ਜ਼ਿਲੇ ਵਿਚ ‘ਬੇਟੀ ਬਚਾਓ ਬੇਟੀ ਪੜਾਓ’ ਮੁਹਿੰਮ ਨੂੰ ਸਿਖਰ ’ਤੇ ਪਹੁੰਚਾਇਆ ਜਾਵੇ-ਅਵਤਾਰ ਸਿੰਘ ਭੁੱਲਰ
‘ਬੇਟੀ ਬਚਾਓ ਬੇਟੀ ਪੜਾਓ’ ਯੋਜਨਾ ਤਹਿਤ ਜ਼ਿਲਾ ਪੱਧਰੀ ਟਾਸਕ ਫੋਰਸ ਦੀ ਮੀਟਿੰਗ
5 Dariya News
5 Dariya News
ਕਪੂਰਥਲਾ , 09 Oct 2019
Last updated on: Oct 09, 2019, 00:00 IST
‘ਬੇਟੀ ਬਚਾਓ ਬੇਟੀ ਪੜਾਓ’ ਸਕੀਮ ਤਹਿਤ ਜ਼ਿਲਾ ਟਾਸਕ ਫੋਰਸ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਹੋਈ। ਇਸ ਮੌਕੇ ਇਸ ਸਕੀਮ ਤਹਿਤ ਕੀਤੇ ਗਏ ਕਾਰਜਾਂ ਦੀ ਸਮੀਖਿਆ ਕੀਤੀ ਗਈ ਅਤੇ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਯੋਜਨਾਬੰਦੀ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ. ਅਵਤਾਰ ਸਿੰਘ ਭੁੱਲਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਉਨਾਂ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ‘ਬੇਟੀ ਬਚਾਓ ਬੇਟੀ ਪੜਾਓ’ ਮੁਹਿੰਮ ਨੂੰ ਸਿਖਰ ’ਤੇ ਪਹੁੰਚਾਇਆ ਜਾਣਾ ਚਾਹੀਦਾ ਹੈ। ਉਨਾਂ ਕਿਹਾ ਕਿ ਅਸੀਂ ਵਡਭਾਗੇ ਹਾਂ, ਜਿਨਾਂ ਨੂੰ ਆਪਣੀ ਜ਼ਿੰਦਗੀ ਵਿਚ ਇਸ ਦਿਹਾੜੇ ਦਾ ਗਵਾਹ ਬਣਨ ਦਾ ਸੁਭਾਗ ਪ੍ਰਾਪਤ ਹੋਣ ਜਾ ਰਿਹਾ ਹੈ। ਇਸ ਲਈ ਜ਼ਰੂਰੀ ਹੈ ਕਿ ਔਰਤਾਂ ਦੇ ਸਨਮਾਨ ਪ੍ਰਤੀ ਅਸੀਂ ਆਪਣੀ ਜਿੰਮੇਵਾਰੀ ਵਧੀਆ ਢੰਗ ਨਾਲ ਨਿਭਾਈਏ ਅਤੇ ਜ਼ਿਲੇ ਵਿਚ ‘ਬੇਟੀ ਬਚਾਓ ਬੇਟੀ ਪੜਾਓ’ ਸਕੀਮ ਤਹਿਤ ਵਿੱਢੀ ਗਈ ਮੁਹਿੰਮ ਨੂੰ ਸਿਖਰ ’ਤੇ ਪਹੁੰਚਾਈਏ। ਉਨਾਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਹਦਾਇਤ ਕੀਤੀ ਕਿ ਸਿਹਤ, ਸਿੱਖਿਆ, ਕਾਨੂੰਨੀ ਅਥਾਰਟੀ, ਪੰਚਾਇਤ ਅਤੇ ਹੋਰਨਾਂ ਵਿਭਾਗਾਂ ਦੇ ਸਹਿਯੋਗ ਨਾਲ ਸ਼ਤਾਬਦੀ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਦੇ ਉਪਰਾਲੇ ਕੀਤੇ ਜਾਣ। ਇਸ ਦੌਰਾਨ ਜ਼ਿਲਾ ਪ੍ਰਸ਼ਾਸਨ ਵੱਲੋਂ ਸ਼ੁਰੂ ਕੀਤੀ ਗਈ ‘ਬੀਬੀਆਂ ਦੀ ਆਪਣੀ ਦੁਕਾਨ’ ਦੇ ਸ਼ਤਾਬਦੀ ਸਮਾਗਮਾਂ ਮੌਕੇ ਸੁਲਤਾਨਪੁਰ ਲੋਧੀ ਵਿਖੇ ਸਟਾਲ ਲਗਾਏ ਜਾਣ ਦਾ ਫ਼ੈਸਲਾ ਵੀ ਕੀਤਾ ਗਿਆ।