ਡਿਪਟੀ ਕਮਿਸ਼ਨਰ ਵਿਪੁਲ ਉਜਵਲ ਦੀ ਅਗਵਾਈ ਹੇਠ 'ਮਿਸ਼ਨ ਤੰਦਰੁਸਤ ਪੰਜਾਬ ' ਮੁਹਿੰਮ ਤਹਿਤ ਜਿਲੇ ਅੰਦਰ ਡੇਅਰੀਆਂ, ਮਠਿਆਈ ਤੇ ਕਰਿਆਨੇ ਆਦਿ ਦੁਕਾਨਾਂ ਦੀ ਚੈਕਿੰਗ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਅੱਜ ਗੁਰਦਾਸਪੁਰ ਜਿਲੇ ਦੇ ਕਸਬੇ ਕਾਦੀਆਂ ਤੇ ਵਡਾਲਾ ਗ੍ਰੰਥੀਆਂ ਵਿਖੇ ਡੇਅਰੀਆਂ ਤੇ ਮਠਿਆਈ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ ਤੇ 10 ਸੈਂਪਲ ਭਰੇ ਗਏ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਅਮਨਦੀਪ ਸਿੰਘ ਜਿਲਾ ਸਿਹਤ ਅਫਸਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਵਲੋਂ ਡੇਅਰੀਆਂ ਆਦਿ ਦੀ ਚੈਕਿੰਗ ਕੀਤੀ ਗਈ, ਜਿਸ ਵਿਚ 3 ਸੈਂਪਲ ਦੁੱਧ ਦੇ, 3 ਦਹੀ ਦੇ , 2 ਦੇਸੀ ਘਿਓ ਦੇ, 1 ਮਿਲਕ ਕੇਕ ਦਾ ਅਤੇ 1 ਪਨੀਰ ਦਾ ਸੈਂਪਲ ਭਰਿਆ ਗਿਆ, ਜਿਨਾਂ ਨੂੰ ਖਰੜ ਦੀ ਲੈਬਾਰਟਰੀ ਵਿਖੇ ਚੈੱਕ ਕਰਨ ਲਈ ਭੇਜ ਦਿੱਤਾ ਗਿਆ ਹੈ।ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਖਾਣਯੋਗ ਪਦਾਰਥਾਂ ਦੀ ਸੁਰੱਖਿਆ ਬਾਰੇ ਜਾਗਰੂਕ ਕਰਨਾ ਅਤੇ ਖੁਰਾਕ ਸੁਰੱਖਿਆ ਕਾਨੂੰਨ ਨੂੰ ਖਾਸਕਰਕੇ ਦੁੱਧ ਅਤੇ ਦੁੱਧ ਪਦਾਰਥਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਅਸਰਦਾਰ ਤਰੀਕੇ ਨਾਲ ਲਾਗੂ ਕੀਤਾ ਜਾ ਰਿਹਾ ਹੈ ਤੇ ਜਿਲੇ ਅੰਦਰ ਨਕਲੀ ਦਵਾਈਆਂ ਵੇਚਣ ਵਾਲੇ ਤੇ ਦੁੱਧ ਤੇ ਦੁੱਧ ਪਦਾਰਥ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਨਿਰੰਤਰ ਜਾਰੀ ਰਹੇਗੀ।