ਡੇਅਰੀ ਵਿਕਾਸ ਵਿਭਾਗ ਵੱਲੋਂ ਘਰ-ਘਰ ਰੋਜ਼ਗਾਰ ਸਕੀਮ ਅਧੀਨ 178 ਡੇਅਰੀ ਯੂਨਿਟ ਸਥਾਪਤ ਕਰਵਾਉਣ ਲਈ ਵੱਖ-ਵੱਖ ਬੈਂਕਾਂ ਤੋਂ ਕਰੀਬ 06 ਕਰੋੜ 32 ਲੱਖ ਰੁਪਏ ਦੇ ਕਰਜ਼ੇ ਮੁਹੱਈਆ ਕਰਵਾਏ ਗਏ ਤਾਂ ਜੋ ਵੱਧ ਤੋਂ ਵੱਧ ਪੇਂਡੂ ਬੇਰੁਜ਼ਗਾਰ ਨੌਜਵਾਨ ਆਪਣੇ ਪੈਰਾਂ 'ਤੇ ਖੜ੍ਹੇ ਹੋ ਸਕਣ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ. ਜਸਪ੍ਰੀਤ ਸਿੰਘ ਆਈ.ਏ.ਐਸ. ਨੇ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨਾਂ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਮੱਛੀ ਪਾਲਣ ਦੇ ਧੰਦੇ ਵਿੱਚ ਬਹੁਤ ਸੰਭਾਵਨਾਵਾਂ ਹਨ ਇਸ ਲਈ ਪਿੰਡਾਂ ਦੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਧੰਦੇ ਨੂੰ ਅਪਣਾਉਣ ਲਈ ਉਤਸ਼ਾਹਤ ਕੀਤਾ ਜਾਵੇ ਤਾਂ ਜੋ ਪਿੰਡਾਂ ਦੇ ਲੋਕ ਆਪਣੀ ਆਰਥਿਕਤਾ ਵਿੱਚ ਮਜਬੂਤੀ ਲਿਆ ਸਕਣ।ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿਭਾਗ ਵੱਲੋਂ 153 ਕਿਸਾਨਾਂ ਨੂੰ 2 ਹਫਤੇ ਦੇ ਡੇਅਰੀ ਸਿਖਲਾਈ ਕੈਂਪ ਦੌਰਾਨ ਡੇਅਰੀ ਦੇ ਧੰਦੇ ਦੀ ਸਿਖਲਾਈ ਦਿੱਤੀ ਗਈ ਅਤੇ 07 ਇੱਕ ਰੋਜ਼ਾ ਦੁੱਧ ਉਤਪਾਦਕ ਜਾਗਰੂਕਤਾ ਕੈਂਪਾਂ ਦੌਰਾਨ 660 ਦੁੱਧ ਉਤਪਾਦਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਵਿਭਾਗ ਵੱਲੋਂ 29 ਵਿਅਕਤੀਆਂ ਨੂੰ ਡੇਅਰੀ ਉਦਮ ਸਿਖਲਾਈ ਦਾ ਕੋਰਸ ਕਰਵਾਇਆ ਗਿਆ।ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਵੱਲੋ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਦੁੱਧ ਖਪਤਕਾਰਾਂ ਨੂੰ ਜਾਗਰੂਕ ਕਰਨ ਵਾਸਤੇ ਵੱਖ-ਵੱਖ ਸ਼ਹਿਰਾਂ ਤੇ ਪਿੰਡਾਂ ਵਿੱਚ ਕੈਂਪ ਲਗਾ ਕੇ ਦੁੱਧ ਦੇ 991 ਸੈਂਪਲ ਵਿਭਾਗੀ ਮੋਬਾਇਲ ਲੈਬ ਰਾਹੀਂ ਚੈਕ ਕੀਤੇ ਗਏ ਜਿਨਾਂ ਵਿੱਚੋਂ 608 ਸੈਂਪਲ ਮਿਆਰ ਅਨੁਸਾਰ ਸਹੀ ਪਾਏ ਗਏ ਜਦੋਂ ਕਿ 383 ਸੈਂਪਲਾਂ ਵਿੱਚ ਪਾਣੀ ਦੀ ਮਿਲਾਵਟ ਪਾਈ ਗਈ। ਇਸ ਤੋਂ ਇਲਾਵਾ ਕਿਸੇ ਵੀ ਸੈਂਪਲ ਵਿੱਚ ਕੋਈ ਹਾਨੀਕਾਰਕ ਰਸਾਇਣ ਨਹੀਂ ਪਾਇਆ ਗਿਆ। ਉਨਾਂ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਅਜਿਹੇ ਕੈਂਪ ਲਗਾਤਾਰ ਲਗਾਏ ਜਾਣ ਤਾਂ ਜੋ ਦੁੱਧ ਖਪਤਕਾਰਾਂ ਨੂੰ ਸ਼ੁੱਧ ਦੁੱਧ ਮਿਲ ਸਕੇ ਅਤੇ ਮਿਲਾਵਟਖੋਰੀ ਨੂੰ ਨੱਥ ਪਾਈ ਜਾ ਸਕੇ।ਮੀਟਿੰਗ ਵਿੱਚ ਐਸ.ਡੀ.ਐਮ. ਫ਼ਤਹਿਗੜ ਸਾਹਿਬ ਡਾ. ਸੰਜੀਵ ਕੁਮਾਰ, ਐਸ.ਡੀ.ਐਮ. ਅਮਲੋਹ ਸ਼੍ਰੀ ਆਨੰਦ ਸਾਗਰ ਸ਼ਰਮਾ, ਐਸ.ਡੀ.ਐਮ. ਖਮਾਣੋਂ ਸ਼੍ਰੀ ਪਰਮਜੀਤ ਸਿੰਘ, ਐਸ.ਡੀ.ਐਮ. ਬਸੀ ਪਠਾਣਾ ਸ਼੍ਰੀ ਜਗਦੀਸ਼ ਸਿੰਘ ਜੋਹਲ, ਸਹਾਇਕ ਕਮਿਸ਼ਨਰ (ਜਨਰਲ) ਸ਼੍ਰੀ ਚਰਨਜੀਤ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਸ. ਹਰਪਾਲ ਸਿੰਘ ਤੇ ਡੇਅਰੀ ਵਿਕਾਸ ਇੰਸਪੈਕਟਰ ਸ. ਚਰਨਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।