ਇਸ ਮੌਕੇ ਜ਼ਿਲਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਸਨੇਹ ਲਤਾ ਨੇ ਬੀਤੇ ਸਮੇਂ ਦੌਰਾਨ ‘ਬੇਟੀ ਬਚਾਓ, ਬੇਟੀ ਪੜਾਓ’ ਸਕੀਮ ਤਹਿਤ ਜ਼ਿਲੇ ਵਿਚ ਕੀਤੇ ਗਏ ਵੱਖ-ਵੱਖ ਕੰਮਾਂ ਅਤੇ ਪ੍ਰਾਪਤੀਆਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ। ਉਨਾਂ ਦੱਸਿਆ ਕਿ ਇਸ ਯੋਜਨਾ ਤਹਿਤ ਪਿੰਡਾਂ ਵਿਚ ਪੰਚਾਇਤ ਮੀਟਿੰਗਾਂ ਕਰਕੇ ਲੜਕੀਆਂ ਦੇ ਜਨਮ ਦਿਨ ਮਨਾਉਣ, ਉਨਾਂ ਦੇ ਜਨਮ ਦਿਨ ’ਤੇ ਰੁੱਖ ਲਗਾਉਣੇ, ਨਵਜੰਮੀਆਂ ਲੜਕੀਆਂ ਦੀ ਲੋਹੜੀ ਮਨਾਉਣੀ, ਗਰਲ ਚਾਈਲਡ ਡੇਅ ਮਨਾਉਣ ਆਦਿ ਵਰਗੀਆਂ ਗਤੀਵਿਧੀਆਂ ਕੀਤੀਆਂ ਗਈਆਂ ਹਨ। ਉਨਾਂ ਦੱਸਿਆ ਕਿ ਇਸ ਯੋਜਨਾ ਨੂੰ ਵਧੀਆ ਢੰਗ ਨਾਲ ਲਾਗੂ ਕਰਨ ਕਰਕੇ ਜ਼ਿਲੇ ਵਿਚ ਿਗ ਅਨੁਪਾਤ ਵਿਚ ਵੱਡਾ ਸੁਧਾਰ ਹੋਇਆ ਹੈ। ਉਨਾਂ ਦੱਸਿਆ ਕਿ ਕਪੂਰਥਲਾ ਜ਼ਿਲੇ ਵਿਚ 2011 ਦੀ ਜਨਗਣਨਾ ਅਨੁਸਾਰ 0 ਤੋਂ 6 ਸਾਲ ਦੇ ਬੱਚਿਆਂ ਦਾ ਅਨੁਪਾਤ 871/1000 ਸੀ, ਜੋ ਕਿ 2018-19 ਤੱਕ ਵੱਧ ਕੇ 957/1000 ਹੋ ਗਿਆ ਹੈ, ਜੋ ਕਿ ਜ਼ਿਲੇ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਇਸ ਯੋਜਨਾ ਨੂੰ ਹੋਰ ਬਿਹਤਰ ਢੰਗ ਨਾਲ ਲਾਗੂ ਕਰਨ ਸਬੰਧੀ ਹਾਜ਼ਰ ਅਧਿਕਾਰੀਆਂ ਦੇ ਸੁਝਾਅ ਵੀ ਲਏ ਗਏ।ਇਸ ਮੌਕੇ ਐਸ. ਡੀ. ਐਮ ਕਪੂਰਥਲਾ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ, ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ, ਸਕੱਤਰ ਜ਼ਿਲਾ ਪ੍ਰੀਸ਼ਦ ਸ੍ਰੀ ਗੁਰਦਰਸ਼ਨ ਲਾਲ ਕੁੰਡਲ, ਡੀ. ਐਮ. ਸੀ ਡਾ. ਆਸ਼ਾ ਮਾਂਗਟ, ਐਸ. ਐਮ. ਓ ਡਾ. ਰੀਟਾ ਬਾਲਾ, ਜ਼ਿਲਾ ਸਿੱਖਿਆ ਅਫ਼ਸਰ (ਸ) ਸ. ਮੱਸਾ ਸਿੰਘ ਸਿੱਧੂ, ਸੀ. ਡੀ. ਪੀ. ਓ ਸ੍ਰੀਮਤੀ ਨਿਤਾਸ਼ਾ ਸਾਗਰ, ਸ. ਬਲਵਿੰਦਰਜੀਤ ਸਿੰਘ ਤੇ ਸ੍ਰੀ ਰਾਜੀਵ ਢਾਂਡਾ, ਡਾ. ਚੰਦਰ ਕਾਂਤਾ ਤੇ ਸ੍ਰੀ ਗਗਨਦੀਪ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।