'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਰਨਾਲਾ ਵੱਲੋਂ ਬਲਾਕ ਸ਼ਹਿਣਾ ਵਿੱਚ ਇੱਕ ਵਿਸ਼ੇਸ਼ ਮੁਹਿੰਮ ਚਲਾ ਕੇ ਖਾਦਾਂ ਅਤੇ ਕੀੜੇਮਾਰ ਦਵਾਈਆਂ ਦੇ ਸੈਂਪਲ ਲਏ ਗਏ ਤਾਂ ਜੋ ਬਾਜ਼ਾਰ 'ਚੋਂ ਨਕਲੀ ਅਤੇ ਗੈਰ ਮਿਆਰੀ ਉਤਪਾਦਾਂ ਦੀ ਵਿਕਰੀ ਨੂੰ ਰੋਕਿਆ ਜਾਵੇ। ਇਸ ਮੌਕੇ ਬਲਾਕ ਸ਼ਹਿਣਾ ਵਿੱਚ ਖੇਤੀਬਾੜੀ ਵਿਕਾਸ ਅਫ਼ਸਰ ਗੁਰਬਿੰਦਰ ਸਿੰਘ ਦੀ ਅਗਵਾਈ ਹੇਠ ਟੀਮ ਨੇ ਵੱਖ-ਵੱਖ ਦੁਕਾਨਾਂ ਵਿੱਚ ਉਪਲਬਧ ਖੇਤੀ ਰਸਾਇਣਾਂ ਤੇ ਦਵਾਈਆਂ ਦੀ ਜਾਂਚ ਕੀਤੀ ਅਤੇ ਕੀਟਨਾਸ਼ਕ ਦਵਾਈਆਂ ਦੇ 4 ਸੈਂਪਲ ਲਏ ਗਏ। ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਜਸਵਿੰਦਰਪਾਲ ਸਿੰਘ ਗਰੇਵਾਲ ਨੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦੌਰਾਨ ਇਕੱਠੇ ਕੀਤੇ ਗਏ ਸੈਂਪਲ ਟੈਸਟ ਕਰਨ ਲਈ ਗੁਪਤ ਰੂਪ 'ਚ ਲੈਬਾਰਟਰੀ ਨੂੰ ਭੇਜ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਕਿਸਾਨਾਂ ਨੂੰ ਮਿਆਰੀ ਖਾਦਾਂ, ਬੀਜ ਅਤੇ ਖੇਤੀਬਾੜੀ ਲਈ ਲੋੜੀਂਦੀਆਂ ਵਧੀਆ ਮਿਆਰੀ ਦਵਾਈਆਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਨਕਲੀ ਦਵਾਈਆਂ ਦੀ ਬਾਜ਼ਾਰ 'ਚ ਉਪਲਬਧਤਾ ਨਾਲ ਜਿੱਥੇ ਕਿਸਾਨਾਂ ਦਾ ਵਿੱਤੀ ਨੁਕਸਾਨ ਹੁੰਦਾ ਹੈ, ਉੱਥੇ ਹੀ ਇਹ ਗ਼ੈਰ ਮਿਆਰੀ ਵਸਤਾਂ ਜ਼ਮੀਨ ਦੀ ਸਿਹਤ ਦੇ ਨਾਲ-ਨਾਲ ਵਾਤਾਵਰਣ 'ਤੇ ਵੀ ਬਹੁਤ ਮਾੜਾ ਪ੍ਰਭਾਵ ਪਾਉਂਦੀਆਂ ਹਨ। ਉਨ੍ਹਾਂ ਦੱਸਿਆ ਕਿ ਤੰਦਰੁਸਤ ਪੰਜਾਬ ਮਿਸ਼ਨ ਅਧੀਨ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਦੀ ਜ਼ਮੀਨ ਦੀ ਸਿਹਤ ਠੀਕ ਰੱਖਣ ਦੇ ਨਾਲ-ਨਾਲ ਆਮ ਲੋਕਾਂ ਦੀ ਸਿਹਤ ਸੰਭਾਲ ਲਈ ਫ਼ਸਲਾਂ ਨੂੰ ਕੁਦਰਤੀ ਤਰੀਕੇ ਨਾਲ ਉਗਾਉਣ ਲਈ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਡਾ. ਜਸਵਿੰਦਰਪਾਲ ਸਿੰਘ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਜੈਵਿਕ ਖੇਤੀ ਨੂੰ ਹੁੰਗਾਰਾ ਦੇਣ, ਫਸਲੀ ਰਹਿੰਦ-ਖੂਹੰਦ ਦੇ ਯੋਗ ਪ੍ਰਬੰਧਨ ਬਾਰੇ, ਮਿੱਟੀ ਸਿਹਤ ਕਾਰਡ ਦੇ ਆਧਾਰ 'ਤੇ ਖਾਦਾਂ ਦੀ ਸੁਚੱਜੀ ਵਰਤੋਂ ਕਰਨ, ਖੇਤੀ ਵਸਤਾਂ ਦੀ ਲੋੜ ਅਨੁਸਾਰ ਖਰੀਦ ਕਰਕੇ ਖੇਤੀ ਖਰਚੇ ਘਟਾ ਕੇ ਵਧੇਰੇ ਮੁਨਾਫ਼ਾ ਲੈਣ, ਘਰੇਲੂ ਬਗੀਚੀ ਨੂੰ ਉਤਸ਼ਾਹਤ ਕਰਨ ਦੇ ਮੰਤਵ ਨਾਲ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਾਉਣੀ ਦੀਆਂਫਸਲਾਂ ਖ਼ਾਸ ਕਰਕੇ ਝੋਨੇ ਅਤੇ ਮੱਕੀ ਦੀ ਕਾਸ਼ਤ, ਖ਼ਤਰਨਾਕ ਕੀੜੇ-ਮਕੌੜਿਆਂ ਤੋਂ ਫ਼ਸਲ ਦੇ ਬਚਾਅ ਅਤੇ ਖੇਤੀ 'ਚ ਨਿੱਤ ਨਵੀਂਆਂ ਆ ਰਹੀਆਂ ਤਕਨੀਕਾਂ ਦੀ ਵਰਤੋਂ ਬਾਰੇ ਵੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ।