ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਲੁਧਿਆਣਾ ਸਮੂਹਿਕ ਜਬਰ ਜਨਾਹ ਮਾਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਹੈ ਕਿ ਕਮਿਸ਼ਨ ਵੱਲੋਂ ਇਸ ਮਾਮਲੇ ਦੀ ਜਾਂਚ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਇਸ ਮਾਮਲੇ ਦੇ ਹਰੇਕ ਦੋਸ਼ੀ ਨੂੰ ਸਲਾਖ਼ਾਂ ਪਿੱਛੇ ਪਹੁੰਚਾਇਆ ਜਾ ਸਕੇ। ਉਹ ਅੱਜ ਡੀ. ਐੱਸ. ਪੀ. ਦਾਖਾ ਦੇ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਸ੍ਰੀਮਤੀ ਗੁਲਾਟੀ ਨੇ ਕਿਹਾ ਕਿ ਉਨ੍ਹਾਂ ਨੇ ਇਸ ਮਾਮਲੇ ਸੰਬੰਧੀ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਕਰਕੇ ਅਜਿਹੇ ਮਾਮਲਿਆਂ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜਾ ਦਾ ਪ੍ਰਬੰਧ ਕਰਨ ਦੀ ਬੇਨਤੀ ਕੀਤੀ ਹੈ। ਉਨ੍ਹਾਂ ਇਸ ਮਾਮਲੇ ਵਿੱਚ ਲੁਧਿਆਣਾ (ਦਿਹਾਤੀ) ਪੁਲਿਸ ਵੱਲੋਂ ਸਾਰੇ 6 ਦੋਸ਼ੀਆਂ ਨੂੰ ਕਾਬੂ ਕਰਨ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਇਸ ਘਟਨਾ ਦੀ ਜਾਂਚ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਇਸ ਮਾਮਲੇ ਦੇ ਦੋਸ਼ੀ ਕਿਸੇ ਵੀ ਹੀਲੇ ਬਖ਼ਸ਼ੇ ਨਹੀਂ ਜਾਣਗੇ। ਉਨ੍ਹਾਂ ਨੇ ਇਸ ਪੂਰੇ ਮਾਮਲੇ ਸੰਬੰਧੀ ਜ਼ਿਲ੍ਹਾ ਪੁਲਿਸ ਮੁੱਖੀ ਸ੍ਰ. ਵਰਿੰਦਰ ਸਿੰਘ ਬਰਾੜ ਸਮੇਤ ਸਾਰੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨੂੰ ਕਮਿਸ਼ਨ ਵੱਲੋਂ ਬਹੁਤ ਹੀ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਪੰਜਾਬ ਸਰਕਾਰ ਨੂੰ ਕਿਹਾ ਗਿਆ ਹੈ ਕਿ ਅਜਿਹੇ ਅਪਰਾਧਾਂ ਨੂੰ ਨੱਥ ਪਾਉਣ ਲਈ ਸਖ਼ਤ ਕਦਮ ਉਠਾਏ ਜਾਣ। ਸ੍ਰੀਮਤੀ ਗੁਲਾਟੀ ਨੇ ਕਿਹਾ ਕਿ ਉਹ ਜਲਦ ਹੀ ਪੀੜਤਾ ਨਾਲ ਮਿਲਣਗੇ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਉਣਗੇ ਕਿ ਉਨ੍ਹਾਂ ਨੂੰ ਕਮਿਸ਼ਨ ਵੱਲੋਂ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪੁਲਿਸ ਮੁੱਖੀ ਸ੍ਰ. ਵਰਿੰਦਰ ਸਿੰਘ ਬਰਾੜ, ਡੀ. ਐੱਸ. ਪੀ. ਦਾਖਾ ਸ੍ਰੀਮਤੀ ਹਰਕੰਵਲ ਕੌਰ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀ ਵੀ ਹਾਜ਼ਰ ਸਨ।