਨੇ ਇਸ ਮੌਕੇ ਪਰਾਲੀ ਦੇ ਧੂੰਏ ਤੋਂ ਹੋਣ ਵਾਲੇ ਨੁਕਸਾਨ ਬਾਰੇ ਗੱਲ ਕਰਦਿਆਂ ਦੱਸਿਆ ਕਿ ਪਰਾਲੀ ਸਾੜਨ ਨਾਲ ਜਿੱਥੇ ਮਿੱਤਰ ਕੀੜੇ ਮਰ ਜਾਂਦੇ ਹਨ ਉੱਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਖ਼ਤਮ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਦੇ ਧੂੰਏਂ ਨਾਲ ਜਿੱਥੇ ਵਾਤਾਵਰਣ ਨੁਕਸਾਨਿਆ ਜਾਂਦਾ ਹੈ ਉੱਥੇ ਹੀ ਮਨੁੱਖੀ ਸਿਹਤ ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ।ਉਨ੍ਹਾਂ ਕਿਹਾ ਕਿ ਪਰਾਲੀ ਨੂੰ ਸਾੜਨ ਨਾਲ ਨਸ਼ਟ ਹੋਈ ਜ਼ਮੀਨ ਦੀ ਉਪਜਾਊ ਸ਼ਕਤੀ ਨਾਲ ਸਾਡੀ ਫਸਲ ਦੇ ਝਾੜ ਤੇ ਪ੍ਰਭਾਵ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਪਰਾਲੀ ਦੇ ਹੱਲ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ ਜਿਸ ਦਾ ਫ਼ਾਇਦਾ ਲੈਂਦਿਆਂ ਕੁਝ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਤੋਂ ਕਿਨਾਰਾ ਕਰਨ ਲੱਗੇ ਹਨ। ਉਨ੍ਹਾਂ ਕਿਹਾ ਕਿ ਇਸ ਤਰਾਂ ਦੇ ਪ੍ਰੋਗਰਾਮ ਉਲੀਕ ਕੇ ਹੀ ਕਿਸਾਨਾਂ ਨੂੰ ਸਰਕਾਰੀ ਸਕੀਮਾਂ ਅਤੇ ਪਰਾਲੀ ਤੋਂ ਹੋਣ ਵਾਲੇ ਨੁਕਸਾਨ ਸਬੰਧੀ ਜਾਗਰੂਕ ਕੀਤਾ ਜਾ ਸਕਦਾ ਹੈ ਤਾਂ ਜੋ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦੀ ਗਿਣਤੀ ਵਿਚ ਵਾਧਾ ਹੋ ਸਕੇ।ਉਨ੍ਹਾਂ ਦੱਸਿਆ ਕਿਸਾਨਾਂ ਨੂੰ ਪਰਾਲੀ ਦਾ ਢੁਕਵਾਂ ਹੱਲ ਕਰਨ ਲਈ ਸਰਕਾਰ ਵੱਲੋਂ ਹੈਪੀ ਸੀਡਰ, ਐਸ.ਐਮ.ਐਸ, ਚੌਪਰ-ਕਮ-ਸ਼ਰੈਡਰ, ਮਲਚਰ, ਜ਼ੀਰੋ ਡਰਿੱਲ ਅਤੇ ਐਮ.ਬੀ. ਮਸ਼ੀਨਾਂ ਲਈ 11 ਕਰੋੜ ਦੀ ਸਬਸਿਡੀ ਦਿੱਤੀ ਗਈ ਹੈ। ਇਸ ਮੌਕੇ ਐਸ.ਡੀ.ਐਮ. ਸ੍ਰੀ ਲਤੀਫ਼ ਅਹਿਮਦ ਖੇਤੀਬਾੜੀ ਵਿਭਾਗ ਦੇ ਅਧਿਕਾਰੀ, ਕਰਮਚਾਰੀ ਅਤੇ ਅਗਾਂਹਵਧੂ ਕਿਸਾਨਾਂ ਤੋਂ ਇਲਾਵਾ ਆਮ ਲੋਕ ਹਾਜ਼ਰ ਸਨ।