ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸ਼ੁੱਧ ਅਤੇ ਮਿਲਾਵਟ ਰਹਿਤ ਭੋਜਨ ਪਦਾਰਥ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੇ ਗਏ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ 'ਕਮਿਸ਼ਨਰ ਫੂਡ ਐਂਡ ਡਰੱਗਜ਼ ਐਡਮਿਨਸਟ੍ਰੇਸ਼ਨ ਪੰਜਾਬ' ਸ. ਕਾਹਨ ਸਿੰਘ ਪੰਨੂੰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲੇ ਵਿਚ ਦੁੱਧ ਅਤੇ ਦੁੱਧ ਪਦਾਰਥਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਇਸੇ ਤਹਿਤ ਸਹਾਇਕ ਕਮਿਸ਼ਨਰ ਫੂਡ ਡਾ. ਹਰਜੋਤ ਪਾਲ ਸਿੰਘ ਅਤੇ ਫੂਡ ਸੇਫਟੀ ਅਫ਼ਸਰ ਸ. ਸਤਨਾਮ ਸਿੰਘ 'ਤੇ ਆਧਾਰਿਤ ਫੂਡ ਐਡਮਿਨੀਸਟ੍ਰੇਸ਼ਨ ਕਪੂਰਥਲਾ ਦੀ ਟੀਮ ਵੱਲੋਂ ਅੱਜ ਢਿਲਵਾਂ ਟੋਲ ਪਲਾਜ਼ਾ 'ਤੇ ਨਾਕਾ ਲਗਾ ਕੇ ਦੁੱਧ ਅਤੇ ਦੁੱਧ ਪਦਾਰਥ ਲਿਜਾ ਰਹੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਤੋਂ ਇਲਾਵਾ ਟੀਮ ਵੱਲੋਂ ਬੇਗੋਵਾਲ ਅਤੇ ਨਡਾਲਾ ਇਲਾਕੇ ਵਿਚ ਵਿਚ ਵੀ ਡੇਅਰੀਆਂ ਅਤੇ ਦੁਕਾਨਾਂ ਦੀ ਚੈਕਿੰਗ ਕਰਕੇ ਸੈਂਪਲ ਭਰੇ ਗਏ। ਇਸ ਦੌਰਾਨ ਟੀਮ ਵੱਲੋਂ ਕੁੱਲ 7 ਸੈਂਪਲ ਭਰੇ ਗਏ, ਜਿਨਾਂ ਵਿਚ ਦੁੱਧ, ਪਨੀਰ, ਦਹੀਂ, ਦੇਸੀ ਘਿਓ ਅਤੇ ਖੋਆ ਸ਼ਾਮਿਲ ਸਨ। ਡਾ. ਹਰਜੋਤ ਪਾਲ ਸਿੰਘ ਨੇ ਦੱਸਿਆ ਕਿ ਅੱਜ ਲਏ ਗਏ ਸੈਂਪਲ ਜਾਂਚ ਲਈ ਸਟੇਟ ਫੂਡ ਲੈਬਾਰਟਰੀ, ਖਰੜ ਭੇਜੇ ਜਾ ਰਹੇ ਹਨ। ਉਨਾਂ ਕਿਹਾ ਕਿ ਸੈਂਪਲ ਫੇਲ ਹੋਣ ਦੀ ਸੂਰਤ ਵਿਚ ਦੋਸ਼ੀਆਂ ਖਿਲਾਫ਼ ਫੂਡ ਸੇਫਟੀ ਐਕਟ ਤਹਿਤ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਲੋਕਾਂ ਨੂੰ ਸ਼ੁੱਧ ਅਤੇ ਉੱਚ ਕੁਆਲਿਟੀ ਦੇ ਭੋਜਨ ਪਦਾਰਥ ਮੁਹੱਈਆ ਕਰਵਾਉਣੇ ਯਕੀਨੀ ਬਣਾਉਣ ਲਈ ਇਹ ਚੈਕਿੰਗ ਮੁਹਿੰਮ ਲਗਾਤਾਰ ਜਾਰੀ ਰੱਖੀ ਜਾਵੇਗੀ।