ਖੇਡਾਂ ਜੀਵਨ ਨੂੰ ਤੰਦਰੁਸਤ ਰੱਖਣ ਵਿੱਚ ਸਭ ਤੋਂ ਵੱਧ ਸਹਾਈ ਹੁੰਦੀਆਂ ਹਨ। ਇਸ ਲਈ ਨੌਜਵਾਨਾਂ ਨੂੰ ਅਰੋਗ ਜ਼ਿੰਦਗੀ ਜਿਊਣ ਲਈ ਖੇਡਾਂ ਨੂੰ ਆਪਣੀ ਜ਼ਿੰਦਗੀ ਦਾ ਅਨਿਖੜਵਾਂ ਅੰਗ ਬਨਾਉਣਾ ਚਾਹੀਦਾ ਹੈ। ਇਕ ਚੰਗਾ ਖਿਡਾਰੀ ਜਿਥੇ ਆਪਣੇ ਮਾਂ ਪਿਓ ਦਾ ਨਾਂ ਰੌਸ਼ਨ ਕਰਦਾ ਹੈ, ਉਥੇ ਉਹ ਸੂਬੇ ਅਤੇ ਦੇਸ਼ ਦਾ ਮਾਣ ਵੀ ਹੁੰਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੇਂਡੂ ਵਿਕਾਸ ਅਤੇ ਪੰਚਾਇਤਾਂ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਅਤੇ ਉਚੇਰੀ ਸਿੱਖਿਆ ਬਾਰੇ ਮੰਤਰੀ, ਪੰਜਾਬ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਸੰਘੋਲ ਸਥਿਤ ਕੋਰਡੀਆ ਗਰੁੱਪ ਆਫ਼ ਇੰਸਟੀਟਿਊਟਸ ਵਿਖੇ ਕੋਰਡੀਆ ਫੁਟਬਾਲ ਅਕੈਡਮੀ ਵੱਲੋਂ ਕਰਵਾਏ ਜਾਣ ਵਾਲੇ ਦੋ ਰੋਜ਼ਾ ਫੁਟਬਾਲ ਟੂਰਨਾਮੈਂਟ ਅਤੇ ਕੋਰਡੀਆ ਫੁਟਬਾਲ ਅਕੈਡਮੀ ਕੰਪਲੈਕਸ ਦਾ ਉਦਘਾਟਨ ਕਰਨ ਮੌਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।ਉਚੇਰੀ ਸਿੱਖਿਆ ਬਾਰੇ ਮੰਤਰੀ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ ਤਾਂ ਜੋ ਸੂਬੇ ਦੇ ਨੌਜਵਾਨ ਖੇਡਾਂ ਵੱਲ ਪ੍ਰੇਰਤ ਹੋ ਕੇ ਸੂਬੇ ਦਾ ਨਾਂ ਰੌਸ਼ਨ ਕਰ ਸਕਣ।ਉਨ੍ਹਾਂ ਇਸ ਮੌਕੇ ਕੋਰਡੀਆ ਗਰੁੱਪ ਆਫ਼ ਇੰਸਟੀਟਿਊਟਸ ਦੇ ਪ੍ਰਬੰਧਕਾਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਕੋਰਡੀਆ ਫੁਟਬਾਲ ਅਕੈਡਮੀ ਦਾ ਇਥੇ ਪੜ੍ਹ ਰਹੇ ਨੌਜਵਾਨਾਂ ਨੂੰ ਵੱਡਾ ਲਾਭ ਹੋਵੇਗਾ।ਉਹ ਆਪਣੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਇਸ ਅਕੈਡਮੀ ਵਿੱਚ ਖੇਡ ਸਕਣਗੇ।ਇਸ ਮੌਕੇ ਹਲਕਾ ਵਿਧਾਇਕ ਸ. ਗੁਰਪ੍ਰੀਤ ਸਿੰਘ ਜੀ.ਪੀ. ਨੇ ਕੋਰਡੀਆ ਗਰੁੱਪ ਆਫ਼ ਇੰਸਟੀਟਿਊਟਸ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਇਹ ਸੰਸਥਾ ਜਿੱਥੇ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰ ਰਹੀ ਹੈ, ਉਥੇ ਇਸ ਸੰਸਥਾ ਵਿੱਚ ਖੇਡਾਂ ਵੱਲ ਵੀ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ।ਕੋਰਡੀਆ ਗਰੁੱਪ ਆਫ਼ ਇੰਸਟੀਟਿਊਟਸ ਦੇ ਚੇਅਰਮੈਨ ਦਲਜੀਤ ਰਾਣਾ ਨੇ ਦੱਸਿਆ ਕਿ ਇਸ ਦੋ ਰੋਜ਼ਾ ਫੁਟਬਾਲ ਟੂਰਨਾਮੈਂਟ ਵਿੱਚ ਲੜਕੇ ਅਤੇ ਲੜਕੀਆਂ ਦੀਆਂ 22 ਟੀਮਾਂ ਭਾਗ ਲੈ ਰਹੀਆਂ ਹਨ। ਖੇਡਾਂ ਨੂੰ ਉਤਸ਼ਾਹਤ ਕਰਨ ਲਈ ਇਹ ਸੰਸਥਾ ਹਰ ਸੰਭਵ ਯਤਨ ਕਰ ਰਹੀ ਹੈ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਚੇਅਰਮੈਨ ਸ਼੍ਰੀ ਸੁਭਾਸ਼ ਸੂਦ, ਅਕੈਡਮੀ ਡਾਇਰੈਕਟਰ ਚਰਨਜੀਤ ਸਿੰਘ ਗਿੱਲ, ਕੈਂਪਸ ਮੁਖੀ ਕਰਨਲ ਡੀ.ਐਸ.ਰੁਪਾਲ ਸਮੇਤ ਹੋਰ ਸਟਾਫ ਮੈਂਬਰ ਤੇ ਪਤਵੰਤੇ ਵੀ ਮੌਜੂਦ ਸਨ।