ਹਲਕਾ ਫ਼ਤਹਿਗੜ੍ਹ ਸਾਹਿਬ ਨੂੰ ਸੂਬੇ ਦੇ ਨਮੂਨੇ ਦੇ ਹਲਕੇ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ ਤੇ ਇਸ ਹਲਕੇ ਦਾ ਮਿਸਾਲੀ ਵਿਕਾਸ ਕਰਵਾਇਆ ਜਾ ਰਿਹਾ ਹੈ। ਇਥੋਂ ਦੇ ਨਾਗਰਿਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਹਲਕੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਥਾਨਕ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਬ੍ਰਾਹਮਣ ਮਾਜਰਾ ਵਾਰਡ ਨੰ: 4 ਸਰਹਿੰਦ ਵਿਖੇ ਇੰਟਰਲਾਕਿੰਗ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਮੌਕੇ ਕੀਤਾ।ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਇਸ ਹਲਕੇ ਦੇ ਵਿਕਾਸ ਲਈ 400 ਕਰੋੜ ਰੁਪਏ ਤੋਂ ਵੱਧ ਖਰਚ ਕੀਤੇ ਜਾ ਰਹੇ ਹਨ, ਜਿਸ ਤਹਿਤ ਕਈ ਪ੍ਰੋਜੈਕਟ ਪੂਰੇ ਹੋ ਚੁੱਕੇ ਹਨ ਤੇ ਬਾਕੀ ਸਬੰਧੀ ਕੰਮ ਜੰਗੀ ਪੱਧਰ ਉਤੇ ਜਾਰੀ ਹੈ। ਸ. ਨਾਗਰਾ ਨੇ ਕਿਹਾ ਕਿ ਬ੍ਰਾਹਮਣ ਮਾਜਰਾ ਦੇ ਵਾਰਡ ਨੰਬਰ 4 ਵਿਖੇ ਇੰਟਰਲਾਕਿੰਗ ਟਾਈਲਾਂ ਲਗਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਲੋਕਾਂ ਨੂੰ ਆਵਾਜਾਈ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਉਨ੍ਹਾਂ ਕਿਹਾ ਕਿ ਲੋਕਾਂ ਨਾਲ ਜੋ ਵੀ ਵਾਅਦੇ ਕੀਤੇ ਗਏ ਹਨ, ਉਹ ਪੜਾਅਵਾਰ ਪੂਰੇ ਕੀਤੇ ਜਾ ਰਹੇ ਹਨ।ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਦਿਨ ਰਾਤ ਇਕ ਕਰ ਕੇ ਕੰਮ ਕਰ ਰਹੀ ਅਤੇ ਇਸੇ ਲੜੀ ਤਹਿਤ ਹਲਕੇ ਦਾ ਵਿਕਾਸ ਜੰਗੀ ਪੱਧਰ 'ਤੇ ਜਾਰੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਵਿਕਾਸ ਕਾਰਜਾਂ ਦੇ ਮਿਆਰ ਸਬੰਧੀ ਉਹ ਖੁਦ ਵੀ ਨਜ਼ਰ ਰੱਖਣ, ਜਿਥੇ ਕਿਤੇ ਕੋਈ ਕਮੀ ਨਜ਼ਰ ਆਉਂਦੀ ਹੈ, ਉਹ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੇ ਮਿਆਰ ਸਬੰਧੀ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਇਸ ਮੌਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਸ਼੍ਰੀ ਸੁਭਾਸ਼ ਸੂਦ, ਸੀਨੀਅਰ ਮੀਤ ਪ੍ਰਧਾਨ ਚਰਨਜੀਵ ਚੰਨਾ, ਆਰ.ਐਨ. ਸ਼ਰਮਾ, ਅਸ਼ੋਕ ਸੂਦ, ਵਾਰਡ ਦੇ ਕੌਂਸਲਰ ਜਗਜੀਤ ਸਿੰਘ ਕੋਕੀ, ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਕਾਰਜਕਾਰੀ ਪ੍ਰਧਾਨ ਸ਼੍ਰੀ ਪਵਨ ਕਾਲੜਾ, ਜ਼ਿਲ੍ਹਾ ਪ੍ਰੈਸ ਇੰਚਾਰਜ ਪਰਮਵੀਰ ਸਿੰਘ ਟਿਵਾਣਾ, ਕੌਂਸਲਰ ਨਰਿੰਦਰ ਕੁਮਾਰ ਪ੍ਰਿੰਸ, ਹਨੀ ਭਾਰਦਵਾਜ, ਰਾਜੂ ਅਦਿੱਤੀ, ਗੋਗੀ ਮਿਆਨ, ਕਰਮਚੰਦ, ਰਤਨ ਗਿੱਲ, ਮਕਬੂਲ ਟੇਲਰ, ਸੁਖਦੇਵ ਸਿੰਘ, ਸਮਸ਼ੇਰ ਸਿੰਘ, ਦੀਪਕ ਧੀਮਾਨ, ਜਸਮੇਲ ਪ੍ਰਧਾਨ, ਰਣਜੀਤ ਸਿੰਘ ਪਿੱਲੀ, ਨਿਰਭੈ ਸਿੰਘ, ਰਾਜ ਭਾਰਦਵਾਜ, ਗੋਗਾ ਭਾਰਦਵਾਜ, ਡਾ. ਸੋਨੀ ਨਰਪਣ ਅਤੇ ਤਰਸੇਮ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।